MP ਅੰਮ੍ਰਿਤਪਾਲ ਦੇ ਪਿਤਾ ਨੇ ਚੰਨੀ ਦੀ ਕੀਤੀ ਤਾਰੀਫ਼, ਸਾਬਕਾ ਮੁੱਖ ਮੰਤਰੀ ਵੱਲੋਂ ਧੰਨਵਾਦ
ਚੰਡੀਗੜ੍ਹ, 27 ਅਗਸਤ 2026: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨ ਦੀ ਸ਼ਲਾਘਾ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਚੰਨੀ ਨੇ ਕਈ ਮੌਕਿਆਂ ’ਤੇ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿੱਚ ਗੱਲ ਕੀਤੀ ਹੈ।
ਤਰਸੇਮ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਵੀ ਚੰਨੀ ਨੇ ਹਿੰਮਤ ਨਾਲ ਆਪਣੇ ਲੋਕਾਂ ਦੀ ਡਟ ਕੇ ਹਮਾਇਤ ਕੀਤੀ ਸੀ। ਇਸ ਤੋਂ ਇਲਾਵਾ ਸੰਸਦ ਵਿੱਚ ਵੀ ਉਹ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਸਮੇਤ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਆਪਣੀ ਆਵਾਜ਼ ਉਠਾਉਂਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਹੱਕਾਂ ਲਈ ਨਿਡਰ ਹੋ ਕੇ ਬੋਲਣਾ ਪੰਜਾਬੀ ਸੁਭਾਅ ਦਾ ਹਿੱਸਾ ਰਿਹਾ ਹੈ ਅਤੇ ਚੰਨੀ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਚੰਨੀ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਲਏ ਸਟੈਂਡ ਦਾ ਸਵਾਗਤ ਕੀਤਾ।
ਤਰਸੇਮ ਸਿੰਘ ਵੱਲੋਂ ਕੀਤੀ ਗਈ ਤਾਰੀਫ਼ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਚੰਨੀ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਅਤ ਲਈ ਆਪਣੀ ਆਵਾਜ਼ ਹਮੇਸ਼ਾ ਬੁਲੰਦ ਕਰਦੇ ਰਹਿਣਗੇ।
- Download Babushahi App
-
-