ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 19 ਸਤੰਬਰ, 2026 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ਼ੁੱਕਰਵਾਰ ਰਾਤ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਧੰਨਵਾਦ ਕੀਤਾ। ਚੀਫ਼ ਜਸਟਿਸ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ, ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨੁਮਾਇੰਦਿਆਂ ਦੁਆਰਾ ਚੀਫ਼ ਜਸਟਿਸ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸਿੱਖ ਧਰਮ ਦੀ ਅਮੀਰ ਵਿਰਾਸਤ, ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸਕ ਮਹੱਤਵ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਲੰਗਰ ਵਗੈਰਾ ਦੀਆਂ ਸੇਵਾਵਾਂ ਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ।
ਜਸਟਿਸ ਮਿਸ਼ਰਾ ਨੇ ਇਸ ਪਵਿੱਤਰ ਅਸਥਾਨ ਦੀ ਅਧਿਆਤਮਿਕਤਾ ਪ੍ਰਤੀ ਗਹਿਰਾ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸ਼ਾਂਤੀ, ਸੇਵਾ, ਸਮਾਨਤਾ ਅਤੇ ਆਪਸੀ ਸਦਭਾਵਨਾ ਦਾ ਇੱਕ ਮਹਾਨ ਕੇਂਦਰ ਹੈ, ਜੋ ਪੂਰੀ ਦੁਨੀਆ ਨੂੰ ਚੰਗਿਆਈ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ, ਸੀਜੇਐਮ ਸੁਪ੍ਰੀਤ ਕੌਰ, ਸਿਵਲ ਜੱਜ ਅਮਨਦੀਪ ਸਿੰਘ ਘੁੰਮਣ ਅਤੇ ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਸਮੇਤ ਹੋਰ ਨਿਆਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
- Download Babushahi App
-
-