ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਹਿਰ ਨੂੰ ਕੀਤਾ ਜਾਵੇਗਾ ਟੋਇਆਂ ਤੋਂ ਮੁਕਤ : ਮੇਅਰ ਪਦਮਜੀਤ ਸਿੰਘ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 8 ਅਕਤੂਬਰ 2026 :ਬਠਿੰਡਾ ਸ਼ਹਿਰ ਦੀਆਂ ਸੜਕਾਂ ਨੂੰ ਸੁੰਦਰ, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸੇ ਲੜੀ ਤਹਿਤ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ੍ਰੀਮਤੀ ਕਮਲੇਸ਼ ਮਹਿਰਾ ਦੇ ਵਾਰਡ ਨੰਬਰ 47 ਵਿੱਚ ਸਥਿਤ ਵਿਸ਼ਾਲ ਨਗਰ ਤੋਂ ਪ੍ਰੀਮਿਕਸ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸ੍ਰੀਮਤੀ ਕਮਲੇਸ਼ ਮਹਿਰਾ, ਸ੍ਰੀ ਰਾਜ ਮਹਿਰਾ, ਸ੍ਰੀ ਕਮਲ ਓਹਰੀ, ਸ੍ਰੀ ਜਨਕ ਰਾਜ, ਸ੍ਰੀ ਲਵੀ ਜੋਸ਼ੀ, ਸ੍ਰੀ ਇੰਦਰਜੀਤ, ਸ੍ਰੀ ਕੁੰਜਬਿਹਾਰੀ, ਸ੍ਰੀ ਰਾਜੇਸ਼ ਅਰੋੜਾ, ਸ੍ਰੀ ਬਿੱਟੂ, ਸ੍ਰੀ ਰੂਪ, ਸ੍ਰੀ ਦਿਨੇਸ਼ ਅਰੋੜਾ, ਸ੍ਰੀ ਕ੍ਰਿਸ਼ਨ ਜਿੰਦਲ, ਸ੍ਰੀ ਅਮਿਤ ਮਹਿਤਾ, ਸ੍ਰੀ ਜੈਨ, ਸ੍ਰੀ ਰਾਜੂ, ਡਾ. ਸੁਰਿੰਦਰ ਸਿੰਗਲਾ, ਸ੍ਰੀ ਨੀਰਜ ਜੌੜਾ, ਸ੍ਰੀ ਰਘੁਨਾਥ ਗੋਇਲ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰ ਟੋਇਆਂ ਤੋਂ ਮੁਕਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਰੀਬ 33 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨਗਰ ਨਿਗਮ ਦਾ ਟੀਚਾ ਹੈ ਕਿ ਆਉਣ ਵਾਲੇ 7 ਤੋਂ 8 ਮਹੀਨਿਆਂ ਦੇ ਅੰਦਰ ਬਠਿੰਡਾ ਦੀਆਂ ਸੜਕਾਂ ਨੂੰ ਟੋਇਆਂ ਤੋਂ ਮੁਕਤ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਵਾਰਡ ਨੰਬਰ 47 ਦੇ ਵਿਸ਼ਾਲ ਨਗਰ ਸਮੇਤ ਇਲਾਕੇ ਦੀਆਂ ਕਈ ਸੜਕਾਂ ਦਾ ਪਿਛਲੇ 4 ਤੋਂ 5 ਸਾਲਾਂ ਤੋਂ ਨਿਰਮਾਣ ਨਹੀਂ ਹੋਇਆ ਸੀ। ਇਸ ਕਾਰਨ ਸਥਾਨਕ ਨਿਵਾਸੀਆਂ ਨੂੰ ਆਵਾਜਾਈ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਾਰਡ ਨੰਬਰ 47 ਦੇ ਵਿਸ਼ਾਲ ਨਗਰ ਤੋਂ ਪ੍ਰੀਮਿਕਸ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਸੜਕਾਂ ਦਾ ਨਵੀਨੀਕਰਨ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਸ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ ਅਤੇ ਨਾਗਰਿਕਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਨਗਰ ਨਿਗਮ ਵੱਲੋਂ ਪੜਾਅਵਾਰ ਢੰਗ ਨਾਲ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਇਲਾਕੇ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੱਕ ਖ਼ਰਾਬ ਸੜਕਾਂ ਦੀ ਸਮੱਸਿਆ ਨਾਲ ਜੂਝਣਾ ਨਾ ਪਵੇ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪ੍ਰੀਮਿਕਸ ਪਾਉਣ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਰਮਾਣ ਕਾਰਜ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਹੋਣੇ ਚਾਹੀਦੇ ਹਨ ਅਤੇ ਸੜਕਾਂ ਬਣਾਉਣ ਸਮੇਂ ਸਾਰੇ ਤਕਨੀਕੀ ਪਹਿਲੂਆਂ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੇ ਪੱਧਰ ਅਨੁਸਾਰ ਮੈਨਹੋਲਾਂ ਨੂੰ ਵੀ ਬਰਾਬਰ ਕੀਤਾ ਜਾਵੇ, ਤਾਂ ਜੋ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸੜਕ ਤਿਆਰ ਹੋਣ ਤੋਂ ਬਾਅਦ ਮੈਨਹੋਲ ਦਾ ਉੱਚਾ ਜਾਂ ਨੀਵਾਂ ਰਹਿ ਜਾਣਾ ਹਾਦਸਿਆਂ ਅਤੇ ਅਸੁਵਿਧਾ ਦਾ ਕਾਰਨ ਬਣ ਸਕਦਾ ਹੈ। ਇਸ ਲਈ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।ਮੇਅਰ ਨੇ ਕਿਹਾ ਕਿ ਸੜਕਾਂ ਲੋਕਾਂ ਦੀ ਜਾਇਦਾਦ ਹਨ ਅਤੇ ਇਨ੍ਹਾਂ ਦੇ ਨਿਰਮਾਣ ’ਤੇ ਖ਼ਰਚ ਹੋਣ ਵਾਲਾ ਪੈਸਾ ਵੀ ਲੋਕਾਂ ਦਾ ਹੀ ਹੈ। ਇਸ ਲਈ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਯਕੀਨੀ ਬਣਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸਮੇਂ ਖ਼ੁਦ ਨਿਰਮਾਣ ਕਾਰਜਾਂ ਦੀ ਅਚਨਚੇਤ ਜਾਂਚ ਕਰ ਸਕਦੇ ਹਨ। ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਸ਼ਹਿਰ ਵਿੱਚ ਚੱਲ ਰਹੇ ਹੋਰ ਪ੍ਰਮੁੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਬਠਿੰਡਾ ਵਿੱਚ ਕਰੀਬ 28 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 36 ਕਿਲੋਮੀਟਰ ਲੰਬੀ ਵਾਟਰ ਸਪਲਾਈ ਪਾਈਪਲਾਈਨ ਵਿਛਾਉਣ ਦਾ ਕੰਮ ਜਾਰੀ ਹੈ। ਇਸ ਦੇ ਨਾਲ ਹੀ ਕਰੀਬ 32 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 60 ਕਿਲੋਮੀਟਰ ਲੰਬੀ ਸੀਵਰੇਜ ਪਾਈਪਲਾਈਨ ਵਿਛਾਉਣ ਦੀ ਯੋਜਨਾ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਦਾ ਲਗਭਗ 40 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਕੰਮ ਵੀ ਜਲਦੀ ਪੂਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।ਮੇਅਰ ਨੇ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ ਪਾਈਪਲਾਈਨ ਦਾ ਕੰਮ ਪੂਰਾ ਕਰਨ ਦੇ ਨਾਲ-ਨਾਲ ਸੜਕਾਂ ਦੇ ਨਵੀਨੀਕਰਨ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਵਿਕਾਸ ਕਾਰਜਾਂ ਦੀ ਯੋਜਨਾ ਇਸ ਤਰ੍ਹਾਂ ਬਣਾਈ ਜਾ ਰਹੀ ਹੈ ਕਿ ਬਠਿੰਡਾ ਵਿੱਚ ਸਫ਼ਾਈ, ਸੜਕੀ ਸੰਪਰਕ ਅਤੇ ਨਾਗਰਿਕ ਸਹੂਲਤਾਂ ਨੂੰ ਇਕੱਠੇ ਮਜ਼ਬੂਤ ਕੀਤਾ ਜਾ ਸਕੇ।
- Download Babushahi App
-
-