'ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਲਈ ਰਾਜਪਾਲ ਨੂੰ ਮਿਲੇ ਮਨਪ੍ਰੀਤ ਸਿੰਘ ਇਆਲੀ; ਪੰਜਾਬ ਸਰਕਾਰ ਖ਼ਿਲਾਫ਼ ਸੀਬੀਆਈ ਜਾਂਚ ਦੇ ਹੁਕਮਾਂ ਤੋਂ ਬਾਅਦ ਸੀਐੱਮ ਮਾਨ ਦੇ ਅਸਤੀਫ਼ੇ ਦੀ ਮੰਗ
Ravi Jakhu
ਚੰਡੀਗੜ੍ਹ, 6 ਅਕਤੂਬਰ, 2026: 'ਅਕਾਲੀ ਦਲ ਵਾਰਿਸ ਪੰਜਾਬ' ਦੇ ਸੀਨੀਅਰ ਆਗੂਆਂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣੀ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਇਆਲੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਨੂੰ ਜਾਣਬੁੱਝ ਕੇ ਰਜਿਸਟਰ ਨਹੀਂ ਕੀਤਾ ਜਾ ਰਿਹਾ, ਜੋ ਕਿ ਸਿੱਧੇ ਤੌਰ 'ਤੇ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਕਾਰਗਿਲ ਜੰਗ ਤੱਕ ਸਿੱਖ ਕੌਮ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਜਿਸ ਦੇਸ਼ ਲਈ ਸਿੱਖਾਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ, ਅੱਜ ਉਸੇ ਦੇਸ਼ ਵਿੱਚ ਉਨ੍ਹਾਂ ਦੇ ਹੱਕ ਖੋਹੇ ਜਾ ਰਹੇ ਹਨ।
ਇਆਲੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਦੋ ਚੁਣੇ ਹੋਏ ਮੈਂਬਰ ਪਾਰਲੀਮੈਂਟ (MP) ਹਨ, ਜਿਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ ਹੈ ਅਤੇ ਇੱਕ ਵਿਧਾਇਕ (MLA) ਵੀ ਹੈ। ਇਸ ਦੇ ਬਾਵਜੂਦ ਰਜਿਸਟ੍ਰੇਸ਼ਨ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਤੋਂ ਕੋਈ ਖ਼ਤਰਾ ਨਹੀਂ ਹੈ, ਸਗੋਂ ਅਸਲ ਖ਼ਤਰਾ ਰਾਜਨੀਤਿਕ ਵਿਰੋਧੀ ਪਾਰਟੀਆਂ ਤੋਂ ਹੈ ਜੋ ਉਨ੍ਹਾਂ ਦੇ ਵਜੂਦ ਤੋਂ ਡਰ ਰਹੀਆਂ ਹਨ। ਪੰਜਾਬ ਦੇ ਪਾਣੀਆਂ ਦੇ ਹੱਕ ਖੋਹਣ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਖਾਂ ਨਾਲ ਇਤਿਹਾਸਕ ਤੌਰ 'ਤੇ ਹਮੇਸ਼ਾ ਅਨਿਆਂ ਹੁੰਦਾ ਆਇਆ ਹੈ।
ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਚੁੱਕਦਿਆਂ ਇਆਲੀ ਨੇ ਕਿਹਾ ਕਿ ਐੱਨਐੱਸਏ (NSA) ਖ਼ਤਮ ਹੋਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰੱਖਣਾ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਅਤੇ ਗ਼ਲਤ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਦਿੱਤੇ ਸੀਬੀਆਈ (CBI) ਜਾਂਚ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦਿੱਲੀ ਵਿੱਚ ਸਰਕਾਰੀ ਕੋਠੀਆਂ ਵਿੱਚ ਰਹਿ ਰਹੇ ਆਗੂਆਂ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
- Download Babushahi App
-
-