ਨਸ਼ਾ ਮੁਕਤ ਪੰਜਾਬ ਅਭਿਆਨ ਦੌਰਾਨ ਭਾਜਪਾ ਆਗੂਆਂ ਵੱਲੋਂ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ
ਸੰਗਰੂਰ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਜੱਗਾ ਸਿੰਘ ਦੀ ਘਟਨਾ ’ਤੇ ਸਰਕਾਰ ਤੋਂ ਸਵਾਲ
ਅਸ਼ੋਕ ਵਰਮਾ
ਬਠਿੰਡਾ , 21 ਸਤੰਬਰ 2026: ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁਗ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੌਜੂਦਗੀ ਵਿੱਚ ਭਾਜਪਾ ਦੇ ਚੱਲ ਰਹੇ ‘ਨਸ਼ਾ ਮੁਕਤ ਪੰਜਾਬ ਅਭਿਆਨ’ ਵਿੱਚ ਸ਼ਾਮਲ ਹੁੰਦਿਆਂ ਪੰਜਾਬ ਵਿੱਚ ਵਧ ਰਹੇ ਨਸ਼ੇ, ਅਪਰਾਧ, ਭ੍ਰਿਸ਼ਟਾਚਾਰ ਅਤੇ ਰੰਗਦਾਰੀ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਫਲੈਗਸ਼ਿਪ ਸਕੀਮਾਂ ਦਾ ਪ੍ਰਚਾਰ ਕਰ ਰਹੀ ਹੈ, ਪਰ ਪੰਜਾਬ ਦੇ ਲੋਕਾਂ ਸਾਹਮਣੇ ਅੱਜ ਅਸਲ ਸੰਕਟ ਚਿੱਟਾ, ਕ੍ਰਾਈਮ, ਕਰੱਪਸ਼ਨ ਅਤੇ ਕੈਸ਼ ਫਾਰ ਰੰਗਦਾਰੀ ਦਾ ਹੈ। ਤਰੁਣ ਚੁਗ ਨੇ ਕਿਹਾ ਕਿ ਪੰਜਾਬ ਦੀਆਂ ਗਲੀਆਂ, ਬਾਜ਼ਾਰਾਂ, ਮੁਹੱਲਿਆਂ ਅਤੇ ਪਿੰਡਾਂ ਵਿੱਚ ਚਿੱਟਾ ਵਿਕਣ ਦੀਆਂ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਦਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੰਗਰੂਰ ਦੇ ਨਾਮੋਲ ਵਾਸੀ ਜੱਗਾ ਸਿੰਘ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਜ਼ਹਿਰੀਲਾ ਪਦਾਰਥ ਨਿਗਲਣ ਦੀ ਘਟਨਾ ਨੇ ਇਨ੍ਹਾਂ ਚਿੰਤਾਵਾਂ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਜੱਗਾ ਸਿੰਘ ਅਤੇ ਉਸ ਦੇ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਤੋਂ ਬਾਅਦ ਉਸ ਨੂੰ ਧਮਕੀਆਂ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪਰਿਵਾਰ ਵੱਲੋਂ ਉਸ ਦੇ ਘਰ ਦੇ CCTV ਕੈਮਰਿਆਂ ਅਤੇ DVR ਨਾਲ ਛੇੜਛਾੜ ਕੀਤੇ ਜਾਣ ਦੇ ਵੀ ਦੋਸ਼ ਲਗਾਏ ਗਏ ਹਨ। ਇਨ੍ਹਾਂ ਦੋਸ਼ਾਂ ਦੀ ਨਿਰਪੱਖ, ਸੁਤੰਤਰ ਅਤੇ ਸਮੇਂਬੱਧ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਲਈ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।ਚੁਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਜੇਕਰ ਕੋਈ ਨਾਗਰਿਕ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਅਤੇ ਉਸ ਨੂੰ ਸੁਰੱਖਿਆ ਦੀ ਬਜਾਏ ਧਮਕੀਆਂ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਹ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਜਵਾਬਦੇਹੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਨਸ਼ਿਆਂ ਦੀ ਵਿਕਰੀ ਬਾਰੇ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਵਾਲੇ ਲੋਕ ਖੁਦ ਅਸੁਰੱਖਿਅਤ ਕਿਉਂ ਮਹਿਸੂਸ ਕਰ ਰਹੇ ਹਨ ਅਤੇ ਜਿਨ੍ਹਾਂ ਖ਼ਿਲਾਫ਼ ਅਜਿਹੀਆਂ ਸ਼ਿਕਾਇਤਾਂ ਆ ਰਹੀਆਂ ਹਨ, ਉਨ੍ਹਾਂ ਤੱਕ ਕਾਨੂੰਨ ਕਿਉਂ ਨਹੀਂ ਪਹੁੰਚ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਸੰਕਟ ਸਿਰਫ਼ ਚਿੱਟੇ ਤੱਕ ਸੀਮਿਤ ਨਹੀਂ ਹੈ। ਨਸ਼ਿਆਂ ਦੇ ਨਾਲ ਅਪਰਾਧ, ਗੈਂਗਸਟਰ ਗਤੀਵਿਧੀਆਂ, ਰੰਗਦਾਰੀ ਅਤੇ ਕਾਨੂੰਨ-ਵਿਵਸਥਾ ਨਾਲ ਜੁੜੀਆਂ ਗੰਭੀਰ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਪੁਲਿਸ ਕਰਮਚਾਰੀਆਂ ’ਤੇ ਹਮਲੇ, ਅਪਰਾਧਿਕ ਗਤੀਵਿਧੀਆਂ ਅਤੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਘਟਨਾਵਾਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਤਰੁਣ ਚੁਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੀਆਂ ਫਲੈਗਸ਼ਿਪ ਸਕੀਮਾਂ ਅਤੇ ਇਸ਼ਤਿਹਾਰਾਂ ਰਾਹੀਂ ਆਪਣੀਆਂ ਉਪਲਬਧੀਆਂ ਗਿਣਾਉਂਦੀ ਰਹੇ, ਪਰ ਪੰਜਾਬ ਦੇ ਪਰਿਵਾਰਾਂ ਦੀ ਸਭ ਤੋਂ ਵੱਡੀ ਚਿੰਤਾ ਆਪਣੇ ਬੱਚਿਆਂ ਦਾ ਭਵਿੱਖ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਪੰਜਾਬ ਨੂੰ ਕਾਗਜ਼ਾਂ ’ਤੇ ਸਕੀਮਾਂ ਨਹੀਂ, ਜ਼ਮੀਨ ’ਤੇ ਸੁਰੱਖਿਆ ਚਾਹੀਦੀ ਹੈ। ਪੰਜਾਬ ਨੂੰ ਪ੍ਰਚਾਰ ਨਹੀਂ, ਚਿੱਟੇ ਤੋਂ ਆਜ਼ਾਦੀ ਚਾਹੀਦੀ ਹੈ। ਪੰਜਾਬ ਨੂੰ ਐਲਾਨ ਨਹੀਂ, ਅਪਰਾਧ ਅਤੇ ਰੰਗਦਾਰੀ ਤੋਂ ਰਾਹਤ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਸੱਚਮੁੱਚ ਨਸ਼ਿਆਂ ਖ਼ਿਲਾਫ਼ ਗੰਭੀਰ ਹੈ ਤਾਂ ਉਸ ਨੂੰ ਨਸ਼ਾ ਵੇਚਣ ਵਾਲਿਆਂ ਦੇ ਪੂਰੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਨੀ ਹੋਵੇਗੀ। ਸਿਰਫ਼ ਮੁਹਿੰਮਾਂ, ਪੋਸਟਰਾਂ ਅਤੇ ਐਲਾਨਾਂ ਨਾਲ ਇਹ ਸਮੱਸਿਆ ਹੱਲ ਨਹੀਂ ਹੋਵੇਗੀ। ਨਸ਼ਾ ਤਸਕਰਾਂ, ਸਪਲਾਈ ਨੈੱਟਵਰਕ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਪੱਧਰ ’ਤੇ ਸਹਾਇਤਾ ਜਾਂ ਸੁਰੱਖਿਆ ਦੇਣ ਵਾਲਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਲਾਜ਼ਮੀ ਹੈ। ਤਰੁਣ ਚੁਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਬਠਿੰਡਾ ਤੋਂ ਅੱਗੇ ਵਧ ਰਿਹਾ ‘ਨਸ਼ਾ ਮੁਕਤ ਪੰਜਾਬ ਅਭਿਆਨ’ ਸਿਰਫ਼ ਇੱਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਹਰ ਪਿੰਡ, ਹਰ ਮੁਹੱਲੇ ਅਤੇ ਹਰ ਪਰਿਵਾਰ ਨੂੰ ਨਸ਼ਿਆਂ ਖ਼ਿਲਾਫ਼ ਇਕੱਠੇ ਕਰਨ ਦਾ ਅਭਿਆਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਚਿੱਟਾ, ਕ੍ਰਾਈਮ, ਕਰੱਪਸ਼ਨ ਅਤੇ ਕੈਸ਼ ਫਾਰ ਰੰਗਦਾਰੀ ਦੇ ਇਸ 4C ਸੰਕਟ ਖ਼ਿਲਾਫ਼ ਇੱਕ ਨਿਰਣਾਇਕ ਜਨਅੰਦੋਲਨ ਖੜ੍ਹਾ ਕਰੇਗੀ।
- Download Babushahi App
-
-