ਸਕੱਤਰੇਤ ਪਹੁੰਚੇ ਆਪ ਆਗੂਆਂ ਨੇ ਗਿਆਸਪੁਰਾ ਦੇ ਜਾਤੀਗਤ ਬਿਆਨ ਨੂੰ ਦੱਸਿਆ ਗਲਤ
ਪਾਰਟੀ ਵਿੱਚ ਜਾਤ ਪਾਤ ਨੂੰ ਕੋਈ ਥਾਂ ਨਹੀਂ, ਸ਼੍ਰੀ ਅਕਾਲ ਤਖਤ ਸਾਹਿਬ ਸਾਹਮਣੇ ਕੀਤੀ ਖਿਮਾ ਜਾਚਨਾ ਧਾਲੀਵਾਲ
ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ’ਚ ਕਾਰਵਾਈ ਦੀ ਮੰਗ ਦੁਹਰਾਈ
ਕੁਲਵਿੰਦਰ ਸਿੰਘ
ਅੰਮ੍ਰਿਤਸਰ 16 ਅਕਤੂਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ 13 ਦੇ ਕਰੀਬ ਵਿਧਾਇਕ ਅਤੇ ਆਗੂ ਅੱਜ ਸਕੱਤਰੇਤ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਖਿਮਾ ਯਾਚਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜਾਤ-ਪਾਤ ਸਬੰਧੀ ਕਿਸੇ ਵੀ ਬਿਆਨਬਾਜ਼ੀ ਨਾਲ ਸਹਿਮਤ ਨਹੀਂ ਹੈ। ਧਾਲੀਵਾਲ ਨੇ ਦੱਸਿਆ ਕਿ ਉਹ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਮੁਲਾਜ਼ਮਾਂ ਵੱਲੋਂ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਦਾਖ਼ਲ ਹੋਣ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਮਿਤ ਸ਼ਾਹ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ, ਕਿਉਂਕਿ ਪੁਲਿਸ ਉਨ੍ਹਾਂ ਦੇ ਅਧੀਨ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਉਸ ਦਿਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਕੱਤਰੇਤ ਦੇ ਬਾਹਰ ਰੋਕ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨਾਲ ਉਹ ਸਹਿਮਤ ਨਹੀਂ ਸਨ। ਧਾਲੀਵਾਲ ਮੁਤਾਬਕ, ਜਥੇਦਾਰ ਸਾਹਿਬ ਨੇ ਇਸ ਬਿਆਨ ਦਾ ਖੰਡਨ ਕਰਨ ਲਈ ਕਿਹਾ ਸੀ, ਪਰ ਸੰਚਾਰ ਵਿੱਚ ਕਮੀ ਕਾਰਨ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਤਾਂ ਉਹ ਅਤੇ ਨਾ ਹੀ ਉਨ੍ਹਾਂ ਦੀ ਪਾਰਟੀ ਜਾਤ-ਪਾਤ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖ਼ਤ ਹੈ ਅਤੇ ਉਹ ਇਸ ਦਾ ਹਮੇਸ਼ਾ ਸਤਿਕਾਰ ਕਰਦੇ ਹਨ। ਉਨ੍ਹਾਂ ਮੁਤਾਬਕ, ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਗੁਰੂ ਮਹਾਰਾਜ ਅੱਗੇ ਮੱਥਾ ਟੇਕ ਕੇ ਖਿਮਾ ਯਾਚਨਾ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਜਿਹਾ ਕੀਤਾ। ਪੱਤਰਕਾਰਾਂ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਰੋਕੇ ਜਾਣ ਦੇ ਕਾਰਨ ਬਾਰੇ ਪੁੱਛੇ ਸਵਾਲ ’ਤੇ ਧਾਲੀਵਾਲ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਗਿਆਸਪੁਰਾ ਦੇ ਪੁਰਾਣੇ ਬਿਆਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਬਿਆਨ ਵੀ ਦਿਖਾਏ। ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਸਪੱਸ਼ਟ ਹੋ ਗਿਆ ਹੈ। ਇਸ ਦੇ ਨਾਲ ਹੀ ਧਾਲੀਵਾਲ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਮਾਮਲੇ ’ਤੇ ਮੁੜ ਕਾਰਵਾਈ ਦੀ ਮੰਗ ਰੱਖੀ। ਉਨ੍ਹਾਂ ਦੱਸਿਆ ਕਿ ਜਥੇਦਾਰ ਸਾਹਿਬ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
- Download Babushahi App
-
-