ਪੰਜਾਬ ਅੰਦਰ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਦਾ ਇੱਕ ਵੀ ਕੱਟ ਨਹੀਂ ਲੱਗਾ- ਮੰਤਰੀ ਸੌਂਦ ਦਾ ਵੱਡਾ ਦਾਅਵਾ
*ਕਿਹਾ - ਕਿਸਾਨਾਂ ਨੂੰ 8 ਦੀ ਬਜਾਏ 10 ਘੰਟੇ ਬਿਜਲੀ ਸਪਲਾਈ, ਉਦਯੋਗਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਮਿਲ ਰਹੀ*
*ਇਸ ਵਾਰ ਸੂਬੇ ਅੰਦਰ ਰਿਕਾਰਡ ਤੋੜ 17300 ਮੈਗਾਵਾਟ ਦੀ ਮੰਗ ਵੀ ਸਰਕਾਰ ਨੇ ਕੀਤੀ ਪੂਰੀ*
ਰਵਿੰਦਰ ਢਿੱਲੋਂ
ਖੰਨਾ, 15 ਸਤੰਬਰ 2026- ਪੰਜਾਬ ਵਿੱਚ ਬਿਜਲੀ ਦੀ ਰਿਕਾਰਡ ਤੋੜ ਮੰਗ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਸ਼ਾਮ ਖੰਨਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਬਿਜਲੀ ਦਾ ਇੱਕ ਵੀ ਕੱਟ ਨਹੀਂ ਲੱਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਕਿਸਾਨਾਂ ਅਤੇ ਉਦਯੋਗਾਂ ਨੂੰ ਵੀ ਲੋੜ ਅਨੁਸਾਰ ਪੂਰੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪਿਛਲੇ ਤਿੰਨ ਦਿਨਾਂ ਤੋਂ ਨਿਰਧਾਰਤ 8 ਘੰਟਿਆਂ ਦੀ ਬਜਾਏ 10 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਹੁਣ ਪੱਕਣ ਦੇ ਆਖਰੀ ਪੜਾਅ ਵਿੱਚ ਹੈ ਅਤੇ ਕਿਸਾਨਾਂ ਵੱਲੋਂ ਫ਼ਸਲ ਨੂੰ ਲੋੜੀਂਦਾ ਪਾਣੀ ਲਗਾਇਆ ਜਾ ਰਿਹਾ ਹੈ। ਇਸਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਵਿੱਚ ਦੋ ਘੰਟਿਆਂ ਦਾ ਵਾਧਾ ਕੀਤਾ ਹੈ। ਹੁਣ ਕਿਸਾਨਾਂ ਨੂੰ 10 ਘੰਟੇ ਪ੍ਰਤੀ ਦਿਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜੋਕਿ ਖੇਤੀਬਾੜੀ ਸੈਕਟਰ ਲਈ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰ ਸਕੀ।
ਦੋ ਥਰਮਲ ਪਲਾਂਟਾਂ ’ਚ ਤਕਨੀਕੀ ਖਰਾਬੀ ਦੇ ਬਾਵਜੂਦ ਸਰਕਾਰ ਨੇ ਸੰਭਾਲਿਆ ਮੋਰਚਾ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਦੋ ਥਰਮਲ ਪਲਾਂਟਾਂ ਵਿੱਚ ਤਕਨੀਕੀ ਖਰਾਬੀ ਆ ਗਈ ਸੀ। ਇਹ ਦੋਵੇਂ ਥਰਮਲ ਪਲਾਂਟ ਨਿੱਜੀ ਖੇਤਰ ਵੱਲੋਂ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟਣ ਦੀ ਬਜਾਏ ਸਬੰਧਤ ਕੰਪਨੀਆਂ ’ਤੇ ਲਗਾਤਾਰ ਦਬਾਅ ਬਣਾਇਆ, ਤਾਂ ਜੋ ਪਲਾਂਟਾਂ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਇੰਜੀਨੀਅਰਾਂ ਅਤੇ ਤਕਨੀਕੀ ਅਮਲੇ ਨੇ ਵੀ ਦਿਨ-ਰਾਤ ਮਿਹਨਤ ਕਰਕੇ ਸਪਲਾਈ ਪ੍ਰਬੰਧ ਨੂੰ ਮਜ਼ਬੂਤ ਰੱਖਣ ਲਈ ਕੰਮ ਕੀਤਾ। ਇਸ ਮਿਹਨਤ ਦੇ ਨਤੀਜੇ ਵਜੋਂ ਥਰਮਲ ਪਲਾਂਟਾਂ ਦੀ ਤਕਨੀਕੀ ਖਰਾਬੀ ਦੂਰ ਕਰਕੇ ਉਨ੍ਹਾਂ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅਨੁਸਾਰ ਹੁਣ ਇਨ੍ਹਾਂ ਦੋ ਥਰਮਲ ਪਲਾਂਟਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਪਣੇ 10 ਯੂਨਿਟ ਵੀ ਸਫਲਤਾਪੂਰਵਕ ਚੱਲ ਰਹੇ ਹਨ।
