ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਮੁਲਾਜ਼ਮਾਂ ਦਾ ਧਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ
ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੀ ਮੰਗ
ਅੰਮ੍ਰਿਤਸਰ, 27 ਅਗਸਤ 2026- ਪੰਜਾਬ ਭਰ ਵਿੱਚ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਂਝੇ ਮੁਲਾਜ਼ਮ ਮੰਚ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਅਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣਾ, ਗ੍ਰੈਚੁਟੀ ਸਮੇਤ ਬਣਦੇ ਹੱਕ ਦੇਣਾ ਅਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਦਾ ਪਰਖ ਕਾਲ ਘਟਾਉਣਾ ਸ਼ਾਮਲ ਹੈ ਰਾਸ਼ਟਰੀ ਸਿਹਤ ਮਿਸ਼ਨ ਤੋਂ ਪਹੁੰਚੇ ਪਵਨ ਬਿਆਲਾ ਨੇ ਕਿਹਾ ਕਿ ਉਹ ਸਾਂਝੇ ਮੁਲਾਜ਼ਮ ਮੰਚ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਬਰਾਬਰ ਤਨਖ਼ਾਹ ਅਤੇ ਠੇਕਾ ਪ੍ਰਥਾ ਖ਼ਤਮ ਕਰਨ ਵਰਗੇ ਵਾਅਦੇ ਕੀਤੇ ਗਏ ਸਨ, ਪਰ ਅੱਜ ਵੀ ਵੱਡੀ ਗਿਣਤੀ ਵਿੱਚ ਮੁਲਾਜ਼ਮ ਠੇਕੇ ਅਤੇ ਆਊਟਸੋਰਸਿੰਗ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ। ਈ.ਐੱਸ.ਆਈ. ਨਰਸਿੰਗ ਯੂਨੀਅਨ ਦੀ ਪ੍ਰਧਾਨ ਮਨਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਬਕਾਇਆ ਕਿਸਤਾਂ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਦਾ ਤਿੰਨ ਸਾਲ ਦਾ ਪਰਖ ਕਾਲ ਘਟਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਵੇਂ ਮੁਲਾਜ਼ਮਾਂ ਨੂੰ ਬੇਸਿਕ ਤਨਖ਼ਾਹ ਦੇ ਨਾਲ ਬਣਦੇ ਭੱਤੇ ਵੀ ਦਿੱਤੇ ਜਾਣ। ਇਸ ਮੌਕੇ ਸਿਹਤ ਮਹਿਕਮੇ ਨਾਲ ਸਬੰਧਤ ਪੂਨਮ ਸੈਣੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਵਰਕਰ ਅਤੇ ਮੁਲਾਜ਼ਮ ਵੀ ਸਾਂਝੇ ਮੋਰਚੇ ਦੇ ਸੰਘਰਸ਼ ਨੂੰ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਸੁਣਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਵੱਡੇ ਪੱਧਰ ’ਤੇ ਕੀਤਾ ਜਾਵੇਗਾ।
- Download Babushahi App
-
-