ਸਮਰਾਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾਪੇਮਾਰੀ, 132 ਵਿਅਕਤੀ ਮਿਲੇ; 6 ਨਾਬਾਲਗ ਵੀ ਸ਼ਾਮਲ
ਕਈ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ
Ravinder Singh
ਸਮਰਾਲਾ: ਸਮਰਾਲਾ ਪੁਲਿਸ ਵੱਲੋਂ ਇੱਕ ਗੈਰ-ਕਾਨੂੰਨੀ ਤਰੀਕੇ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਨੂੰ ਸੂਚਨਾ ਮਿਲੀ ਸੀ ਘੁਲਾਲ ਪਿੰਡ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਬਿਨਾਂ ਕਾਨੂੰਨੀ ਮਨਜ਼ੂਰੀ ਦੇ ਚਲਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ, ਆਈਪੀਐੱਸ ਦੇ ਨਿਰਦੇਸ਼ਾਂ ਹੇਠ ਪੁਲਿਸ ਦੀ ਸਪੈਸ਼ਲ ਬ੍ਰਾਂਚ ਟੀਮ, ਐੱਸਐੱਚਓ ਸਮਰਾਲਾ ਅਤੇ ਮੈਡੀਕਲ ਟੀਮ ਨੂੰ ਨਾਲ ਲੈ ਕੇ ਉਕਤ ਕੇਂਦਰ ’ਤੇ ਛਾਪੇਮਾਰੀ ਕੀਤੀ ਗਈ।
ਪੁਲਿਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਕੇਂਦਰ ਵਿੱਚੋਂ ਲਗਭਗ 132 ਵਿਅਕਤੀ ਮਿਲੇ, ਜਿਨ੍ਹਾਂ ਨੂੰ ਉੱਥੇ ਰੱਖਿਆ ਗਿਆ ਸੀ। ਇਨ੍ਹਾਂ ਵਿੱਚੋਂ 6 ਨਾਬਾਲਗ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਕੇਂਦਰ ਵਿੱਚ ਮੌਜੂਦ ਕਈ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਐੱਨਡੀਪੀਐੱਸ ਐਕਟ ਤਹਿਤ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਚੋਰੀ, ਸਨੈਚਿੰਗ ਅਤੇ ਕੁੱਟਮਾਰ ਵਰਗੇ ਮਾਮਲੇ ਵੀ ਸ਼ਾਮਲ ਹਨ।
ਪੁਲਿਸ ਅਧਿਕਾਰੀਆਂ ਅਨੁਸਾਰ, ਲਗਭਗ 14 ਤੋਂ 15 ਵਿਅਕਤੀ ਅਜਿਹੇ ਵੀ ਹਨ, ਜਿਨ੍ਹਾਂ ਨੂੰ ਮਾਣਯੋਗ ਅਦਾਲਤਾਂ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ। ਪੁਲਿਸ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵਿੱਚੋਂ ਕਿੰਨੇ ਵਿਅਕਤੀ ਅਜੇ ਵੀ ਕਾਨੂੰਨੀ ਕਾਰਵਾਈ ਦੇ ਘੇਰੇ ਵਿੱਚ ਹਨ। ਸਮਰਾਲਾ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੇਂਦਰ ਦੇ ਗੈਰ-ਕਾਨੂੰਨੀ ਢੰਗ ਨਾਲ ਚੱਲਣ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
- Download Babushahi App
-
-