ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ
*ਕੈਬਨਿਟ ਮੰਤਰੀ ਵੱਲੋਂ ਸੁਨਾਮ ਵਿਖੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ
*ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੇ ਵਜੋਂ ਗ਼ੈਰਕਾਨੂੰਨੀ ਵਿਕਰੀ ਰੋਕਣ ਲਈ ਕੈਮਿਸਟ ਭਾਈਚਾਰੇ ਨੂੰ ਸਹਿਯੋਗ ਦੀ ਅਪੀਲ
*ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਹਰ ਘਰ ਨੂੰ ਨਸ਼ਿਆਂ ਦੇ ਕਹਿਰ ਤੋਂ ਸੁਰੱਖਿਅਤ ਕਰਨਾ ਸਰਕਾਰ ਦੀ ਤਰਜੀਹ
ਸੁਨਾਮ, 18 ਅਕਤੂਬਰ:
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਲੋਕਾਂ ਦੀ ਸਿਹਤ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਕੈਮਿਸਟ ਦੁਕਾਨਦਾਰ ਦੀ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਅੱਜ ਐੱਸ.ਯੂ.ਐੱਸ. ਕਾਲਜ, ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਧਿਕਾਰੀਆਂ, ਮੁੱਖ ਮੈਡੀਕਲ ਅਫ਼ਸਰ ਅਤੇ ਡਰੱਗ ਇੰਸਪੈਕਟਰ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਦੌਰਾਨ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੇ ਵਜੋਂ ਉਨ੍ਹਾਂ ਦੀ ਗ਼ੈਰਕਾਨੂੰਨੀ ਵਿਕਰੀ ਨੂੰ ਰੋਕਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫ਼ਲਤਾ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਰਗਰਮ ਸਹਿਯੋਗ ਜ਼ਰੂਰੀ ਹੈ ਅਤੇ ਇਸ ਕਾਰਜ ਵਿੱਚ ਕੈਮਿਸਟ ਭਾਈਚਾਰਾ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦਵਾਈਆਂ ਦਾ ਕਾਰੋਬਾਰ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਇਸ ਲਈ ਕੈਮਿਸਟ ਦੁਕਾਨਦਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈਆਂ ਦੀ ਵਿਕਰੀ ਸਬੰਧੀ ਲਾਗੂ ਨਿਯਮਾਂ ਦੀ ਪੂਰੀ ਪਾਲਣਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਨਸ਼ੇ ਵਜੋਂ ਦੁਰਵਰਤੋਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਵਾਈਆਂ ਦੀ ਵਿਕਰੀ ਲਈ ਡਾਕਟਰੀ ਪਰਚੀ ਲਾਜ਼ਮੀ ਹੈ, ਉਹ ਬਿਨਾਂ ਪਰਚੀ ਤੋਂ ਨਾ ਦਿੱਤੀਆਂ ਜਾਣ ਅਤੇ ਖ਼ਰੀਦ ਤੇ ਵਿਕਰੀ ਦਾ ਲੋੜੀਂਦਾ ਰਿਕਾਰਡ ਨਿਯਮਾਂ ਅਨੁਸਾਰ ਰੱਖਿਆ ਜਾਵੇ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਵਾਲੇ ਕੈਮਿਸਟ ਭਾਈਚਾਰੇ ਦੀ ਸਮਾਜ ਵਿੱਚ ਅਹਿਮ ਥਾਂ ਹੈ, ਪਰ ਕੁਝ ਵਿਅਕਤੀਆਂ ਵੱਲੋਂ ਨਿੱਜੀ ਮੁਨਾਫ਼ੇ ਲਈ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਇਸ ਸੇਵਾ ਨਾਲ ਜੁੜੇ ਕਾਰੋਬਾਰ ਨੂੰ ਬਦਨਾਮ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗ਼ੈਰਕਾਨੂੰਨੀ ਕੰਮਾਂ ਨੂੰ ਰੋਕਣ ਲਈ ਅੱਗੇ ਆਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਜਾਂ ਸਿਹਤ ਵਿਭਾਗ ਨੂੰ ਜਾਣਕਾਰੀ ਦੇਣ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ, ਸਿਹਤ ਵਿਭਾਗ ਅਤੇ ਕੈਮਿਸਟ ਭਾਈਚਾਰੇ ਦਰਮਿਆਨ ਨਿਰੰਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਸਬੰਧੀ ਮਿਲਣ ਵਾਲੀ ਜਾਣਕਾਰੀ ’ਤੇ ਸਮੇਂ ਸਿਰ ਕਾਰਵਾਈ ਅਤੇ ਲੋਕਾਂ ਨੂੰ ਦਵਾਈਆਂ ਦੀ ਦੁਰਵਰਤੋਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਹਰ ਘਰ ਨੂੰ ਨਸ਼ਿਆਂ ਦੇ ਕਹਿਰ ਤੋਂ ਸੁਰੱਖਿਅਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਮੂਹ ਕੈਮਿਸਟ ਦੁਕਾਨਦਾਰਾਂ ਅਤੇ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ।
ਇਸ ਮੌਕੇ ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਨੂੰ ਰੋਕਣ ਲਈ ਠੋਸ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਚ ਕੈਮਿਸਟ ਹਾਜ਼ਰ ਸਨ।
- Download Babushahi App
-
-