Kishau Multipurpose Project: ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਨੂੰ ਮਿਲੀ ਵੱਡੀ ਰਫ਼ਤਾਰ, 6 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਕੀਤਾ ਇਤਿਹਾਸਕ ਸਮਝੌਤਾ
ਨਵੀਂ ਦਿੱਲੀ, 15 ਸਤੰਬਰ 2026- ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵੱਲ ਵੱਡਾ ਕਦਮ ਚੁੱਕਦਿਆਂ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਇਤਿਹਾਸਕ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਦਹਾਕਿਆਂ ਤੋਂ ਲੰਬਿਤ ਪ੍ਰਾਜੈਕਟ ਨੂੰ ਅਮਲੀ ਰੂਪ ਦੇਣ ਵੱਲ ਅਹਿਮ ਉਪਲਬਧੀ ਕਰਾਰ ਦਿੱਤਾ ਹੈ।
ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ ਵਿੱਚ ਕਿਹਾ ਕਿ ਇਸ ਬਹੁ-ਮੰਤਵੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਇਸ ਨਾਲ ਜੁੜੇ ਸਾਰੇ ਸੂਬਿਆਂ ਨੂੰ ਮਹੱਤਵਪੂਰਨ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੌਰਾਨ ਆਪਸੀ ਸਹਿਯੋਗ, ਤਾਲਮੇਲ ਅਤੇ ਸਹਿਮਤੀ ਰਾਹੀਂ ਪਾਣੀ ਨਾਲ ਸਬੰਧਤ ਵਿਵਾਦਾਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾ ਰਿਹਾ ਹੈ।
ਗ੍ਰਹਿ ਮੰਤਰੀ ਮੁਤਾਬਕ ਕਿਸ਼ਾਊ ਪ੍ਰਾਜੈਕਟ ’ਤੇ ਸਹਿਮਤੀ ਬਣਨ ਨਾਲ ਹੁਣ ਤੱਕ ਕੁੱਲ 10 ਪਾਣੀ ਵਿਵਾਦਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਿਚਕਾਰ ਸਹਿਮਤੀ ਨਾਲ ਅੱਗੇ ਵਧਣ ਦੀ ਨੀਤੀ ਕਾਰਨ ਪਾਣੀ ਵਰਗੇ ਸੰਵੇਦਨਸ਼ੀਲ ਮੁੱਦਿਆਂ ਦਾ ਹੱਲ ਸੰਭਵ ਹੋ ਰਿਹਾ ਹੈ।
ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਨੂੰ ਖੇਤਰ ਦੀ ਪਾਣੀ ਸੁਰੱਖਿਆ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੇ ਲਾਗੂ ਹੋਣ ਨਾਲ ਸਬੰਧਤ ਸੂਬਿਆਂ ਵਿੱਚ ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀ ਉਪਲਬਧਤਾ ਵਧਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਪ੍ਰਾਜੈਕਟ ਯਮੁਨਾ ਦਰਿਆ ਨਾਲ ਜੁੜੇ ਪਾਣੀ ਦੇ ਪ੍ਰਬੰਧਨ ਅਤੇ ਸੰਭਾਲ ਨੂੰ ਵੀ ਨਵੀਂ ਦਿਸ਼ਾ ਦੇ ਸਕਦਾ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਪ੍ਰਾਜੈਕਟ ’ਤੇ ਬਣੀ ਸਹਿਮਤੀ ਨਾਲ ਨਾ ਸਿਰਫ਼ ਲੰਬੇ ਸਮੇਂ ਤੋਂ ਚੱਲ ਰਹੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦਾ ਰਾਹ ਖੁੱਲ੍ਹਿਆ ਹੈ, ਸਗੋਂ ਇਸ ਨਾਲ ਸੂਬਿਆਂ ਵਿਚਕਾਰ ਪਾਣੀ ਦੇ ਸਰੋਤਾਂ ਦੀ ਬਿਹਤਰ ਵਰਤੋਂ ਅਤੇ ਪ੍ਰਬੰਧਨ ਲਈ ਵੀ ਨਵਾਂ ਮਾਹੌਲ ਤਿਆਰ ਹੋਵੇਗਾ।
ਕੇਂਦਰ ਸਰਕਾਰ ਵੱਲੋਂ ਇਸ ਸਮਝੌਤੇ ਨੂੰ ਸਹਿਕਾਰੀ ਸੰਘਵਾਦ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਛੇ ਸੂਬਿਆਂ ਦੀ ਸਹਿਮਤੀ ਨਾਲ ਲੰਬੇ ਸਮੇਂ ਤੋਂ ਵਿਚਾਰ ਅਧੀਨ ਕਿਸ਼ਾਊ ਪ੍ਰਾਜੈਕਟ ਨੂੰ ਅਮਲੀ ਰੂਪ ਦੇਣ ਦੀਆਂ ਉਮੀਦਾਂ ਵਧੀਆਂ ਹਨ। ਇਸ ਦੇ ਨਾਲ ਹੀ ਯਮੁਨਾ ਦੇ ਪਾਣੀ ਦੀ ਸੰਭਾਲ, ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਪ੍ਰਾਜੈਕਟ ਦੀ ਭੂਮਿਕਾ ਮਹੱਤਵਪੂਰਨ ਰਹਿਣ ਦੀ ਸੰਭਾਵਨਾ ਹੈ।
- Download Babushahi App
-
-