LPU ਵਿਵਾਦ: ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ, ਗੱਡੀਆਂ ਸਾੜੀਆਂ!
LPU ਵਿੱਚ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਗੱਡੀਆਂ ਨੂੰ ਲਾਈ ਅੱਗ; ਕਈ ਜ਼ਖ਼ਮੀ
Babushahi Network
ਫਗਵਾੜਾ, 27 ਸਤੰਬਰ 2026- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਨੂੰ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਹਿੰਸਕ ਝੜਪ ਵਿੱਚ ਬਦਲ ਗਿਆ। ਸਤਨਾਮਪੁਰਾ ਪੁਲੀਸ ਨੇ ਇੱਕ ਵਿਦਿਆਰਥਣ ਦੀ ਸ਼ਿਕਾਇਤ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 64 ਤਹਿਤ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ, ਘਟਨਾ ਤੋਂ ਬਾਅਦ ਵਿਦਿਆਰਥੀ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ। ਰਾਤ ਤੋਂ ਹੀ ਪੁਲੀਸ ਅਤੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਸੀ, ਪਰ ਕਥਿਤ ਤੌਰ ’ਤੇ ਕੋਈ ਸਹਿਮਤੀ ਨਾ ਬਣਨ ਕਾਰਨ ਮਾਮਲਾ ਤਕਰਾਰ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਸਥਿਤੀ ਬੇਕਾਬੂ ਹੋ ਗਈ।
ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਦੇ ਜਵਾਬ ਵਿੱਚ ਪੁਲੀਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਲਾਠੀਚਾਰਜ ਕੀਤਾ। ਝੜਪ ਦੌਰਾਨ ਵਿਦਿਆਰਥੀਆਂ ਦੇ ਨਾਲ-ਨਾਲ ਪੁਲੀਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ।
ਇਸ ਦੌਰਾਨ ਗੁੱਸੇ ਵਿੱਚ ਆਏ ਕੁਝ ਵਿਦਿਆਰਥੀਆਂ ਵੱਲੋਂ ਪੁਲੀਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਹਾਈਵੇਅ ’ਤੇ ਖੜ੍ਹੇ ਵਾਹਨਾਂ ਨੂੰ ਅੱਗ ਲਗਾਉਣ ਦੇ ਨਾਲ-ਨਾਲ ਕਈ ਗੱਡੀਆਂ ਦੀ ਭੰਨਤੋੜ ਵੀ ਕੀਤੇ ਜਾਣ ਦੀ ਸੂਚਨਾ ਹੈ। ਅੱਗ ਦੀਆਂ ਲਪਟਾਂ ਅਤੇ ਧੂੰਏਂ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ।
ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਬਲ ਤਾਇਨਾਤ ਕਰਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਤੋਂ ਬਾਅਦ ਯੂਨੀਵਰਸਿਟੀ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਿੰਸਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਵੀਡੀਓ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਸਕਦੀ ਹੈ।
- Download Babushahi App
-
-