ਰੰਘਰੇਟੇ ਗੁਰੂ ਕੇ ਬੇਟੇ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਜੰਡਿਆਲਾ ਗੁਰੂ ਵਿਖੇ ਬਣਾਏ ਯਾਦਗਾਰੀ ਗੇਟ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਉਦਘਾਟਨ
ਬਾਬਾ ਜੀਵਨ ਸਿੰਘ ਜੀ ਦਾ ਜੀਵਨ, ਸੇਵਾ, ਦਲੇਰੀ ਅਤੇ ਮਹਾਨ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ: ਹਰਭਜਨ ਸਿੰਘ ਈ.ਟੀ.ਓ.
ਜੰਡਿਆਲਾ ਗੁਰੂ, 5 ਸਤੰਬਰ 2026:
ਰੰਘਰੇਟੇ ਗੁਰੂ ਕੇ ਬੇਟੇ ਮਹਾਨ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਖੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸਤਿਕਾਰ ਸਹਿਤ ਪ੍ਰਣਾਮ ਕਰਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਜੀਵਨ ਸਿੱਖ ਇਤਿਹਾਸ ਵਿੱਚ ਬਹਾਦਰੀ, ਸੇਵਾ, ਸਮਰਪਣ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸੂਰਬੀਰ ਯੋਧੇ ਬਾਬਾ ਜੀਵਨ ਸਿੰਘ ਜੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦਾ ਪਾਵਨ ਸੀਸ ਬੜੀ ਸ਼ਰਧਾ, ਦਲੇਰੀ ਅਤੇ ਨਿਡਰਤਾ ਨਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਇਆ। ਉਨ੍ਹਾਂ ਵੱਲੋਂ ਨਿਭਾਈ ਗਈ ਇਹ ਮਹਾਨ ਸੇਵਾ ਗੁਰੂ ਪ੍ਰਤੀ ਸੱਚੀ ਸ਼ਰਧਾ ਅਤੇ ਪ੍ਰੇਮ ਦੀ ਬੇਮਿਸਾਲ ਉਦਾਹਰਣ ਹੈ।
ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਮਨੁੱਖਤਾ, ਧਰਮ ਅਤੇ ਸੱਚ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਸ਼ਹਾਦਤ ਸਾਨੂੰ ਹਮੇਸ਼ਾ ਨਿਡਰਤਾ, ਸੇਵਾ, ਸਮਰਪਣ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਜੰਡਿਆਲਾ ਗੁਰੂ ਵਿਖੇ ਇਹ ਯਾਦਗਾਰੀ ਗੇਟ ਬਣਾਉਣ ਦਾ ਸੁਭਾਗ ਉਨ੍ਹਾਂ ਨੂੰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਬਾਬਾ ਜੀਵਨ ਸਿੰਘ ਜੀ ਦਾ ਬਹੁਤ ਹੀ ਉੱਚਾ ਅਤੇ ਸਤਿਕਾਰਯੋਗ ਸਥਾਨ ਹੈ ਅਤੇ ਉਨ੍ਹਾਂ ਦਾ ਜੀਵਨ, ਸੇਵਾ, ਦਲੇਰੀ ਅਤੇ ਮਹਾਨ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਮਹਾਨ ਵਿਰਾਸਤ, ਇਤਿਹਾਸਕ ਸਥਾਨਾਂ ਅਤੇ ਮਹਾਨ ਸ਼ਹੀਦਾਂ ਦੀਆਂ ਯਾਦਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿਖੇ ਬਣਾਇਆ ਗਿਆ ਇਹ ਯਾਦਗਾਰੀ ਗੇਟ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਮਹਾਨ ਜੀਵਨ ਅਤੇ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕਰੇਗਾ।
ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦਾ ਬੁੱਤ ਵੀ ਸਥਾਪਿਤ ਕੀਤਾ ਗਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ ਉਪਰੋਕਤ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਾਰੇ ਧਰਮਾਂ, ਮਹਾਨ ਸ਼ਖ਼ਸੀਅਤਾਂ ਅਤੇ ਇਤਿਹਾਸਕ ਵਿਰਾਸਤ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਅਤੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ. ਸਤਿੰਦਰ ਸਿੰਘ, ਵਾਈਸ ਪ੍ਰਧਾਨ ਅਮਨ ਵਿਰਕ, ਚੇਅਰਮੈਨ ਅਮਰੀਕ ਸੋਢੀ, ਚੇਅਰਮੈਨ ਹਰਪਾਲ ਸਿੰਘ ਚੌਹਾਨ, ਚੇਅਰਮੈਨ ਜੈ ਦੇਵ, ਵਿਪਨ, ਸਰਪੰਚ ਬਾਬਾ ਮੰਗਲ ਸਿੰਘ, ਮਨਜੀਤ ਸਿੰਘ, ਕੌਂਸਲਰ ਸੁਨੈਨਾ ਰੰਧਾਵਾ, ਅਵਤਾਰ ਸਿੰਘ ਕਾਲਾ, ਗੁਰਮੀਤ ਕੌਰ, ਵਿਜੇ ਮੱਟੀ, ਮਨਜਿੰਦਰ ਹੈਪੀ, ਬਾਬਾ ਹਰਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
- Download Babushahi App
-
-