ਮੀਂਹ ਨੇ ਖੋਲ੍ਹੀ ਖਰੀਦ ਪ੍ਰਬੰਧਾਂ ਦੀ ਪੋਲ, ਫਾਜ਼ਿਲਕਾ ਸਮੇਤ ਵੱਖ ਵੱਖ ਮੰਡੀ 'ਚ ਪਾਣੀ ਵਿੱਚ ਰੁਲਿਆ ਅੰਨਦਾਤਾ-
'ਪੁੱਤਾਂ ਵਾਂਗ ਪਾਲੀ ਫ਼ਸਲ' ਪਾਣੀ 'ਚ ਡੁੱਬੀ, ਆਪ ਸਰਕਾਰ ਜ਼ਿੰਮੇਵਾਰ: ਕੇਵਲ ਢਿੱਲੋਂ
ਮੰਡੀਆਂ 'ਚ ਡੁੱਬਿਆ ਕਿਸਾਨ ਦਾ ਝੋਨਾ, ਸਟੇਜਾਂ 'ਤੇ ਚੁਟਕਲੇ ਸੁਣਾ ਰਹੇ ਮੁੱਖ ਮੰਤਰੀ: ਢਿੱਲੋਂ
ਨਾ ਤਰਪਾਲਾਂ, ਨਾ ਨਿਕਾਸੀ: ਮੰਡੀਆਂ ਦੇ ਹਾਲਾਤ ਨੇ ਮਾਨ ਸਰਕਾਰ ਦੀ ਤਿਆਰੀ 'ਤੇ ਖੜ੍ਹੇ ਕੀਤੇ ਸਵਾਲ
ਚੰਡੀਗੜ੍ਹ, 11 ਅਕਤੂਬਰ:
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਕਿ ਮੀਂਹ ਤੋਂ ਬਾਅਦ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸਾਹਮਣੇ ਆਏ ਹਾਲਾਤ ਨੇ ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਫਾਜ਼ਿਲਕਾ ਦੀ ਦਾਣਾ ਮੰਡੀ ਦੀਆਂ ਤਸਵੀਰਾਂ ਬੇਹੱਦ ਚਿੰਤਾਜਨਕ ਹਨ, ਜਿੱਥੇ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਕੀਤੀ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਵਿੱਚ ਡੁੱਬੀ ਹੋਈ ਦਿਖਾਈ ਦੇ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਵਿੱਚ ਹੀ ਜੇਕਰ ਮੰਡੀਆਂ ਦੇ ਅਜਿਹੇ ਹਾਲਾਤ ਹਨ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿੱਚ ਪਾਣੀ ਦੀ ਨਿਕਾਸੀ, ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਿਸਾਨਾਂ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੀ ਮੰਡੀ ਸਮੇਤ ਹੋਰ ਸ਼ਹਿਰਾਂ ਅਤੇ ਪਿੰਡਾਂ ਤੋਂ ਵੀ ਅਜਿਹੇ ਹਾਲਾਤ ਸਾਹਮਣੇ ਆ ਰਹੇ ਹਨ। ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਨਾ ਹੋਣਾ ਸਰਕਾਰ ਦੀ ਤਿਆਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਈ ਭਾਰੀ ਮਿਹਨਤ ਅਤੇ ਖ਼ਰਚ ਕਰਦੇ ਹਨ, ਅਜਿਹੇ ਵਿੱਚ ਜੇਕਰ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ਵਿੱਚ ਪਾਣੀ ਨਾਲ ਖ਼ਰਾਬ ਹੁੰਦੀ ਹੈ ਤਾਂ ਇਸ ਦਾ ਆਰਥਿਕ ਬੋਝ ਵੀ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ, ਜਿਸ ਲਈ ਸੂਬਾ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ ।
ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਡੀਆਂ ਵਿੱਚ ਪਾਣੀ ਦੀ ਨਿਕਾਸੀ, ਤਰਪਾਲਾਂ, ਫ਼ਸਲ ਦੀ ਸੰਭਾਲ ਅਤੇ ਖਰੀਦ ਦੇ ਸੁਚਾਰੂ ਪ੍ਰਬੰਧ ਤੁਰੰਤ ਯਕੀਨੀ ਬਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪਵੇ ਅਤੇ ਉਨ੍ਹਾਂ ਦੀ ਮਿਹਨਤ ਦੀ ਕਮਾਈ ਅੱਖਾਂ ਸਾਹਮਣੇ ਬਰਬਾਦ ਹੋਵੇ, ਇਹ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਸਟੇਜਾਂ ’ਤੇ ਚੁਟਕਲੇ ਸੁਣਾਉਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁੱਢਲੀਆਂ ਸਹੂਲਤਾਂ ਤੱਕ ਨਾ ਮਿਲਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਵਾਉਣ ਲਈ ਉਨ੍ਹਾਂ ਦੀ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੰਡੀਆਂ ਦੀ ਤੁਰੰਤ ਸਮੀਖਿਆ ਕਰੇ, ਨੁਕਸਾਨੀਆਂ ਫ਼ਸਲਾਂ ਦੀ ਸਥਿਤੀ ਦਾ ਜਾਇਜ਼ਾ ਲਵੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫ਼ਸਲ ਦੀ ਸੰਭਾਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਲੋਕਾਂ ਸਾਹਮਣੇ ਆ ਰਿਹਾ ਹੈ ਅਤੇ ਲੋਕ ਇਸਦਾ ਆਮ ਆਦਮੀ ਪਾਰਟੀ ਨੂੰ ਜਵਾਬ ਜ਼ਰੂਰ ਦੇਣਗੇ।
- Download Babushahi App
-
-