ਬਠਿੰਡਾ ਸ਼ਹਿਰੀ ਹਲਕੇ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਮੇਅਰ ਪਦਮਜੀਤ ਮਹਿਤਾ ਨੇ ਸੌਂਪੇ ਨਿਯੁਕਤੀ ਪੱਤਰ
ਆਂਗਣਵਾੜੀ ਕੇਂਦਰ ਬੱਚਿਆਂ ਅਤੇ ਮਾਵਾਂ ਦੇ ਪੋਸ਼ਣ ਤੇ ਵਿਕਾਸ ਵਿੱਚ ਨਿਭਾਅ ਰਹੇ ਅਹਿਮ ਭੂਮਿਕਾ : ਮੇਅਰ
ਅਸ਼ੋਕ ਵਰਮਾ
ਬਠਿੰਡਾ, 6 ਅਕਤੂਬਰ 2026 : ਬਠਿੰਡਾ ਸ਼ਹਿਰ ਦੇ ਸਾਰੇ 50 ਵਾਰਡਾਂ ਵਿੱਚ ਆਂਗਣਵਾੜੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਬਠਿੰਡਾ ਅਰਬਨ ਖੇਤਰ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਡੀਪੀਓ ਸ੍ਰੀ ਪੰਕਜ ਕੁਮਾਰ ਅਤੇ ਸੀਡੀਪੀਓ ਮੈਡਮ ਊਸ਼ਾ ਵੀ ਮੌਜੂਦ ਸਨ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।
ਪ੍ਰੈੱਸ ਕਾਨਫਰੰਸ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ 424 ਆਂਗਣਵਾੜੀ ਕੇਂਦਰ ਚੱਲ ਰਹੇ ਹਨ, ਜਦਕਿ ਬਠਿੰਡਾ ਅਰਬਨ ਖੇਤਰ ਦੇ ਸਾਰੇ 50 ਵਾਰਡਾਂ ਵਿੱਚ 174 ਆਂਗਣਵਾੜੀ ਕੇਂਦਰ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਰਾਹੀਂ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਮਾਵਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਾਲ-ਨਾਲ ਪੋਸ਼ਣ, ਸਿਹਤ ਅਤੇ ਮੁੱਢਲੀ ਸਿੱਖਿਆ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਮੇਅਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ 174 ਆਂਗਣਵਾੜੀ ਕੇਂਦਰਾਂ ਵਿੱਚੋਂ 14 ਥਾਵਾਂ ’ਤੇ ਆਂਗਣਵਾੜੀ ਹੈਲਪਰਾਂ ਦੇ ਅਹੁਦੇ ਖਾਲੀ ਸਨ। ਇਨ੍ਹਾਂ ਅਹੁਦਿਆਂ ਲਈ ਵਿਭਾਗ ਨੂੰ ਕੁੱਲ 70 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਵਿਭਾਗ ਵੱਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਅਰਜ਼ੀਆਂ ਦੀ ਜਾਂਚ ਸਮੇਤ ਸਾਰੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਅੱਜ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਮੁੱਢਲੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਸਮਾਜ ਦੇ ਸਿਹਤਮੰਦ ਅਤੇ ਮਜ਼ਬੂਤ ਭਵਿੱਖ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਬੱਚਿਆਂ ਅਤੇ ਪਰਿਵਾਰਾਂ ਨਾਲ ਸੰਵੇਦਨਸ਼ੀਲਤਾ ਨਾਲ ਪੇਸ਼ ਆਉਂਦਿਆਂ ਪੂਰੀ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਲੋੜ ਅਨੁਸਾਰ ਖਾਲੀ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਵੀ ਅੱਗੇ ਵਧਾਇਆ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚ ਸਕੇ।
- Download Babushahi App
-
-