ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ; ਜਾਂਚ 'ਚ ਜੁਟੀ ਪੁਲਿਸ
Kamaljeet Singh/ ਬਾਬੂਸ਼ਾਹੀ ਬਿਊਰੋ
ਮਾਨਸਾ, 13 ਸਤੰਬਰ, 2026: ਬੀਤੀ ਰਾਤ ਕਰੀਬ ਡੇਢ ਤੋਂ ਦੋ ਵਜੇ ਦੇ ਵਿਚਕਾਰ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗਲੀ 'ਚ ਆਏ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਯੂ-ਟਰਨ ਲੈਂਦੇ ਹੋਏ ਘਰ ਵੱਲ ਅੰਨ੍ਹੇਵਾਹ ਛੇ ਰੌਂਦ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੇ ਸਮੇਂ ਗਾਇਕ ਗੁਲਾਬ ਸਿੱਧੂ ਖ਼ੁਦ ਭਾਰਤ ਤੋਂ ਬਾਹਰ (ਆਊਟ ਆਫ਼ ਇੰਡੀਆ) ਸਨ, ਜਦਕਿ ਘਰ ਅੰਦਰ ਉਨ੍ਹਾਂ ਦੇ ਮਾਤਾ-ਪਿਤਾ, ਪਤਨੀ ਅਤੇ ਬੱਚੇ ਮੌਜੂਦ ਸਨ। ਖ਼ੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਪਰਿਵਾਰ ਦੇ ਸਾਰੇ ਮੈਂਬਰ ਸੁਰੱਖਿਅਤ ਹਨ।
ਘਟਨਾ ਦੀ ਇਤਲਾਹ ਮਿਲਦਿਆਂ ਹੀ ਐਸ.ਪੀ.ਡੀ. ਸੰਜੀਵ ਗੋਇਲ, ਸੀ.ਆਈ.ਏ. ਇੰਸਪੈਕਟਰ ਬਲਜੀਤ ਸਿੰਘ ਅਤੇ ਸਬੰਧਤ ਥਾਣਾ ਮੁਖੀ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਛੇ ਖੋਲ ਬਰਾਮਦ ਕੀਤੇ ਹਨ। ਐਸ.ਪੀ.ਡੀ. ਸੰਜੀਵ ਗੋਇਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਤੇ ਮੋਬਾਈਲ ਡੰਪ ਡਾਟਾ ਖੰਗਾਲਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਗੁਲਾਬ ਸਿੱਧੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਦੋ ਸੁਰੱਖਿਆ ਕਰਮੀ (ਗਨਮੈਨ) ਵੀ ਦਿੱਤੇ ਗਏ ਸਨ। ਪੁਲਿਸ ਮੁਤਾਬਕ ਇਸ ਤਾਜ਼ਾ ਹਮਲੇ ਦੇ ਤਾਰ ਪੁਰਾਣੇ ਮਾਮਲਿਆਂ ਨਾਲ ਜੁੜੇ ਹਨ ਜਾਂ ਨਹੀਂ, ਇਸ ਦੀ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
- Download Babushahi App
-
-