'ਮਾਨ ਦੇ ਮੁਨਾਫ਼ੇ' ਮੁਹਿੰਮ: ਲਹਿਰਾਗਾਗਾ ਵਿੱਚ ਲੋਕਾਂ ਦੇ ਬੂਹੇ ’ਤੇ ਪਹੁੰਚੇ ਬਰਿੰਦਰ ਕੁਮਾਰ ਗੋਇਲ; ਸਾਂਝਾ ਕੀਤਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ
ਘਰ-ਘਰ ਮੁਹਿੰਮ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ; ਸੁਣੀਆਂ ਸਮੱਸਿਆਵਾਂ ਤੇ ਸੁਝਾਅ
ਲੋਕਾਂ ਦੇ ਘਰੇਲੂ ਖ਼ਰਚੇ ਘਟਾਉਣਾ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ
ਸਰਕਾਰਾਂ ਦੀ ਤੁਲਨਾ ਕੰਮਾਂ ਅਤੇ ਆਪਣੇ ਪਰਿਵਾਰ ਨੂੰ ਮਿਲੇ ਲਾਭ ਦੇ ਆਧਾਰ ’ਤੇ ਕਰਨ ਲੋਕ: ਗੋਇਲ
ਲਹਿਰਾਗਾਗਾ/ਸੰਗਰੂਰ, 2 ਅਕਤੂਬਰ:
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਸ਼ਹਿਰ ਵਿੱਚ 'ਮਾਨ ਦੇ ਮੁਨਾਫ਼ੇ' ਮੁਹਿੰਮ ਤਹਿਤ ਘਰ-ਘਰ ਅਤੇ ਦੁਕਾਨਾਂ 'ਤੇ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਆਮ ਆਦਮੀ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਤਹਿਤ ਉਨ੍ਹਾਂ ਲੋਕਾਂ ਸਾਹਮਣੇ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਰੱਖਿਆ ਅਤੇ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।
ਇਸ ਮੌਕੇ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੋਕਾਂ ਵਿਚਕਾਰ ਜਾ ਕੇ ਆਪਣੇ ਕੰਮਾਂ ਦਾ ਹਿਸਾਬ ਦੇਣਾ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣਾ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰਾਏ, ਸਮੱਸਿਆਵਾਂ ਅਤੇ ਸੁਝਾਅ ਜਾਣਨਾ ਵੀ ਹੈ, ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਪਰਿਵਾਰਾਂ ਦੇ ਘਰੇਲੂ ਖ਼ਰਚਿਆਂ ਦਾ ਬੋਝ ਘਟਾਉਣ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਆਪਣੀਆਂ ਮੁੱਖ ਤਰਜੀਹਾਂ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਸਰਕਾਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਪਰਾਲਿਆਂ ਨਾਲ ਪਰਿਵਾਰਾਂ ਦੇ ਇਲਾਜ ਅਤੇ ਬੱਚਿਆਂ ਦੀ ਪੜ੍ਹਾਈ ’ਤੇ ਹੋਣ ਵਾਲੇ ਖ਼ਰਚਿਆਂ ਨੂੰ ਘਟਾਉਣ ਵੱਲ ਕੰਮ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਮਜ਼ਬੂਤੀ ਲਈ ਵੀ ਸਰਕਾਰ ਵੱਲੋਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ ਯੋਗ ਐਸ.