DA Case Breaking: ਹਾਈਕੋਰਟ ਹੋਈ ਸਖ਼ਤ - ਚੀਫ਼ ਸੈਕਟਰੀ ਨੂੰ ਜਾਰੀ ਕੀਤਾ ਫੌਜਦਾਰੀ ਮਾਣਹਾਨੀ ਦਾ ਕਾਰਨ ਦੱਸੋ ਨੋਟਿਸ
ਰਵੀ ਜੱਖੂ
ਚੰਡੀਗੜ੍ਹ: 6 ਅਕਤੂਬਰ, 2026- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਵੱਲੋਂ CS ਨੂੰ ਕਾਰਨ ਦੱਸੋ ਨੋਟਿਸ' ਜਾਰੀ ਕਰਦਿਆਂ ਪੁੱਛਿਆ ਕਿ ਉਨ੍ਹਾਂ ਖ਼ਿਲਾਫ਼ ਫੌਜਦਾਰੀ ਮਾਣਹਾਨੀ (Criminal Contempt) ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਤੈਅ ਕੀਤੀ ਹੈ। ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਦਾਲਤ ਵਿੱਚ ਅੱਜ ਵੀ ਨਿੱਜੀ ਤੌਰ 'ਤੇ ਹਾਜ਼ਰ ਸਨ।
ਅਦਾਲਤ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ 31 ਅਗਸਤ ਦੀ ਆਖ਼ਰੀ ਤਾਰੀਖ਼ ਤੱਕ ਪਾਲਣਾ ਰਿਪੋਰਟ ਦਾਖ਼ਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸਰਕਾਰ ਵੱਲੋਂ ਦਲੀਲ ਦਿੱਤੀ ਜਾ ਰਹੀ ਸੀ ਕਿ ਰਾਹਤ ਲਈ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਛੁੱਟੀ ਪਟੀਸ਼ਨ (SLP) ਦਾਇਰ ਕੀਤੀ ਗਈ ਹੈ।
ਹਾਲਾਂਕਿ, ਅਦਾਲਤ ਦੇ ਧਿਆਨ ਵਿੱਚ ਆਇਆ ਕਿ ਸਿਰਫ਼ ਸਮਾਂ ਲੰਘਾਉਣ ਦੇ ਮਕਸਦ ਨਾਲ ਸੁਪਰੀਮ ਕੋਰਟ ਵਿੱਚ ਨੁਕਸਦਾਰ (defective) SLP ਦਾਇਰ ਕੀਤੀ ਗਈ ਸੀ, ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਮੇ ਸਮੇਂ ਤੋਂ ਬਕਾਇਆ ਪਏ ਹੱਕਾਂ ਨੂੰ ਅਦਾ ਨਾ ਕਰਨਾ ਪਵੇ। ਮੁੱਖ ਸਕੱਤਰ ਵੱਲੋਂ ਬੀਤੇ ਦਿਨ ਦਾਇਰ ਕੀਤੇ ਗਏ ਹਲਫ਼ਨਾਮੇ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਸੁਪਰੀਮ ਕੋਰਟ ਵਿੱਚ ਦਾਇਰ ਅਰਜ਼ੀ 'ਤੇ ਵਕਾਲਤਨਾਮਾ ਤੱਕ ਦਸਤਖ਼ਤ ਨਹੀਂ ਕੀਤਾ ਗਿਆ ਸੀ ਅਤੇ ਪਟੀਸ਼ਨ ਵਿੱਚ ਕਈ ਹੋਰ ਖ਼ਾਮੀਆਂ ਵੀ ਮੌਜੂਦ ਸਨ।
ਹਾਈਕੋਰਟ ਦੇ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਹੋਣ ਕਾਰਨ ਮੁਲਾਜ਼ਮਾਂ ਵੱਲੋਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਇਹ ਮਾਮਲਾ ਮੁੜ ਅਦਾਲਤ ਵਿੱਚ ਲਿਆਂਦਾ ਗਿਆ ਸੀ। ਮੁਲਾਜ਼ਮਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਸਰਕਾਰ ਨੇ ਤੈਅ ਸਮੇਂ ਅੰਦਰ ਨਾ ਤਾਂ ਡੀਏ ਦੇ ਬਕਾਏ ਜਾਰੀ ਕੀਤੇ ਅਤੇ ਨਾ ਹੀ ਨਿਰਧਾਰਤ ਪਾਲਣਾ ਰਿਪੋਰਟ ਪੇਸ਼ ਕੀਤੀ।
- Download Babushahi App
-
-