ਮਾਨ ਸਰਕਾਰ ਮਨਾਉਣ ਜਾ ਰਹੀ ‘ਜਸ਼ਨ-ਏ-ਇਨਕਲਾਬ’, ਨੌਜਵਾਨ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ : ਇੰਦਰਜੀਤ ਕੌਰ ਮਾਨ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ, 26 ਸਤੰਬਰ 2026- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਨੌਜਵਾਨਾਂ ਨੂੰ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।
ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 28 ਸਤੰਬਰ ਨੂੰ ਦੁਪਹਿਰ 3 ਵਜੇ ਪੀਏਯੂ ਲੁਧਿਆਣਾ ਵਿਖੇ ਹੋਵੇਗੀ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸੰਦੇਸ਼ ਵੀ ਦਿੱਤਾ ਜਾਵੇਗਾ।
ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਨਕੋਦਰ ਹਲਕੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਅਤੇ 28 ਸਤੰਬਰ ਨੂੰ ਲੁਧਿਆਣਾ ਪਹੁੰਚਣ। ਆਯੋਜਕਾਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਤੱਕ 1.25 ਲੱਖ ਤੋਂ ਵੱਧ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।
- Download Babushahi App
-
-