Big Breaking- ਡਿਊਟੀ ਤੋਂ ਗੈਰ-ਹਾਜ਼ਰ ਰਹੇ ਕਰਮਚਾਰੀਆਂ 'ਤੇ No Work No pay ਫਾਰਮੂਲਾ ਲਾਗੂ ਕਰਨ ਦਾ ਫ਼ੈਸਲਾ ਕੀਤਾ ਭਗਵੰਤ ਸਰਕਾਰ ਨੇ
Babushahi Network
ਚੰਡੀਗੜ੍ਹ, 8 ਸਤੰਬਰ 2026: ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਗਏ ਅਤੇ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਭਗਵੰਤ ਮਾਨ ਸਰਕਾਰ ਨੇ ਸਖ਼ਤ ਰੁਖ਼ ਅਪਣਾਉਂਦਿਆਂ ਇੱਕ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ 'ਤੇ 'ਨੋ ਵਰਕ ਨੋ ਪੇ' (No Work No Pay) ਦਾ ਫਾਰਮੂਲਾ ਮੁਕੰਮਲ ਤੌਰ 'ਤੇ ਲਾਗੂ ਕੀਤਾ ਜਾਵੇਗਾ।
ਇਸਦਾ ਮਤਲਬ ਇਹ ਹੈ ਕਿ ਜਿਹੜੇ ਕਰਮਚਾਰੀ ਹੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਕੰਮ ਤੋਂ ਗੈਰ-ਹਾਜ਼ਰ ਰਹੇ ਹਨ, ਉਨ੍ਹਾਂ ਨੂੰ ਉਸ ਦਿਨ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਨੇ ਅਜਿਹੇ ਕਰਮਚਾਰੀਆਂ ਵਿਰੁੱਧ ਸੇਵਾ ਨਿਯਮਾਂ ਅਨੁਸਾਰ ਜ਼ਾਬਤੇ ਦੀ ਕਾਰਵਾਈ (Disciplinary Action) ਕਰਨ ਦੇ ਵੀ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਵਿਰੁੱਧ ਮੋਰਚਾ ਖੋਲ੍ਹੀ ਬੈਠੇ ਹਨ। ਇਸ ਤੋਂ ਪਹਿਲਾਂ 27 ਅਗਸਤ ਨੂੰ ਵੀ ਸੂਬੇ ਭਰ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਨੇ ਵੱਡੇ ਪੱਧਰ 'ਤੇ ਮਾਸ ਕੈਜ਼ੂਅਲ ਲੀਵ (ਸਮੂਹਿਕ ਛੁੱਟੀ) ਲੈ ਕੇ ਪ੍ਰਦਰਸ਼ਨ ਕੀਤਾ ਸੀ।
ਇਸ ਤੋਂ ਬਾਅਦ, ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸਾਂ ਦਾ ਵਿਰੋਧ ਕਰਦਿਆਂ ਅਤੇ ਆਪਣੀਆਂ ਮੰਗਾਂ ਨੂੰ ਦੁਹਰਾਉਂਦਿਆਂ, 'ਪੰਜਾਬ ਸਾਂਝਾ ਮੁਲਾਜ਼ਮ ਮੰਚ' ਦੇ ਸੱਦੇ 'ਤੇ 8 ਸਤੰਬਰ ਨੂੰ ਮੁੜ ਸੂਬੇ ਦੇ ਮੁਲਾਜ਼ਮ ਹੜਤਾਲ 'ਤੇ ਰਹੇ। ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਹੋਣ ਕਾਰਨ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਸਰਕਾਰ ਨੇ ਇਸ ਪ੍ਰਦਰਸ਼ਨ ਨੂੰ ਅਨੁਸ਼ਾਸਨਹੀਣਤਾ ਮੰਨਦੇ ਹੋਏ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ।
- Download Babushahi App
-
-