ਪੰਜਾਬ 'ਚ ਲੋਕਾਂ ਦੇ ਅਧਿਕਾਰਾਂ ਦੀ ਆਵਾਜ਼ ਬਣਿਆ ਮਨੁੱਖੀ ਅਧਿਕਾਰ ਕਮਿਸ਼ਨ; ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਤਪਾ ਮੰਡੀ ਦੌਰੇ ਦੌਰਾਨ ਦਿੱਤੀ ਜਾਣਕਾਰੀ
Kamaljeet Singh
ਬਰਨਾਲਾ (ਤਪਾ), 28 ਸਤੰਬਰ, 2026: ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਸੁਧਾਰਨ ਦੇ ਮਕਸਦ ਨਾਲ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਬਰਨਾਲਾ ਦੇ ਕਸਬਾ ਤਪਾ ਵਿਖੇ ਪਹੁੰਚੇ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਦੌਰਿਆਂ ਦਾ ਸੂਬੇ ਵਿੱਚ ਵਧੀਆ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ, ਪੈਨਸ਼ਨ, ਲਾਇਸੈਂਸ, ਥਾਣਿਆਂ ਅਤੇ ਹਸਪਤਾਲਾਂ ਨਾਲ ਸਬੰਧਤ ਅਧਿਕਾਰਾਂ ਦੀ ਪੂਰੀ ਜਾਣਕਾਰੀ ਨਾ ਹੋਣ ਕਾਰਨ ਪਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਥਾਣਿਆਂ, ਜੇਲ੍ਹਾਂ ਅਤੇ ਹਸਪਤਾਲਾਂ ਦੀ ਚੈਕਿੰਗ ਦੌਰਾਨ ਕਈ ਕਮੀਆਂ ਨਜ਼ਰ ਆਈਆਂ ਸਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਸੁਧਾਰਿਆ ਗਿਆ ਹੈ। ਸ਼ੁਰੂਆਤੀ ਦੌਰਿਆਂ ਤੋਂ ਬਾਅਦ ਹੁਣ ਕਈ ਥਾਣਿਆਂ ਵਿੱਚ ਮਹਿਲਾ ਹਵਾਲਾਤ, ਮਹਿਲਾ ਸ਼ੌਚਾਲਯ ਅਤੇ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਹੋਇਆ ਹੈ, ਜਦਕਿ ਹਸਪਤਾਲਾਂ ਵਿੱਚ ਵੈਂਟੀਲੇਟਰਾਂ ਅਤੇ ਐਂਬੂਲੈਂਸਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਬਕਾਇਆ ਬਿੱਲਾਂ ਦੀ ਵਸੂਲੀ ਲਈ ਕਿਸੇ ਵੀ ਹਸਪਤਾਲ ਵੱਲੋਂ ਮ੍ਰਿਤਕ ਦੇਹ ਨੂੰ ਰੋਕਣ 'ਤੇ ਮੁਕੰਮਲ ਰੋਕ ਲਗਾਈ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਕੋਲ ਪਹੁੰਚਣ ਵਾਲੀਆਂ ਸ਼ਿਕਾਇਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਕਮਿਸ਼ਨ ਤੱਕ ਆਸਾਨੀ ਨਾਲ ਪਹੁੰਚਾਉਣ ਲਈ ਹਰੇਕ ਜ਼ਿਲ੍ਹੇ ਵਿੱਚ ਡਾਕਟਰਾਂ, ਵਕੀਲਾਂ, ਵਪਾਰੀਆਂ ਅਤੇ ਪੜ੍ਹੇ-ਲਿਖੇ ਨਾਗਰਿਕਾਂ ਦੇ ਗਰੁੱਪ ਤਿਆਰ ਕੀਤੇ ਜਾ ਰਹੇ ਹਨ। ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਮਕਸਦ ਸਿਰਫ਼ ਕਮੀਆਂ ਕੱਢਣਾ ਨਹੀਂ, ਸਗੋਂ ਪ੍ਰਸ਼ਾਸਨਿਕ ਸੁਧਾਰ ਲਿਆਉਣਾ ਅਤੇ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਕਰਨਾ ਹੈ।
- Download Babushahi App
-
-