ਸਾਈਬਰ ਸੈੱਲ ਵੱਲੋਂ ਸਕੂਲਾਂ ਨੂੰ ਧਮਕੀ ਵਾਲੀ ਈਮੇਲ ਦੀ ਜਾਂਚ ਜਾਰੀ, ਮਾਪਿਆਂ ਨੂੰ ਘਬਰਾਉਣ ਦੀ ਲੋੜ ਨਹੀਂ: ਡੀਸੀਪੀ ਜੁਗਰਾਜ
ਕੁਲਵਿੰਦਰ ਸਿੰਘ
ਅੰਮ੍ਰਿਤਸਰ 30 ਸਤੰਬਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਆਉਂਦੇ ਚੀਫ ਖਾਲਸਾ ਦੀਵਾਨ ਸਕੂਲ ਸਮੇਤ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਵੱਖ-ਵੱਖ ਸਕੂਲਾਂ ਦੀ ਸੁਰੱਖਿਆ ਦੀ ਜਾਂਚ ਕੀਤੀ ਗਈ ਹੈ। ਇਸ ਸਬੰਧੀ ਡੀਸੀਪੀ ਆਪਰੇਸ਼ਨ ਜੁਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਹੈ ਅਤੇ ਕਿਸੇ ਵੀ ਸਕੂਲ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਡੀਸੀਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਦਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਇਆ, ਉਸ ਤੋਂ ਤੁਰੰਤ ਬਾਅਦ ਵੱਖ-ਵੱਖ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਅਧਿਕਾਰੀਆਂ ਨੇ ਸਕੂਲ ਪ੍ਰਬੰਧਕਾਂ ਅਤੇ ਸਕੂਲ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਹਰ ਪਹਿਲੂ ਦੀ ਵੈਰੀਫਿਕੇਸ਼ਨ ਕੀਤੀ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਸਾਹਮਣੇ ਨਹੀਂ ਆਈ ਅਤੇ ਸਕੂਲ ਪੂਰੀ ਤਰ੍ਹਾਂ ਸੁਰੱਖਿਅਤ ਹਨ। ਡੀਸੀਪੀ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਬਿਨਾਂ ਪੁਸ਼ਟੀ ਕੀਤੀ ਜਾਣਕਾਰੀ ਨੂੰ ਅੱਗੇ ਨਾ ਫੈਲਾਉਣ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਈਮੇਲਾਂ ਰਾਹੀਂ ਮਾਹੌਲ ਖਰਾਬ ਕਰਨ ਅਤੇ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਦੇ ਸਾਈਬਰ ਸੈੱਲ ਅਤੇ ਹੋਰ ਜਾਂਚ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ। ਈਮੇਲ ਦੇ IP ਐਡਰੈੱਸ ਸਮੇਤ ਹੋਰ ਤਕਨੀਕੀ ਵੇਰਵਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਈਮੇਲ ਭੇਜਣ ਵਾਲੇ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਜਿਹਾ ਇੱਕ ਮਾਮਲਾ ਕੁਝ ਮਹੀਨੇ ਪਹਿਲਾਂ ਵੀ ਸਾਹਮਣੇ ਆਇਆ ਸੀ ਜਿਸ ਨੂੰ ਟਰੇਸ ਕਰਕੇ ਕੇਰਲਾ ਤੋਂ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਡੀਸੀਪੀ ਜੁਗਰਾਜ ਸਿੰਘ ਨੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਬੱਚਿਆਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਪੁਲਿਸ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਦਿੱਤੇ ਗਏ ਹਨ। ਜੇਕਰ ਕਿਸੇ ਨੂੰ ਕੋਈ ਸ਼ੱਕੀ ਜਾਣਕਾਰੀ ਮਿਲਦੀ ਹੈ ਤਾਂ ਖੁਦ ਕੋਈ ਫੈਸਲਾ ਲੈਣ ਦੀ ਬਜਾਏ ਪਹਿਲਾਂ ਪੁਲਿਸ ਨਾਲ ਸੰਪਰਕ ਕਰਕੇ ਜਾਣਕਾਰੀ ਦੀ ਪੁਸ਼ਟੀ ਕੀਤੀ ਜਾਵੇ।
- Download Babushahi App
-
-