ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲਾ: ਬਰਨਾਲਾ ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਮੁਲਜ਼ਮ ਕਾਬੂ, 4 ਗ੍ਰਿਫ਼ਤਾਰ
Kamaljeet Singh
ਬਰਨਾਲਾ, 22 ਸਤੰਬਰ, 2026 — ਬਰਨਾਲਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੀ ਰਿਹਾਇਸ਼ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਸੁਲਝਾਉਂਦਿਆਂ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਅਤੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਪੁਲਿਸ ਨੇ ਪੁਲਿਸ ਮੁਕਾਬਲੇ ਤੋਂ ਬਾਅਦ ਦੋਸ਼ੀਆਂ ਨੂੰ ਹਥਿਆਰਾਂ ਅਤੇ ਗੱਡੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ 12-13 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਪਿੰਡ ਛਾਨਣੀ ਵਿਖੇ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਮੇਨ ਗੇਟ 'ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਅਪਰਾਧੀਆਂ ਨੇ ਸੋਸ਼ਲ ਮੀਡੀਆ 'ਤੇ ਲਈ ਸੀ। ਇਸ ਸਬੰਧੀ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ ਕਰਕੇ ਜਾਂਚ ਆਰੰਭੀ ਗਈ ਸੀ।
ਤਕਨੀਕੀ ਅਤੇ ਵਿਗਿਆਨਕ ਤਰੀਕਿਆਂ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਨੇ 21 ਸਤੰਬਰ ਨੂੰ ਗੁਰਵਿੰਦਰ ਸਿੰਘ ਉਰਫ਼ ਸ਼ਕਤੀਮਾਨ, ਗੁਰਪ੍ਰੀਤ ਸਿੰਘ ਉਰਫ਼ ਬਾਣਾ, ਰਮਨਪ੍ਰੀਤ ਸਿੰਘ ਅਤੇ ਗੌਰਵ ਸ਼ਰਮਾ (ਸਾਰੇ ਵਾਸੀ ਸੰਗਰੂਰ) ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ 22 ਸਤੰਬਰ ਨੂੰ ਮਾਨਸਾ ਪਾਸਿਓਂ ਆ ਰਹੇ ਇੱਕ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਨੂੰ ਰੋਕਣ ਦੌਰਾਨ ਮੁਲਜ਼ਮਾਂ ਨੇ ਪੁਲਿਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਦੋਸ਼ੀ ਗੁਰਵਿੰਦਰ ਸਿੰਘ ਦੀ ਲੱਤ 'ਚ ਗੋਲੀ ਲੱਗੀ, ਜਦੋਂ ਕਿ ਉਸ ਦਾ ਸਾਥੀ ਗੁਰਪਿਆਰ ਸਿੰਘ ਮੋਟਰਸਾਈਕਲ ਤੋਂ ਡਿੱਗ ਕੇ ਜ਼ਖਮੀ ਹੋ ਗਿਆ। ਦੋਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਦੋਸ਼ੀਆਂ ਕੋਲੋਂ 3 ਪਿਸਤੌਲ (2 ਦੇਸੀ ਅਤੇ 1 30 ਬੋਰ), 10 ਜ਼ਿੰਦਾ ਕਾਰਤੂਸ, 5 ਖੋਲ ਕਾਰਤੂਸ, 1 ਅਰਟਿਗਾ ਕਾਰ ਅਤੇ 2 ਬਿਨਾਂ ਨੰਬਰ ਵਾਲੇ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਫੜੇ ਗਏ ਦੋਸ਼ੀਆਂ ਦੇ ਤਾਰ ਵਿਦੇਸ਼ ਬੈਠੇ ਅਪਰਾਧੀਆਂ ਨਾਲ ਜੁੜੇ ਹੋਏ ਹਨ ਅਤੇ ਉਹ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਪੁਲਿਸ ਵੱਲੋਂ ਰਿਮਾਂਡ ਹਾਸਲ ਕਰਕੇ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।
- Download Babushahi App
-
-