17,300 ਮੈਗਾਵਾਟ ਦੀ ਰਿਕਾਰਡ ਮੰਗ, ਫਿਰ ਵੀ ਨਹੀਂ ਆਉਣ ਦਿੱਤੀ ਬਿਜਲੀ ਦੀ ਕਮੀ ਬਿਜਲੀ ਮੰਤਰੀ ਸੌਂਦ ਨੇ ਕਿਹਾ ਕਿ ਆਮ ਤੌਰ ’ਤੇ ਸਤੰਬਰ ਮਹੀਨੇ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਲਗਭਗ 13,000 ਮੈਗਾਵਾਟ ਤੱਕ ਰਹਿੰਦੀ ਰਹੀ ਹੈ। ਪਰ ਇਸ ਵਾਰ ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਤੰਬਰ ਮਹੀਨੇ ਵਿੱਚ ਪੰਜਾਬ ਵਿੱਚ ਬਿਜਲੀ ਦੀ ਮੰਗ 17,300 ਮੈਗਾਵਾਟ ਤੱਕ ਪਹੁੰਚ ਗਈ, ਜੋ ਪਿਛਲੇ ਰਿਕਾਰਡ ਨਾਲੋਂ ਕਰੀਬ 4,000 ਮੈਗਾਵਾਟ ਵੱਧ ਹੈ।
ਉਨ੍ਹਾਂ ਕਿਹਾ ਕਿ ਇੰਨੀ ਵੱਡੀ ਮੰਗ ਦੇ ਬਾਵਜੂਦ ਪੰਜਾਬ ਸਰਕਾਰ ਨੇ ਬਿਜਲੀ ਸਪਲਾਈ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ। ਮਾਨਸੂਨ ਦੀ ਕਮੀ ਅਤੇ ਬਿਜਲੀ ਦੀ ਰਿਕਾਰਡ ਮੰਗ ਦੇ ਬਾਵਜੂਦ ਸੂਬੇ ਦੇ ਲੋਕਾਂ ਨੂੰ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਦਯੋਗਪਤੀਆਂ ਨੂੰ ਭਰੋਸਾ—ਸਰਕਾਰ ਤੁਹਾਡੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਉਦਯੋਗਿਕ ਖੇਤਰ ਬਾਰੇ ਗੱਲ ਕਰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਉਦਯੋਗਪਤੀਆਂ ਨੂੰ ਬਿਜਲੀ ਸਪਲਾਈ ਸਬੰਧੀ ਕੁੱਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਉਦਯੋਗ ਜਗਤ ਨੇ ਇਸ ਮੁਸ਼ਕਲ ਸਮੇਂ ਵਿੱਚ ਸਰਕਾਰ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਉਦਯੋਗਪਤੀਆਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਸਮੇਂ ਖੇਤੀਬਾੜੀ ਸੈਕਟਰ ਨੂੰ 10 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦਕਿ ਉਦਯੋਗਿਕ ਖੇਤਰ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਜਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਇਸ ਸਮੇਂ ਬਿਜਲੀ ਦੀ ਕੋਈ ਕਮੀ ਨਹੀਂ ਹੈ ਅਤੇ ਸਰਕਾਰ ਵੱਲੋਂ ਕਿਸੇ ਵੀ ਵਰਗ ਨੂੰ ਬਿਜਲੀ ਸਬੰਧੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਰਿਕਾਰਡ ਬਿਜਲੀ ਮੰਗ ਦੇ ਬਾਵਜੂਦ ਸਪਲਾਈ ਨੂੰ ਕਾਇਮ ਰੱਖਣਾ ਪੰਜਾਬ ਸਰਕਾਰ ਦੀ ਬਿਹਤਰ ਯੋਜਨਾਬੰਦੀ, ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਅਤੇ ਸਰਕਾਰ ਦੀ ਤੁਰੰਤ ਕਾਰਵਾਈ ਦਾ ਨਤੀਜਾ ਹੈ।
- Download Babushahi App
-
-