ਸੀ. ਵਰਗ ਦੀਆਂ ਮਹਿਲਾਵਾਂ ਲਈ 1,500 ਰੁਪਏ ਅਤੇ ਹੋਰ ਯੋਗ ਵਰਗਾਂ ਦੀਆਂ ਮਹਿਲਾਵਾਂ ਲਈ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਗਿਆ ਹੈ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਟੀ ਦੇ ਮੁਲਾਂਕਣ ਮੁਤਾਬਕ ਮੁਫ਼ਤ ਬਿਜਲੀ, ਸਿਹਤ, ਸਿੱਖਿਆ, ਮਹਿਲਾਵਾਂ ਲਈ ਵਿੱਤੀ ਸਹਾਇਤਾ ਅਤੇ ਹੋਰ ਲੋਕ-ਭਲਾਈ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਤੱਕ ਦਾ ਲਾਭ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰੇਲੂ ਬਜਟ ਦਾ ਹਿਸਾਬ ਲਗਾ ਕੇ ਖ਼ੁਦ ਦੇਖਣ ਕਿ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਨਾਲ ਉਨ੍ਹਾਂ ਦੀ ਬੱਚਤ ਵਿੱਚ ਕਿੰਨਾ ਵਾਧਾ ਹੋਇਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਸ਼ਹਿਰ ਅਤੇ ਸਮੁੱਚੇ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਸੜਕਾਂ, ਸਿਹਤ, ਸਿੱਖਿਆ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪਾਣੀ ਦੀ ਸੰਭਾਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਲਈ ਵੀ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਦੀ ਸੰਭਾਲ ਸਰਕਾਰ ਦੀਆਂ ਅਹਿਮ ਤਰਜੀਹਾਂ ਵਿੱਚ ਸ਼ਾਮਲ ਹੈ।
ਬਰਿੰਦਰ ਕੁਮਾਰ ਗੋਇਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਿਛਲੀਆਂ ਅਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਦੀ ਤੁਲਨਾ ਕੀਤੇ ਕੰਮਾਂ, ਮਿਲੀਆਂ ਸਹੂਲਤਾਂ ਅਤੇ ਆਪਣੇ ਜੀਵਨ ਵਿੱਚ ਆਈ ਤਬਦੀਲੀ ਦੇ ਆਧਾਰ ’ਤੇ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਸਭ ਤੋਂ ਵੱਡੀ ਨਿਰਣਾਇਕ ਹੈ ਅਤੇ ਹਰ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਦਾ ਪੂਰਾ ਹੱਕ ਰੱਖਦੀ ਹੈ।
ਵਿਰੋਧੀ ਧਿਰਾਂ ਦੀ ਬਿਆਨਬਾਜ਼ੀ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਕਿਸੇ ਵੀ ਪ੍ਰਚਾਰ ਤੋਂ ਪ੍ਰਭਾਵਿਤ ਹੋਣ ਦੀ ਬਜਾਏ ਆਪਣੇ ਤਜਰਬੇ ਅਤੇ ਤੱਥਾਂ ਦੇ ਆਧਾਰ ’ਤੇ ਰਾਏ ਬਣਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਹਰ ਘਰ ਤੱਕ ਪਹੁੰਚ ਕੇ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕਰਨਗੇ ਅਤੇ ਲੋਕਾਂ ਦੇ ਸੁਝਾਅ ਵੀ ਸੁਣਨਗੇ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਅਸੀਂ ਲੋਕਾਂ ਕੋਲ ਆਪਣੇ ਕੰਮਾਂ ਦਾ ਹਿਸਾਬ ਲੈ ਕੇ ਪਹੁੰਚ ਰਹੇ ਹਾਂ। ਲੋਕ ਖ਼ੁਦ ਪਰਖਣ ਕਿ ਉਨ੍ਹਾਂ ਦੇ ਪਰਿਵਾਰ ਨੂੰ ਕਿਹੜੀਆਂ ਸਹੂਲਤਾਂ ਮਿਲੀਆਂ ਹਨ ਅਤੇ ਘਰੇਲੂ ਖ਼ਰਚਿਆਂ ਵਿੱਚ ਕਿੰਨੀ ਬੱਚਤ ਹੋਈ ਹੈ। ਲੋਕਾਂ ਦੀ ਭਲਾਈ, ਹਲਕੇ ਦਾ ਵਿਕਾਸ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਸਾਡੀ ਰਾਜਨੀਤੀ ਦਾ ਕੇਂਦਰ ਹਨ।”
ਇਸ ਮੌਕੇ ਵੱਡੀ ਗਿਣਤੀ ਵਲੰਟੀਅਰ ਅਤੇ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ।
- Download Babushahi App
-
-