ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਭਾਜਪਾ ਤਿਆਰ, ‘ਨਸ਼ਾ ਵਿਰੋਧੀ ਰੈਲੀ’ ਨੂੰ ਜਨ-ਅੰਦੋਲਨ ਬਣਾਉਣ ਦਾ ਸੱਦਾ: ਪਰਮਿੰਦਰ ਸਿੰਘ ਬਰਾੜ, ਰਣਜੀਤ ਸਿੰਘ ਗਿੱਲ
ਨਸ਼ਾ ਮੁਕਤ, ਤੰਦਰੁਸਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪਿੰਡ-ਪਿੰਡ ਤੇ ਘਰ-ਘਰ ਪਹੁੰਚੇਗਾ ਭਾਜਪਾ ਵਰਕਰ: ਅਜੈਵੀਰ ਸਿੰਘ ਲਾਲਪੁਰਾ
ਮਨਪ੍ਰੀਤ ਸਿੰਘ
ਰੂਪਨਗਰ, 15 ਸਤੰਬਰ:
ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਸਮਾਜ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਆਗਾਮੀ ਦਿਨਾਂ ਵਿੱਚ ਕੀਤੀ ਜਾਣ ਵਾਲੀ ‘ਨਸ਼ਾ ਵਿਰੋਧੀ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਰੂਪਨਗਰ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਰੈਲੀ ਦੀ ਰੂਪ-ਰੇਖਾ, ਸੰਗਠਨਾਤਮਕ ਤਿਆਰੀਆਂ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਜੋਨਲ ਇੰਚਾਰਜ ਸਰਦਾਰ ਪਰਮਿੰਦਰ ਸਿੰਘ ਬਰਾੜ, ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਰੂਪਨਗਰ ਦੇ ਇੰਚਾਰਜ ਸਰਦਾਰ ਰਣਜੀਤ ਸਿੰਘ ਗਿੱਲ ਅਤੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੇ ਸਾਂਝੇ ਤੌਰ ’ਤੇ ਕੀਤੀ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ ਅਤੇ ਮੋਰਚਿਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਵਰਤਮਾਨ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਵੀ ਜੁੜੀ ਹੋਈ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਸਿਆਸੀ ਪਾਰਟੀ ਜਾਂ ਸੰਗਠਨ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਸਮਾਜ ਦੇ ਹਰੇਕ ਵਰਗ ਨੂੰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਰੈਲੀ ਦਾ ਸੁਨੇਹਾ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਅਤੇ ਨੌਜਵਾਨਾਂ ਤੇ ਪਰਿਵਾਰਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ।
ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਜਪਾ ਦੀ ‘ਨਸ਼ਾ ਵਿਰੋਧੀ ਰੈਲੀ’ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਬਲਕਿ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਅਤੇ ਇਕਜੁੱਟ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਇਸ ਮੁਹਿੰਮ ਨੂੰ ਇੱਕ ਮਜ਼ਬੂਤ ਜਨ-ਅੰਦੋਲਨ ਦਾ ਰੂਪ ਦੇਣਗੇ।
ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦਾ ਹਰ ਭਾਜਪਾ ਵਰਕਰ ‘ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ’ ਦਾ ਸੰਕਲਪ ਲੈ ਕੇ ਪਿੰਡ-ਪਿੰਡ ਅਤੇ ਘਰ-ਘਰ ਪਹੁੰਚੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਸ ਨੂੰ ਨਸ਼ਿਆਂ ਤੋਂ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਰਾਹੀਂ ਨੌਜਵਾਨਾਂ, ਮਹਿਲਾਵਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਹਰ ਵਰਗ ਨੂੰ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਸੰਗਠਨਾਤਮਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਮੀਟਿੰਗ ਦੇ ਅੰਤ ਵਿੱਚ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਗਾਮੀ ਰੈਲੀ ਨੂੰ ਇਤਿਹਾਸਕ ਬਣਾਉਣ ਦਾ ਸੰਕਲਪ ਲਿਆ।
ਇਸ ਮੌਕੇ ਰਮਨ ਜਿੰਦਲ, ਜਗਦੀਸ਼ ਚੰਦਰ ਕਾਜਲਾ, ਪਰਵੇਸ਼ ਗੋਇਲ, ਐਡਵੋਕੇਟ ਨਿਪੁੰਨ ਸੋਨੀ, ਜਤਿੰਦਰ ਅੱਠਵਾਲ, ਹਿੰਮਤ ਸਿੰਘ ਗਿਰਨ, ਓਂਕਾਰ ਸਿੰਘ ਅਬਿਆਣਾ, ਰਜੇਸ਼ ਚੌਧਰੀ, ਮੋਨੀਕਾ ਸ਼ਰਮਾ, ਜਤਿੰਦਰ ਕੌਰ, ਰੌਸ਼ਨ ਲਾਲ ਚੌਹਾਨ, ਧਰਮਿੰਦਰ ਸਿੰਘ ਭਿੰਦਾ, ਜਗਦੀਪ ਸਿੰਘ, ਸੁਨੀਲ ਸ਼ੁਕਲਾ, ਨਵੀਨ ਕੁਮਾਰ, ਬਾਲ ਕ੍ਰਿਸ਼ਨ ਕੁੱਕੂ, ਗੁਰਕੀਰਤ ਸਿੰਘ ਸੈਣੀ, ਅਭਿਸ਼ੇਕ ਅਗਨੀਹੋਤਰੀ, ਸੁਰਿੰਦਰਪਾਲ ਸੇਠੀ ਪੀਰੇ ਟੂ ਲਾਲਪੁਰਾ ਅਤੇ ਹਰਨੇਕ ਸਿੰਘ ਆਦਿ ਮੌਜੂਦ ਸਨ।
- Download Babushahi App
-
-