ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਟੀ.ਬੀ. ਮੁਕਤ ਪਿੰਡਾਂ ਦੀਆਂ ਪੰਚਾਇਤਾਂ ਦਾ ਕੀਤਾ ਜਾਵੇਗਾ ਸਨਮਾਨ
ਅਸ਼ੋਕ ਵਰਮਾ
ਬਠਿੰਡਾ, 8 ਅਕਤੂਬਰ 2026:ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੀ.ਬੀ. ਮੁਕਤ ਭਾਰਤ ਅਭਿਆਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਮਿਤੀ 8 ਅਕਤੂਬਰ 2026 ਨੂੰ ਜੋਸ਼ ਟੀਮਾਂ ਦੀ ਸ਼ੁਰੂਆਤ ਕੀਤੀ ਗਈ । ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ 'ਤੇ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਨਵੀਂ ਦਿੱਲੀ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸਮਾਗਮ ਦਾ ਵਰਚੁਅਲ ਪ੍ਰਸਾਰਣ ਚਲਾਇਆ ਗਿਆ । ਇਸ ਮੌਕੇ ਜੋਸ਼ ਟੀਮਾਂ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਟੀਮ ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਟੀ.ਬੀ. ਮੁਕਤ ਭਾਰਤ ਦੀ ਸਹੁੰ ਵੀ ਚੁਕਾਈ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਬਾਰੇ ਜਾਗਰੂਕ ਕਰਨਾ ਅਤੇ ਭਾਈਚਾਰਕ ਪੱਧਰ 'ਤੇ ਟੀ.ਬੀ. ਦੀ ਰੋਕਥਾਮ, ਸਮੇਂ ਸਿਰ ਜਾਂਚ ਅਤੇ ਇਲਾਜ ਸਬੰਧੀ ਜਾਗਰੂਕਤਾ ਵਧਾਉਣਾ ਹੈ। ਜੋਸ਼ ਟੀਮਾਂ ਦਾ ਗਠਨ ਬਲਾਕ ਅਤੇ ਵਾਰਡ ਪੱਧਰ 'ਤੇ ਕੀਤਾ ਜਾ ਰਿਹਾ ਹੈ। ਹਰੇਕ ਟੀਮ ਵਿੱਚ ਪੰਜ ਮਾਈ ਭਾਰਤ ਵਲੰਟੀਅਰ ਅਤੇ ਪੰਜ ਐਨ.ਸੀ.ਸੀ. ਕੈਡਿਟ ਸ਼ਾਮਲ ਹੋਣਗੇ, ਜਿਨ੍ਹਾਂ ਦੀ ਅਗਵਾਈ ਕਲਾਸ-1 ਨੋਡਲ ਅਧਿਕਾਰੀ ਕਰਨਗੇ ।
ਜਿਲ੍ਹਾ ਟੀ.ਬੀ ਅਫ਼ਸਰ ਡਾ ਰੋਜੀ ਅਗਰਵਾਲ ਨੇ ਦੱਸਿਆ ਕਿ ਇਹ ਟੀਮਾਂ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ, ਬਿਮਾਰੀ ਦੀ ਜਾਂਚ, ਇਲਾਜ ਅਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਮਾਜ ਵਿੱਚ ਇਸ ਬਿਮਾਰੀ ਪ੍ਰਤੀ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਕੰਮ ਕਰਨਗੀਆਂ। ਇਸ ਤੋਂ ਇਲਾਵਾ, ਟੀ.ਬੀ. ਮੁਕਤ ਪਿੰਡਾਂ ਦੇ ਨਿਰਧਾਰਤ ਮਾਪਦੰਡ ਪੂਰੇ ਕਰਨ ਵਾਲੀਆਂ ਪੰਚਾਇਤਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਪਿੰਡਾਂ ਵਿੱਚ ਟੀ.ਬੀ. ਦੀ ਰੋਕਥਾਮ ਅਤੇ ਖਾਤਮੇ ਲਈ ਲੋਕਾਂ, ਪੰਚਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਮਾਈ ਭਾਰਤ ਵਲੰਟੀਅਰਾਂ, ਐਨ.ਸੀ.ਸੀ. ਕੈਡਿਟਾਂ, ਐਨ.ਐੱਸ.ਐੱਸ. ਵਲੰਟੀਅਰਾਂ, ਟੀ.ਬੀ. ਤੋਂ ਸਿਹਤਮੰਦ ਹੋਏ ਵਿਅਕਤੀਆਂ, ਵਿਦਿਅਕ ਸੰਸਥਾਵਾਂ ਅਤੇ ਪੰਚਾਇਤੀ ਨੁਮਾਇੰਦਿਆਂ ਦੀ ਸਰਗਰਮ ਭਾਗੀਦਾਰੀ ਮਹੱਤਵਪੂਰਨ ਹੈ।
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤੇ ਜਾਂ ਇਸ ਤੋਂ ਵੱਧ ਸਮੇਂ ਤੱਕ ਖੰਘ ਰਹਿੰਦੀ ਹੈ, ਬੁਖ਼ਾਰ ਆਉਂਦਾ ਹੈ, ਰਾਤ ਨੂੰ ਪਸੀਨਾ ਆਉਂਦਾ ਹੈ, ਭਾਰ ਘਟਦਾ ਹੈ ਜਾਂ ਹੋਰ ਸ਼ੱਕੀ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ. ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹਨ।
- Download Babushahi App
-
-