ਵੋਟਰ ਸੂਚੀਆਂ ਵਿੱਚ ਗੜਬੜੀਆਂ ਨੂੰ ਲੈ ਕੇ ਬਠਿੰਡਾ ਸ਼ਹਿਰੀ ਕਾਂਗਰਸ ਨੇ ਫੂਕਿਆ ਪੁਤਲਾ
ਅਸ਼ੋਕ ਵਰਮਾ
ਬਠਿੰਡਾ, 28 ਸਤੰਬਰ 2026 ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵੋਟਰ ਸੂਚੀਆਂ ਵਿੱਚ ਹੋ ਰਹੀਆਂ ਗੜਬੜੀਆਂ ਅਤੇ ਕੱਟੀਆਂ ਜਾ ਰਹੀਆਂ ਵੋਟਾਂ ਦੇ ਮਾਮਲੇ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ਤੇ ਅੱਜ ਬਠਿੰਡਾ ਸ਼ਹਿਰੀ ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਫੌਰੀ ਤੌਰ ਤੇ ਹਟਾਉਣ ਦੀ ਮੰਗ ਕੀਤੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ, ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ, ਕੇਕੇ ਅਗਰਵਾਲ, ਅਸੋਕ ਕੁਮਾਰ, ਪਵਨ ਮਾਨੀ, ਟਹਿਲ ਸਿੰਘ ਸੰਧੂ ਅਤੇ ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਨੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਵੋਟ ਚੋਰ ਹੈ ਅਤੇ ਵੋਟਰ ਸੂਚੀਆਂ ਵਿੱਚ ਗੜਬੜੀਆਂ ਕਰਕੇ ਆਪਣਾ ਬਹੁਮਤ ਹਾਸਿਲ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਅਜਿਹਾ ਹੋਣ ਨਹੀਂ ਦੇਵੇਗੀ।
ਉਹਨਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਬੀਜੇਪੀ ਦੇ ਹੱਥਾਂ ਵਿੱਚ ਖੇਡ ਰਹੇ ਹਨ ਜਿਸ ਕਰਕੇ ਹਰ ਸੂਬੇ ਵਿੱਚ ਵੋਟਾਂ ਦੀ ਚੋਰੀ ਕੀਤੀ ਜਾ ਰਹੀ ਹੈ ਪਰ ਕਾਂਗਰਸ ਇਸ ਮੁੱਦੇ ਨੂੰ ਬਰਦਾਸ਼ਤ ਨਹੀਂ ਕਰੇਗੀ ।ਉਹਨਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਪਾਸੇ ਕਰਕੇ ਨਿਰਪੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਜਾਵੇ ਅਤੇ ਕੱਟੀਆਂ ਗਈਆਂ ਵੋਟਾਂ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਉਹ ਵੋਟਾਂ ਬਹਾਲ ਕੀਤੀਆਂ ਜਾਣ ਤੇ ਵੋਟ ਚੋਰੀ ਸਿਸਟਮ ਬੰਦ ਕੀਤਾ ਜਾਵੇ। ਉਹਨਾਂ ਕਿਹਾ ਕਿ ਮੋਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾਈਆ ਜਾ ਰਹੀਆਂ ਹਨ, ਜਿਸ ਕਰਕੇ ਕਾਂਗਰਸ ਇਸ ਮੁੱਦੇ ਨੂੰ ਲੈ ਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਸੈਸ਼ਨ ਵਿੱਚ ਵੀ ਸਰਕਾਰ ਤੋਂ ਜਵਾਬਤਲਬੀ ਕਰੇਗੀ। ਉਹਨਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਉਹਨਾਂ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਜਾਵੇ।
- Download Babushahi App
-
-