BREAKING- AAP ਪੰਜਾਬ ਨੇ ਐਲਾਨਿਆ ਖਰੜ ਹਲਕੇ ਦਾ ਨਵਾਂ ਇੰਚਾਰਜ
ਚੰਡੀਗੜ੍ਹ, 2 ਸਤੰਬਰ 2026- ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀਆਂ ਆਗਾਮੀ 2027 ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਪਾਰਟੀ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਖਰੜ ਵਿੱਚ ਵੱਡਾ ਫੇਰਬਦਲ ਕਰਦਿਆਂ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਨਵਾਂ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਰਸਮੀ ਐਲਾਨ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਇਹ ਨਿਯੁਕਤੀ ਪਾਰਟੀ ਦੇ ਪੰਜਾਬ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਪ੍ਰਵਾਨਗੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਪਾਰਟੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਇਸ ਨਵੀਂ ਅਤੇ ਮਹੱਤਵਪੂਰਨ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਜ਼ਿਕਰਯੋਗ ਹੈ ਕਿ ਖਰੜ ਵਿਧਾਨ ਸਭਾ ਹਲਕੇ ਤੋਂ ਇਸ ਵੇਲੇ ਅਨਮੋਲ ਗਗਨ ਮਾਨ ਮੌਜੂਦਾ ਵਿਧਾਇਕਾ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਟਿਕਟ 'ਤੇ ਜਿੱਤ ਹਾਸਲ ਕਰਨ ਤੋਂ ਬਾਅਦ, ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ। ਅਨਮੋਲ ਗਗਨ ਮਾਨ ਦੇ ਵਿਧਾਇਕ ਹੁੰਦਿਆਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਬਣਾਏ ਜਾਣ ਦਾ ਫੈਸਲਾ ਹਲਕੇ ਦੇ ਸਿਆਸੀ ਸਮੀਕਰਨਾਂ ਦੇ ਲਹਾਜ਼ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
- Download Babushahi App
-
-