ਲੁਧਿਆਣਾ ਦੱਖਣੀ ਹਲਕੇ ’ਚ ਸਮਾਜ ਸੇਵੀ ਡਾ. ਤੇਜਿੰਦਰ ਪਾਲ ਸਿੰਘ ਦੀ ਵੱਡੀ ਪਹਿਲ; ਲੋਹਾਰਾ ਵਿਖੇ ਲਾਇਆ ਲੋੜਵੰਦਾਂ ਲਈ ਮੁਫ਼ਤ ਮੈਡੀਕਲ ਕੈਂਪ
ਸੀ.ਐੱਮ.ਸੀ. ਲੁਧਿਆਣਾ ਦੇ ਡਾਕਟਰਾਂ ਨੇ ਕੀਤੀਆਂ ਅੱਖਾਂ ਦੀਆਂ ਮੁਫ਼ਤ ਜਾਂਚਾਂ; ਮੁਫ਼ਤ ਆਪ੍ਰੇਸ਼ਨਾਂ ਦਾ ਦਿੱਤਾ ਭਰੋਸਾ
Babushahi Network
ਲੁਧਿਆਣਾ, 20 ਸਤੰਬਰ 2026- ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਲੋਹਾਰਾ ਵਿਖੇ ਸਥਿਤ ਇਤਿਹਾਸਕ ਸ਼੍ਰੀ ਗੁਰੂ ਰਵਿਦਾਸ ਦਰਬਾਰ ਰੇਰੂ ਸਾਹਿਬ ਵਿਖੇ ਅੱਜ ਇੱਕ ਵਿਸ਼ਾਲ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਗਿਆ। ਇਹ ਲੋਕ ਭਲਾਈ ਕੈਂਪ ਉੱਘੇ ਸਮਾਜ ਸੇਵੀ ਡਾ. ਤੇਜਿੰਦਰ ਪਾਲ ਸਿੰਘ ਵੱਲੋਂ ਇਲਾਕੇ ਦੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਲਗਾਇਆ ਗਿਆ ਸੀ। ਇਸ ਕੈਂਪ ਵਿੱਚ ਇਲਾਕੇ ਦੇ ਸੈਂਕੜੇ ਲੋਕਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਇਆ।
ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਮੌਕੇ ’ਤੇ ਹੀ ਮਾਹਰ ਡਾਕਟਰਾਂ ਦੀ ਸਲਾਹ ਅਨੁਸਾਰ ਉਨ੍ਹਾਂ ਨੂੰ ਲੋੜੀਂਦੀਆਂ ਮਿਆਰੀ ਦਵਾਈਆਂ ਮੁਫ਼ਤ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਸਮਾਜ ਸੇਵੀ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਦੇ ਦੌਰ ਵਿੱਚ ਸਿਹਤ ਸਹੂਲਤਾਂ ਬਹੁਤ ਮਹਿੰਗੀਆਂ ਹੋ ਚੁੱਕੀਆਂ ਹਨ, ਜਿਸ ਕਰਕੇ ਆਮ ਅਤੇ ਗਰੀਬ ਵਰਗ ਦੇ ਲੋਕ ਆਪਣੀਆਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਅਜਿਹੇ ਮੈਡੀਕਲ ਕੈਂਪ ਲਗਾ ਕੇ ਮਾਨਵਤਾ ਦੀ ਸੇਵਾ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ।
ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ ਸੀ.ਐੱਮ.ਸੀ. ਲੁਧਿਆਣਾ ਦੇ ਮਾਹਰ ਡਾਕਟਰਾਂ ਦੀ ਟੀਮ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਸੀ.ਐੱਮ.ਸੀ. ਦੇ ਡਾਕਟਰਾਂ ਵੱਲੋਂ ਕੈਂਪ ਵਿੱਚ ਪਹੁੰਚੇ ਸਾਰੇ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਵਿੱਚ ਗੰਭੀਰ ਸਮੱਸਿਆਵਾਂ ਪਾਈਆਂ ਗਈਆਂ ਹਨ, ਉਨ੍ਹਾਂ ਦਾ ਨਾ ਕੇਵਲ ਮੁਫ਼ਤ ਇਲਾਜ ਕੀਤਾ ਜਾਵੇਗਾ, ਸਗੋਂ ਉਨ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਵੀ ਬਿਲਕੁਲ ਮੁਫ਼ਤ ਕਰਵਾਉਣ ਦਾ ਪੂਰਾ ਭਰੋਸਾ ਦਿੱਤਾ ਗਿਆ ਹੈ।
ਕੈਂਪ ਵਿੱਚ ਆਏ ਮਰੀਜ਼ਾਂ ਅਤੇ ਸਥਾਨਕ ਨਿਵਾਸੀਆਂ ਨੇ ਡਾ. ਤੇਜਿੰਦਰ ਪਾਲ ਸਿੰਘ ਅਤੇ ਮੈਡੀਕਲ ਟੀਮ ਦਾ ਦਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਬਹੁਤ ਵੱਡੀ ਰਾਹਤ ਸਾਬਤ ਹੁੰਦੇ ਹਨ। ਕੈਂਪ ਦੇ ਸੁਚੱਜੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਵਿੱਚ ਸਥਾਨਕ ਸੇਵਾਦਾਰਾਂ ਅਤੇ ਨੌਜਵਾਨਾਂ ਨੇ ਵੱਡਾ ਯੋਗਦਾਨ ਪਾਇਆ। ਕੈਂਪ ਦੇ ਅਖੀਰ ਵਿੱਚ ਡਾ. ਤੇਜਿੰਦਰ ਪਾਲ ਸਿੰਘ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਲੁਧਿਆਣਾ ਦੱਖਣੀ ਹਲਕੇ ਦੇ ਵੱਖ-ਵੱਖ ਮੁਹੱਲਿਆਂ ਵਿੱਚ ਅਜਿਹੇ ਲੋਕ ਭਲਾਈ ਦੇ ਕਾਰਜ ਅਤੇ ਮੁਫ਼ਤ ਮੈਡੀਕਲ ਕੈਂਪ ਨਿਰੰਤਰ ਜਾਰੀ ਰੱਖੇ ਜਾਣਗੇ, ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ।
- Download Babushahi App
-
-