ਚੰਡੀਗੜ੍ਹ: ਏਅਰਪੋਰਟ ਰੋਡ ’ਤੇ ਸੈਕਟਰ 48-49 ਨੇੜੇ ਕਿਸਾਨਾਂ ਦਾ ਵੱਡਾ ਇਕੱਠ 1 ਸਤੰਬਰ ਤੋਂ
*ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਸਾਨਾਂ ਨੂੰ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਕੀਤੀ ਅਪੀਲ*
ਬਲਵਿੰਦਰ ਸਿੰਘ ਧਾਲੀਵਾਲ / ਪ੍ਰਦੀਪ ਸਿੰਘ
ਸੁਲਤਾਨਪੁਰ ਲੋਧੀ: 26 ਅਗਸਤ 2026 ਪੰਜਾਬ ਦੀਆਂ ਭਖਦੀਆਂ ਮੰਗਾਂ ਅਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ 1 ਸਤੰਬਰ ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਿਸਾਨ ਸਭਾ ਵੀ ਇਸ ਸੰਘਰਸ਼ ਵਿੱਚ ਆਪਣੀ ਪੂਰੀ ਤਾਕਤ ਨਾਲ ਸ਼ਮੂਲੀਅਤ ਕਰ ਰਹੀ ਹੈ।
ਇਸ ਸਬੰਧੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ ਜਿਲ੍ਹਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ, ਤਰਲੋਚਨ ਸਿੰਘ ਭਬਿਆਣਾ ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਗਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਲੈਂਡ ਪੂਲਿੰਗ ਸਮੇਤ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਸਰਕਾਰਾਂ ’ਤੇ ਦਬਾਅ ਬਣਾਉਣਾ ਸਮੇਂ ਦੀ ਲੋੜ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਮਝੌਤਿਆਂ ਨੂੰ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਡਾ. ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਵਰਗੀਆਂ ਮੰਗਾਂ ’ਤੇ ਸਰਕਾਰਾਂ ਨੂੰ ਤੁਰੰਤ ਫ਼ੈਸਲੇ ਕਰਨੇ ਚਾਹੀਦੇ ਹਨ।
ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਆਪਣੇ ਸਾਥੀਆਂ ਨਾਲ ਸਾਂਝੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਜਥੇਬੰਦੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਇਸ ਸੰਘਰਸ਼ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟਤਾ ਨਾਲ ਸੰਘਰਸ਼ ਕਰਨਾ ਹੀ ਸਭ ਤੋਂ ਵੱਡੀ ਤਾਕਤ ਹੈ।
ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ 3 ਸਤੰਬਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਜਥੇਬੰਦੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਅਤੇ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਤਿਆਰੀਆਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਜਸਵਿੰਦਰ ਸਿੰਘ ਟਿੱਬਾ, ਨਰਿੰਦਰਜੀਤ ਸਿੰਘ ਠੱਟਾ, ਹਰਜਿੰਦਰ ਸਿੰਘ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ , ਰਾਜਵੀਰ ਤੇ ਜਗਜੀਤ ਸਿੰਘ ਬੱਗਾ ਸਰਪੰਚ ਅਮਰਕੋਟ, ਮਾਸਟਰ ਸ਼ਿੰਗਾਰ ਸਿੰਘ, ਮਹਿੰਦਰ ਸਿੰਘ ਮੌਖੇ, ਜਗਜੀਤ ਸਿੰਘ ਬਿਧੀਪੁਰ, ਸੁਖਵਿੰਦਰ ਸਿੰਘ ਸ਼ਹਿਰੀ , ਅਜੀਤ ਸਿੰਘ ਔਜਲਾ, ਜਗਰੂਪ ਸਿੰਘ ਮੋਖੇ, ਕੁਲਦੀਪ ਸਿੰਘ ਡਿਪਟੀ, ਮਹਿੰਗਾ ਸਿੰਘ ਠੱਟਾ, ਮੇਜਰ ਸਿੰਘ ਚੱਕ ਕੋਟਲਾ, ਸੁਖਦੇਵ ਸਿੰਘ , ਕਾਮਰੇਡ ਸੁਰਜੀਤ ਸਿੰਘ ਠੱਟਾ , ਪਿਆਰਾ ਸਿੰਘ ਠੱਟਾ ਆਦਿ ਹਾਜ਼ਰ ਸਨ।
- Download Babushahi App
-
-