15 ਸਤੰਬਰ ਨੂੰ ਕਾਂਗਰਸ ਦੇ ਰੋਸ ਮਾਰਚ 'ਚ ਸ਼ਾਮਲ ਹੋਣਗੇ ਚਰਨਜੀਤ ਸਿੰਘ ਚੰਨੀ: ਹਰਪਾਲ ਚੀਮਾ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਨਿਕਲੇਗਾ ਮਾਰਚ
Ravi Jakhu
ਚੰਡੀਗੜ੍ਹ, 13 ਸਤੰਬਰ, 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਵੱਲੋਂ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਇਹ ਰੋਸ ਮਾਰਚ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸਚਿਨ ਪਾਇਲਟ ਦੀ ਅਗਵਾਈ ਹੇਠ ਕੱਢਿਆ ਜਾ ਰਿਹਾ ਹੈ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਆਪਸੀ ਨਾਰਾਜ਼ਗੀ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਇੱਕਜੁੱਟ ਹੁੰਦੀ ਨਜ਼ਰ ਆ ਰਹੀ ਹੈ।
ਚਰਨਜੀਤ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ (ਟਵਿੱਟਰ/X) ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰੋਸ ਮਾਰਚ 15 ਸਤੰਬਰ ਨੂੰ ਸਵੇਰੇ 11:00 ਵਜੇ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮਾਰਚ ਦਾ ਮੁੱਖ ਮਕਸਦ ਗੁਲਜ਼ਾਰ ਸਿੰਘ ਦੀ ਦੁਖਦਾਈ ਮੌਤ ਦੇ ਮਾਮਲੇ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਕੈਬਨਿਟ ਵਿੱਚੋਂ ਤੁਰੰਤ ਬਰਖ਼ਾਸਤ ਕਰਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨਾ ਹੈ। ਸਾਬਕਾ ਮੁੱਖ ਮੰਤਰੀ ਨੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਇਸ ਰੋਸ ਮਾਰਚ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ।
- Download Babushahi App
-
-