ਮਿੱਤਰ ਕੀੜਾ ਵਾਲੇ ਬਿਆਨ ਪਿੱਛੋਂ ਮਜ਼ਦੂਰ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਪੱਤਰ ਭੇਜਕੇ ਕੀਤੀ ਮੀਟਿੰਗ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 19 ਸਤੰਬਰ 2026 : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿੱਤਰ ਕੀੜਾ ਹੋਣ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਇੱਕ ਪੱਤਰ ਭੇਜ ਕੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਜਲਦੀ ਮੀਟਿੰਗ ਕਰਨ ਦੀ ਮੰਗ ਕੀਤੀ ਹੈ। ਸਾਂਝੇ ਮਜ਼ਦੂਰ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਦੱਸਿਆ ਕਿ ਕੱਲ੍ਹ ਮੁੱਖ ਮੰਤਰੀ ਵੱਲੋਂ ਇੱਕ ਜਨਤਕ ਸਮਾਗਮ ਦੌਰਾਨ ਜਥੇਬੰਦੀਆਂ ਨੂੰ ਧਰਨੇ ਲਾਉਣ ਤੋਂ ਪਹਿਲਾਂ ਉਹਨਾਂ ਨਾਲ ਮੀਟਿੰਗਾਂ ਕਰਕੇ ਮਸਲੇ ਹੱਲ ਕਰਨ ਦਾ ਜ਼ੋ ਸੱਦਾ ਦਿੱਤਾ ਗਿਆ ਸੀ ਉਸਨੂੰ ਮੁੱਖ ਰੱਖਦੇ ਹੋਏ ਇਹ ਪੱਤਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਰਾਹੀਂ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਈਮੇਲ ਰਾ ਭੇਜਿਆ ਗਿਆ ਹੈ। ਉਹਨਾਂ ਦੱਸਿਆ ਕਿ ਪੱਤਰ ਦੇ ਨਾਲ ਹੀ ਸਾਂਝੇ ਮਜ਼ਦੂਰ ਮੋਰਚੇ ਦਾ ਮੰਗ ਪੱਤਰ ਵੀ ਨਾਲ ਨੱਥੀ ਕੀਤਾ ਗਿਆ ਹੈ।
ਮਜ਼ਦੂਰ ਮੋਰਚੇ ਦੇ ਆਗੂਆਂ ਸ੍ਰੀ ਦਰਸ਼ਨ ਨਾਹਰ, ਦੇਵੀ ਕੁਮਾਰੀ ਸਰਹਾਲੀ ਕਲਾਂ, ਤਰਸੇਮ ਪੀਟਰ, ਗੋਬਿੰਦ ਸਿੰਘ ਛਾਜਲੀ, ਭੂਪ ਚੰਦ ਚੰਨੋ , ਮੁਕੇਸ਼ ਮਲੌਦ,ਕੁਲਵੰਤ ਸਿੰਘ ਸੇਲਵਰਾ ਤੇ ਜੋਰਾ ਸਿੰਘ ਨਸਰਾਲੀ ਨੇ ਮੁੱਖ ਮੰਤਰੀ ਵੱਲੋਂ ਆਪਣੇ ਆਪ ਨੂੰ "ਲੋਕਾਂ ਦਾ ਮਿੱਤਰ ਕੀੜਾ " ਦੱਸਦੇ ਹੋਏ ਉਹਨਾਂ ਦੇ ਮਸਲੇ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿਣ ਦੇ ਬਿਆਨ ਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਵੱਲੋਂ ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਪਿਛਲੇ ਚਾਰ ਸਾਲਾਂ ਦੌਰਾਨ ਜਥੇਬੰਦੀਆਂ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ। ਸਾਂਝੇ ਮਜ਼ਦੂਰ ਮੋਰਚੇ ਵੱਲੋਂ ਮੁੱਖ ਮੰਤਰੀ ਨੂੰ ਭੇਜੇ ਪੱਤਰ ਰਾਹੀਂ ਇਹ ਸ਼ਿਕਵਾ ਵੀ ਜ਼ਾਹਰ ਕੀਤਾ ਗਿਆ ਕਿ ਉਹਨਾਂ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਨਾਲ਼ ਕਈ ਵਾਰ ਲਿਖਤੀ ਮੀਟਿੰਗਾਂ ਦਾ ਸੱਦਾ ਦੇ ਕੇ ਕੋਈ ਮੀਟਿੰਗ ਨਹੀਂ ਕੀਤੀ ਗਈ। ਉਹਨਾਂ ਭੇਜੇ ਗਏ ਪੱਤਰ ਰਾਹੀਂ ਆਸ ਪ੍ਰਗਟਾਈ ਕਿ ਆਪਣੇ ਬਿਆਨ ਅਨੁਸਾਰ ਮੁੱਖ ਮੰਤਰੀ ਵੱਲੋਂ ਜਲਦੀ ਮੀਟਿੰਗ ਕਰਕੇ ਮਸਲੇ ਹੱਲ ਕੀਤੇ ਜਾਣਗੇ।
ਮਜ਼ਦੂਰ ਜਥੇਬੰਦੀਆਂ ਵੱਲੋਂ ਭੇਜੇ ਗਏ ਪੱਤਰ ਰਾਹੀਂ ਬੁਢਾਪਾ ਵਿਧਵਾ ਤੇ ਅਪੰਗ ਪੈਨਸ਼ਨਾਂ ਦੀ ਰਾਸ਼ੀ ਵਧਾਉਣ, ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ, ਰੁਜ਼ਗਾਰ ਗਰੰਟੀ,ਕਰਜਾ ਮੁਆਫੀ, ਜ਼ਮੀਨੀ ਹੱਦਬੰਦੀ ਸੁਧਾਰ ਕਾਨੂੰਨ ਲਾਗੂ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਐਸ ਸੀ ਭਾਈਚਾਰੇ ਦੇ ਲੋਕਾਂ ਨੂੰ ਸਸਤੇ ਭਾਅ ਠੇਕੇ ਤੇ ਦੇਣ, ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਡਿਪੂਆਂ ਰਾਹੀਂ ਮਹੱਈਆ ਕਰਾਉਣ, ਹੜ੍ਹਾਂ ਤੇ ਬਾਰਸ਼ਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਵਰਗੇ 16 ਮੁੱਦੇ ਉਠਾਏ ਗਏ ਹਨ । ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਵੱਲੋਂ ਜਲਦੀ ਮੀਟਿੰਗ ਕਰਕੇ ਪੇਂਡੂ ਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਉਹਨਾਂ ਵੱਲੋਂ 11-12 ਅਕਤੂਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਦੇ ਅੱਗੇ ਧਰਨਾ ਦਿੱਤਾ ਜਾਵੇਗਾ।
- Download Babushahi App
-
-