ਦਾਨ ਮਹਾਂਉਤਸਵ ਮੌਕੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਪੌਦੇ ਲਾਉਣ ਦੀ ਮੁਹਿੰਮ ਚਲਾਈ
ਅਸ਼ੋਕ ਵਰਮਾ
ਬਠਿੰਡਾ, 08 ਅਕਤੂਬਰ 2026: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਦਾਨ ਮਹਾਂ ਉਤਸਵ ਮੌਕੇ ਐਨ.ਐਸ.ਐਸ. ਯੂਨਿਟ ਅਤੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਐਂਡ ਇੰਜਨੀਅਰਿੰਗ ਵੱਲੋਂ ਸਾਂਝੇ ਤੌਰ ’ਤੇ
ਯੂਨੀਵਰਸਿਟੀ ਦੇ ‘ਸ਼ੇਰ-ਏ-ਪੰਜਾਬ’ ਬਾਗ ਵਿੱਚ ਬੂਟੇ ਲਗਾਉਣ ਦੀ ਸ਼ਾਨਦਾਰ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਰੇ-ਭਰੇ, ਸਿਹਤਮੰਦ ਤੇ ਟਿਕਾਊ ਵਾਤਾਵਰਣ ਦੀ ਸਿਰਜਣਾ ਲਈ ਉਨ੍ਹਾਂ ਨੂੰ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।
"ਅੱਜ ਇੱਕ ਰੁੱਖ ਲਗਾਓ, ਹਰਾ-ਭਰਾ ਕੱਲ੍ਹ ਸੁਰੱਖਿਅਤ ਕਰੋ" ਮੁਹਿੰਮ ਦੇ ਹਿੱਸੇ ਵਜੋਂ, ਇੱਕ ਇਸ ਮੌਕੇ ‘ਸ਼ੇਰ-ਏ-ਪੰਜਾਬ’ ਬਾਗ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. (ਡਾ.) ਪਰਮਜੀਤ ਸਿੰਘ ਨੇ ਵੀ ਬੂਟਾ ਲਗਾ ਕੇ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਵਾਤਾਵਰਣਕ ਸੰਤੁਲਨ ਕਾਇਮ ਰੱਖਣ ਵਿੱਚ ਰੁੱਖਾਂ ਦੀ ਅਹਿਮ ਭੂਮਿਕਾ ਨੂੰ ਸਮਝਣ ਦਾ ਮੌਕਾ ਮਿਲਿਆ।
ਇਹ ਪ੍ਰੋਗਰਾਮ ਵਿਭਾਗ ਦੇ ਮੁਖੀ ਪ੍ਰੋ. ਜਸਵੀਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਡਾ. ਅਭਿਲਾਸ਼ਾ, ਐਨ.ਐਸ.ਐਸ. ਕੋਆਰਡੀਨੇਟਰ; ਡਾ. ਵਿਨੀਤ ਚਾਵਲਾ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ; ਡਾ. ਕੰਵਲਜੀਤ ਸਿੰਘ, ਸਕਾਲਰਸ਼ਿਪ ਇੰਚਾਰਜ; ਇੰਜ. ਜਤਿੰਦਰ ਸਿੰਘ; ਇੰਜ. ਰਜਿੰਦਰ ਸਿੰਘ; ਸ੍ਰੀਮਤੀ ਸਿਮਰਨਪ੍ਰੀਤ ਕੌਰ ਅਤੇ ਡਾ. ਲਕਸ਼ਯਾ ਵੱਲੋਂ ਦਿੱਤੇ ਸਹਿਯੋਗ, ਮਾਰਗਦਰਸ਼ਨ ਅਤੇ ਉਤਸ਼ਾਹ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਐਂਡ ਇੰਜਨੀਅਰਿੰਗ ਅਤੇ ਐਨ.ਐਸ.ਐਸ. ਯੂਨਿਟ ਵੱਲੋਂ ਕਰਵਾਈ ਗਈ ਇਸ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
- Download Babushahi App
-
-