ਸਿੱਖਿਆ, ਸਿਹਤ ਤੇ ਲੋਕ ਸਹੂਲਤਾਂ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਰਕਰ : ਮਨੀਸ਼ ਸਿਸੋਦੀਆ
ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਦਫ਼ਤਰ ਦਾ ਕੀਤਾ ਉਦਘਾਟਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 20 ਸਤੰਬਰ, 2026
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੰਜੀਵ ਚੇਚੀ ਦੇ ਅਹੁਦਾ ਸੰਭਾਲ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪਾਰਟੀ ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਆਮ ਜਨਤਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵੱਖ-ਵੱਖ ਸਿਹਤ ਯੋਜਨਾਵਾਂ ਰਾਹੀਂ ਲੋਕਾਂ ਨੂੰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਾ ਵੀ ਜ਼ਿਕਰ ਕੀਤਾ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਜ਼ਿਲ੍ਹਾ ਦਫ਼ਤਰ ਨੂੰ ਸਿਰਫ਼ ਪਾਰਟੀ ਦੀਆਂ ਗਤੀਵਿਧੀਆਂ ਦੇ ਸੰਚਾਲਨ ਤੱਕ ਸੀਮਤ ਨਾ ਰੱਖਦਿਆਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਮਾਧਿਅਮ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਪ੍ਰਬੰਧ ਨਾਲ ਸਬੰਧਤ ਸਮੱਸਿਆ ਕਾਰਨ ਪ੍ਰੇਸ਼ਾਨ ਹੈ ਜਾਂ ਆਪਣੀ ਸਮੱਸਿਆ ਦੇ ਹੱਲ ਲਈ ਵੱਖ-ਵੱਖ ਦਫ਼ਤਰਾਂ ਦੇ ਗੇੜੇ ਲਾ ਰਿਹਾ ਹੈ, ਤਾਂ ਪਾਰਟੀ ਦਫ਼ਤਰ ਵਿੱਚ ਉਸ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ ਅਤੇ ਉਸ ਨੂੰ ਉਚਿਤ ਮਾਰਗਦਰਸ਼ਨ ਅਤੇ ਸਹਿਯੋਗ ਦੇਣ ਦਾ ਯਤਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਦਫ਼ਤਰ ਵਿੱਚ ਕੰਮ ਕਰ ਰਹੀ ਪਾਰਟੀ ਟੀਮ ਨੂੰ ਕਿਹਾ ਕਿ ਪ੍ਰਬੰਧਕੀ ਸਮੱਸਿਆਵਾਂ ਨੂੰ ਲੈ ਕੇ ਦਫ਼ਤਰ ਪਹੁੰਚਣ ਵਾਲੇ ਲੋਕਾਂ ਦੀ ਗੱਲ ਧਿਆਨ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਪੱਧਰ ’ਤੇ ਚੁੱਕ ਕੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇ।
ਸਿਸੋਦੀਆ ਨੇ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣਾ ਸ਼ਾਸਨ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜਨ ਪ੍ਰਤੀਨਿਧਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋਕ ਹਿੱਤ ਨਾਲ ਜੁੜੇ ਕੰਮਾਂ ਨੂੰ ਪਹਿਲ ਦੇਣੀ ਚਾਹੀਦੀ ਹੈ।
ਉਨ੍ਹਾਂ ਵਰਕਰਾਂ ਨੂੰ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜਥੇਬੰਦਕ ਗਤੀਵਿਧੀਆਂ ਦਾ ਅਹਿਮ ਹਿੱਸਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਦੇ ਸੂਬਾ ਵਿਆਪੀ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਰਕਰਾਂ ਵੱਲੋਂ ਘਰ-ਘਰ ਜਾ ਕੇ ਸਰਕਾਰ ਦੀਆਂ ਯੋਜਨਾਵਾਂ ਅਤੇ ਕੰਮਾਂ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।
ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਬੂਥ ਪੱਧਰ ਤੱਕ ਵਰਕਰਾਂ ਨੂੰ ਸਰਗਰਮ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਰਕਰ ਸਰਕਾਰ ਦੀਆਂ ਯੋਜਨਾਵਾਂ ਅਤੇ ਨੀਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਸਬੰਧਤ ਪੱਧਰ ’ਤੇ ਉਠਾਉਣ।
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਮਨੀਸ਼ ਸਿਸੋਦੀਆ ਨੇ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਲਗਾਤਾਰ ਜਨ ਸੰਪਰਕ ਰਾਹੀਂ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੰਜੀਵ ਚੇਚੀ, ਵਿਧਾਨ ਸਭਾ ਇੰਚਾਰਜ ਰੌਬੀ ਕੰਗ, ਵਾਈਸ ਚੇਅਰਮੈਨ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਸਤਨਾਮ ਸਿੰਘ ਜਲਾਲਪੁਰ, ਲਲਿਤ ਮੋਹਨ ਪਾਠਕ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।
- Download Babushahi App
-
-