ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦਾ ਸੱਦਾ
ਦਲਜੀਤ ਕੌਰ
ਚੰਡੀਗੜ੍ਹ/ਜਲੰਧਰ, 14 ਅਕਤੂਬਰ, 2026: ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਨਸ਼ਾ ਸਮੱਗਲਰ ਦੁਆਰਾ ਕਤਲ ਕਰਨ ਵਿਰੁੱਧ ਮਾਨਸਾ ਵਿਖੇ ਸੰਘਰਸ਼ ਦੀ ਅਗਵਾਈ ਕਰ ਰਹੀ ਸੰਘਰਸ਼ ਕਮੇਟੀ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੰਜਾਬ ਬੰਦ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ 4 ਹਫ਼ਤਿਆਂ ਚ ਨਸ਼ਿਆਂ ਦਾ ਖਾਤਮਾ ਕਰਨ ਦੀ ਗਾਰੰਟੀ ਦੇਣ ਵਾਲੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨਾ ਹੋ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਪੁਲਿਸ,ਨਸ਼ਾ ਸਮੱਗਲਰ ਅਤੇ ਸਰਕਾਰ ਗੱਠਜੋੜ ਬਣਿਆ ਹੋਇਆ। ਜਿੰਨਾਂ ਚਿਰ ਇਸ ਗੱਠਜੋੜ ਦਾ ਖ਼ਾਤਮਾ ਨਹੀਂ ਹੁੰਦਾ। ਉਹਨਾਂ ਚਿਰ ਨਸ਼ਿਆਂ ਦਾ ਖ਼ਾਤਮਾ ਸੰਭਵ ਨਹੀਂ। ਉਨ੍ਹਾਂ ਕਿਹਾ ਹਰ ਰੰਗ ਦੀ ਸਰਕਾਰ ਦੇ ਰਾਜ ਵਿੱਚ ਇਸ ਗੱਠਜੋੜ ਵਲੋਂ ਨਸ਼ਿਆਂ ਦਾ ਧੰਦਾ ਵੱਧ ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਸਮੱਗਲਰਾਂ ਅਤੇ ਇਸ ਗੱਠਜੋੜ ਖਿਲਾਫ਼ ਕਾਰਵਾਈ ਦੀ ਬਜਾਏ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾ ਕੇ ਝੂਠੇ ਕੇਸਾਂ, ਜੇਲ੍ਹਾਂ ਚ ਬੰਦ ਕਰ ਰਹੀ ਹੈ ਅਤੇ ਨਸ਼ਾ ਸਮੱਗਲਰਾਂ ਨੂੰ ਸਰਕਾਰੀ ਸਰਪ੍ਰਸਤੀ ਇਸ ਕਦਰ ਮਿਲੀ ਹੋਈ ਹੈ,ਉਹ ਸ਼ਰੇਆਮ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਰਸਤੇ ਚੋਂ ਹਟਾਉਣ ਲਈ ਹਮਲਿਆਂ ਦਾ ਸ਼ਿਕਾਰ ਬਣਾ ਰਹੇ ਹਨ।ਪਰਮਿੰਦਰ ਸਿੰਘ ਝੋਟਾ ਇਸਦੀ ਤਾਜ਼ਾ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਲਈ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ,ਝੋਟੇ ਦੇ ਕਤਲ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ, ਪੋਸਟਮਾਰਟਮ ਪੀਜੀਆਈ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ ਅਤੇ ਕਾਤਲਾਂ ਤੇ ਹੋਰ ਜ਼ਿੰਮੇਵਾਰਾਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇ।
ਯੂਨੀਅਨ ਵਲੋਂ ਪੰਜਾਬ ਭਰ ਵਿੱਚ ਆਪਣੀਆਂ ਸਮੂਹ ਸਫ਼ਾ, ਮਜ਼ਦੂਰਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਸਫ਼ਲ ਬਣਾ ਕੇ ਏਕੇ ਦਾ ਸਬੂਤ ਦੇਣ ਦੀ ਅਪੀਲ ਕੀਤੀ ਗਈ ਹੈ।
- Download Babushahi App
-
-