ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀਆਂ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ
ਅਸ਼ੋਕ ਵਰਮਾ
ਬਠਿੰਡਾ, 2 ਅਕਤੂਬਰ 2026 :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲੀਆ ਬਿਆਨ ਤੋਂ ਬਾਅਦ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਵਿੱਚ ਨੌਕਰੀ ਨੂੰ ਲੈ ਕੇ ਚਿੰਤਾ ਵੱਧ ਗਈ ਹੈ ਜਿਸ ਵਿੱਚ ਉਹਨਾਂ ਨੇ ਖਦਸ਼ਾ ਜਤਾਇਆ ਸੀ ਕਿ ਜੇਕਰ ਸਰਕਾਰ ਮੁੜ ਸੱਤਾ ਵਿੱਚ ਨਹੀਂ ਆਉਂਦੀ ਤਾਂ ਆਮ ਆਦਮੀ ਕਲੀਨਿਕ ਬੰਦ ਹੋ ਸਕਦੇ ਹਨ। ਇਸ ਤੋਂ ਬਾਅਦ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਨੇ ਸਰਕਾਰ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦਾ ਫੈਸਲਾ ਕਰਦਿਆਂ 12 ਅਕਤੂਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਵਿਚਲੀ ਰਿਹਾਇਸ਼ ਨੂੰ ਘੇਰਨ ਦਾ ਐਲਾਨ ਕੀਤਾ ਹੈ। ਫਰੰਟ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਤੋਂ ਬਾਅਦ ਵੀ ਉਹਨਾਂ ਦੀ ਸੁਣਵਾਈ ਨਾ ਕੀਤੀ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ਼ ਕਰ ਦੇਣਗੇ।ਆਮ ਆਦਮੀ ਕਲੀਨਿਕ ਫਾਰਮਾਸਿਸਟ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਪਰਮਜੀਤ ਸਿੰਘ ਅਤੇ ਡਾ. ਪਰਮਿੰਦਰ ਪਾਲ ਨੇ ਦੱਸਿਆ ਕਿ ਸੂਬੇ ਵਿੱਚ ਕਰੀਬ 10 ਮੋਹੱਲਾ ਕਲੀਨਿਕਾਂ ਰਾਹੀਂ 44 ਡਾਕਟਰਾਂ, ਫਾਰਮਾਸਿਸਟਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਭਰਤੀ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਸੂਬੇ ਵਿੱਚ ਚੱਲ ਰਹੇ ਕਰੀਬ 1,090 ਕਲੀਨਿਕਾਂ ਦੇ ਮੁਲਾਜ਼ਮਾਂ,ਜਿਨ੍ਹਾਂ 'ਚ ਡਾਕਟਰ, ਫਾਰਮਾਸਿਸਟ , ਕਲੀਨਿਕਲ ਅਸਿਸਟੈਂਟ ਅਤੇ ਹੋਰ ਸਟਾਫ਼ ਸ਼ਾਮਲ ਹੈ, ਵਿੱਚ ਆਪਣੀਆਂ ਨੌਕਰੀਆਂ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ।
ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ ਚਾਰ ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ, ਪਰ ਇਸ ਦੌਰਾਨ ਉਨ੍ਹਾਂ ਦੀ ਤਨਖ਼ਾਹ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।ਫਰੰਟ ਦਾ ਕਹਿਣਾ ਹੈ ਕਿ ਕਰਮਚਾਰੀਆਂ ਨੂੰ ਸਭ ਤੋਂ ਵੱਧ ਚਿੰਤਾ ਨੌਕਰੀ ਦੀ ਸੁਰੱਖਿਆ ਨੂੰ ਲੈ ਕੇ ਹੈ। ਉਨ੍ਹਾਂ ਦਾ ਤਰਕ ਹੈ ਕਿ ਜੇ ਸਰਕਾਰ ਬਦਲਣ ਤੋਂ ਬਾਅਦ ਆਮ ਆਦਮੀ ਕਲੀਨਿਕਾਂ ਦੀ ਵਿਵਸਥਾ ਪ੍ਰਭਾਵਿਤ ਹੁੰਦੀ ਹੈ ਤਾਂ ਵੱਡੀ ਗਿਣਤੀ ਵਿੱਚ ਕਰਮਚਾਰੀ ਬੇਰੁਜ਼ਗਾਰ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ"ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਗਏ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ 'ਆਪ' ਸੱਤਾ ਵਿੱਚ ਨਹੀਂ ਰਹਿੰਦੀ ਤਾਂ ਪੰਜਾਬ ਵਿੱਚ ਵੀ ਅਜਿਹੇ ਕਲੀਨਿਕ ਬੰਦ ਕੀਤੇ ਜਾ ਸਕਦੇ ਹਨ।" ਉਨ੍ਹਾਂ ਅੱਗੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਸਿਹਤ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ।ਇਸੇ ਆਸ਼ੰਕਾ ਨੂੰ ਦੇਖਦੇ ਹੋਏ ਫਰੰਟ ਨੇ ਕਰਮਚਾਰੀਆਂ ਨੂੰ ਕਾਂਟ੍ਰੈਕਟ ’ਤੇ ਨਿਯਮਿਤ ਤੌਰ ’ਤੇ ਨਿਯੁਕਤ ਕਰਨ ਅਤੇ ਨੌਕਰੀ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੀ ਮੰਗ ਉਠਾਈ ਹੈ। ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਅੰਦੋਲਨ ਕਰ ਚੁੱਕੇ ਹਨ, ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ।
ਆਮ ਆਦਮੀ ਕਲੀਨਿਕ ਕਲੀਨਿਕਲ ਅਸਿਸਟੈਂਟ ਐਸੋਸੀਏਸ਼ਨ ਦੀ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਨੇ “ਪੱਕਾ ਰੁਜ਼ਗਾਰ” ਦੇਣ ਦਾ ਭਰੋਸਾ ਦਿੱਤਾ ਸੀ, ਪਰ ਕਲੀਨਿਕ ਦੇ ਸਟਾਫ਼ ਨੂੰ ਨੌਕਰੀ ਦੀ ਸੁਰੱਖਿਆ ਨਹੀਂ ਦਿੱਤੀ ਗਈ। ਉਨ੍ਹਾਂ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਮੁਲਾਜ਼ਮ ਇੰਪੈਨਲਮੈਂਟ ਰਾਹੀਂ ਰੱਖੇ ਜਾਣ ਦੀ ਬਜਾਏ ਕਿਸੇ ਸਰਕਾਰੀ ਵਿਭਾਗ ਦੇ ਅਧੀਨ ਆਉਣਾ ਚਾਹੁੰਦੇ ਹਨ। ਸਮੂਹ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਫੈਸਲਾ ਨਾ ਹੋਇਆ ਤਾਂ 12 ਅਕਤੂਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਫਿਰ ਵੀ ਮਸਲੇ ਦਾ ਕੋਈ ਹੱਲ ਨਹੀਂ ਹੁੰਦਾ ਤਾਂ ਅਗਲੇ ਤਿੱਖੇ ਸੰਘਰਸ਼ ਲਈ ਵੀ ਫੈਸਲੇ ਲਏ ਜਾ ਸਕਦੇ ਹਨ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
- Download Babushahi App
-
-