ਪੰਜਾਬ 'ਚੋਂ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ ਨਸ਼ੇ ਦਾ ਕਾਰੋਬਾਰ : ਅਸ਼ਵਨੀ ਸ਼ਰਮਾ
ਅਸ਼ੋਕ ਵਰਮਾ
ਬਠਿੰਡਾ, 22 ਸਤੰਬਰ 2026 :ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੁੱਦੇ ਨੂੰ ਲੈ ਕੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਮੰਗਲਵਾਰ ਨੂੰ ਬਠਿੰਡਾ ਦੇ ਪਰਸ ਰਾਮ ਨਗਰ ਤੋਂ ਸ਼ੁਰੂ ਹੋਈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕੱਢੀ ਗਈ ਇਹ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਧੋਬੀਆਂਨਾ ਬਸਤੀ ਵਿਖੇ ਸਮਾਪਤ ਹੋਈ। ਯਾਤਰਾ ਦੌਰਾਨ ਭਾਜਪਾ ਵਰਕਰਾਂ ਨੇ ਨਸ਼ੇ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ।
ਧੋਬੀਆਂਨਾ ਬਸਤੀ ਵਿਖੇ ਹੋਈ ਭਾਰੀ ਜਨ ਸਭਾ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ 90 ਦਿਨਾਂ ਵਿੱਚ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਖਤਮ ਹੋਣ ਦੀ ਬਜਾਏ ਗੰਭੀਰ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਨਸ਼ੇ ਦਾ ਕਾਰੋਬਾਰ ਫੈਲਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਅਤੇ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ।ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਨਸ਼ੇ ਦੇ ਵਧਦੇ ਪ੍ਰਸਾਰ ਨਾਲ ਅਪਰਾਧ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਦਕਿ ਚੋਰੀਆਂ, ਲੁੱਟ-ਖੋਹ ਅਤੇ ਹੋਰ ਅਪਰਾਧਾਂ ਨੂੰ ਲੈ ਕੇ ਵੀ ਲੋਕਾਂ ਵਿੱਚ ਚਿੰਤਾ ਹੈ। ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲੱਗੇ ਤਾਂ ਇਸ ਨਾਲ ਅਪਰਾਧ ਨੂੰ ਵੀ ਕਾਬੂ ਕਰਨ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੁਝ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ੇ ਦਾ ਨੈੱਟਵਰਕ ਜਾਰੀ ਰਹਿਣ ਦੀਆਂ ਸ਼ਿਕਾਇਤਾਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਇਆ ਗਿਆ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਦਾ ਦੋਸ਼ ਸੀ ਕਿ ਇਸ ਮੁਹਿੰਮ ’ਤੇ ਕਰੋੜਾਂ ਰੁਪਏ ਖਰਚ ਕਰਨ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਘਟਣ ਦੀ ਬਜਾਏ ਵਧਦੀ ਨਜ਼ਰ ਆ ਰਹੀ ਹੈ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਦੇ ਨੈੱਟਵਰਕ ਖ਼ਿਲਾਫ਼ ਫੈਸਲਾਕੁੰਨ ਕਾਰਵਾਈ ਕੀਤੀ ਜਾਵੇਗੀ ਅਤੇ ਛੇ ਮਹੀਨਿਆਂ ਦੇ ਅੰਦਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦਾ ਟੀਚਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਦੇ ਪੁੱਤ ਨਸ਼ੇ ਤੋਂ ਬਚਾਉਣਾ ਭਾਜਪਾ ਦੀ ਵੱਡੀ ਤਰਜੀਹ ਹੋਵੇਗੀ।
ਇਸ ਮੌਕੇ ਸੁਭਾਸ਼ ਬਰਾਲਾ, ਪਰਮਪਾਲ ਕੌਰ ਆਈਏਐਸ, ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ, ਭਾਜਪਾ ਆਗੂ ਦਿਆਲ ਸਿੰਘ ਸੋਢੀ, ਅਸ਼ੋਕ ਭਾਰਤੀ, ਮੋਹਨ ਲਾਲ ਗਰਗ, ਸੁਨੀਲ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
- Download Babushahi App
-
-