ਫਾਸਟਟ੍ਰੈਕ ਪੰਜਾਬ ਪੋਰਟਲ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਜੋੜਿਆ
ਫਾਸਟਟ੍ਰੈਕ ਪੰਜਾਬ ਪੋਰਟਲ ਰਾਹੀਂ ਕੇਂਦਰ ਸਰਕਾਰ ਦੀਆਂ ਮਨਜ਼ੂਰੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਹੋਵੇਗੀ ਸੁਖਾਲੀ- ਡਿਪਟੀ ਕਮਿਸ਼ਨਰ
*ਮੋਗਾ, 7 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਫਾਸਟਟ੍ਰੈਕ ਪੰਜਾਬ ਪੋਰਟਲ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਪੂਰੀ ਜੋੜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਏਕੀਕਰਨ ਨਾਲ ਸੂਬੇ ਦੇ ਨਿਵੇਸ਼ਕਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਮਨਜ਼ੂਰੀਆਂ ਇੱਕੋ ਸਾਂਝੇ ਪਲੇਟਫਾਰਮ ਰਾਹੀਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਪੰਜਾਬ ਦੀ ਸਿੰਗਲ ਵਿੰਡੋ ਪ੍ਰਣਾਲੀ ਵਜੋਂ ਕੰਮ ਕਰ ਰਿਹਾ ਹੈ ਅਤੇ ਹੁਣ ਇਸ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਦੋ-ਤਰਫ਼ਾ ਢੰਗ ਨਾਲ ਜੋੜਿਆ ਗਿਆ ਹੈ। ਇਸ ਤਹਿਤ ਫਾਸਟਟ੍ਰੈਕ ਪੰਜਾਬ ਪੋਰਟਲ ’ਤੇ ਰਜਿਸਟਰਡ ਨਿਵੇਸ਼ਕ ਸਿੰਗਲ ਸਾਈਨ-ਆਨ ਦੀ ਸਹੂਲਤ ਰਾਹੀਂ ਆਪਣੀ ਸਾਂਝੀ ਅਰਜ਼ੀ ਦੇ ਜ਼ਰੀਏ ਨੈਸ਼ਨਲ ਸਿੰਗਲ ਵਿੰਡੋ ਸਿਸਟਮ ’ਤੇ ਉਪਲਬਧ ਕੇਂਦਰ ਸਰਕਾਰ ਦੀਆਂ ਮਨਜ਼ੂਰੀਆਂ ਤੱਕ ਪਹੁੰਚ ਕਰ ਸਕਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਨਿਵੇਸ਼ਕਾਂ ਅਤੇ ਉਦਯੋਗਾਂ ਲਈ ਵੱਖ-ਵੱਖ ਸਰਕਾਰੀ ਪੋਰਟਲਾਂ ’ਤੇ ਅਲੱਗ-ਅਲੱਗ ਅਰਜ਼ੀਆਂ ਦੇਣ ਦੀ ਪ੍ਰਕਿਰਿਆ ਵਿੱਚ ਕਮੀ ਆਵੇਗੀ ਅਤੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨਾ ਹੋਰ ਵੀ ਆਸਾਨ, ਪਾਰਦਰਸ਼ੀ ਅਤੇ ਸੁਚਾਰੂ ਬਣੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਵਿੱਚ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਅਤੇ ਨਿਵੇਸ਼ ਪੱਖੀ ਮਾਹੌਲ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਫਾਸਟਟ੍ਰੈਕ ਪੰਜਾਬ ਅਤੇ ਐਨ.ਐਸ.ਡਬਲਿਯੂ.ਐਸ. ਦੇ ਏਕੀਕਰਨ ਰਾਹੀਂ ਉਦਯੋਗਿਕ ਲਾਇਸੈਂਸ ਅਤੇ ਐੱਫ.ਡੀ.ਆਈ. ਮਨਜ਼ੂਰੀਆਂ, ਉਦਯਮ ਰਜਿਸਟ੍ਰੇਸ਼ਨ, ਵਾਤਾਵਰਣ ਅਤੇ ਜੰਗਲਾਤ ਮਨਜ਼ੂਰੀਆਂ, ਸੁਰੱਖਿਆ ਅਤੇ ਵਿਸਫੋਟਕ ਲਾਇਸੈਂਸਿੰਗ, ਕਿਰਤ ਅਤੇ ਰੋਜ਼ਗਾਰ ਨਾਲ ਸਬੰਧਤ ਰਜਿਸਟ੍ਰੇਸ਼ਨਾਂ ਤੋਂ ਇਲਾਵਾ ਵੱਖ-ਵੱਖ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਵੱਲੋਂ ਜਾਰੀ ਕੀਤੇ ਜਾਂਦੇ ਖੇਤਰ-ਵਿਸ਼ੇਸ਼ ਲਾਇਸੈਂਸਾਂ ਤੱਕ ਪਹੁੰਚ ਸੰਭਵ ਹੋਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਦਯੋਗਾਂ ਅਤੇ ਕਾਰੋਬਾਰਾਂ ਨੂੰ ਸਾਰੀਆਂ ਜੀ ਟੂ ਬੀ ( ਗੌਵਰਨਮੈਂਟ ਟੂ ਬਿਜਨਸ) ਸੇਵਾਵਾਂ ਇੱਕੋ ਇੰਟਰਫੇਸ ਰਾਹੀਂ ਪ੍ਰਾਪਤ ਕਰਨ ਲਈ ਢੁਕਵੀਂ ਸਹਾਇਤਾ ਪ੍ਰਦਾਨ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਵਿੱਚ ਕਾਰੋਬਾਰੀ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
- Download Babushahi App
-
-