File Photo
ਪੰਜਾਬ ਵਿਧਾਨ ਸਭਾ ਦਾ ਸੈਸ਼ਨ: ਵਿਛੜੀਆਂ ਪਰਵਿੰਦਰ ਝੋਟਾ ਸਮੇਤ ਨਾਮਵਰ ਸ਼ਖ਼ਸੀਅਤਾਂ ਅਤੇ ਸੜਕ ਹਾਦਸੇ 'ਚ ਮਾਰੇ ਗਏ ਮਨਰੇਗਾ ਮਜ਼ਦੂਰਾਂ ਨੂੰ ਦਿੱਤੀ ਗਈ ਸ਼ਰਧਾਂਜਲੀ
Babushahi Network
ਚੰਡੀਗੜ੍ਹ 22 ਅਕਤੂਬਰ 2026- ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਵੱਖ-ਵੱਖ ਅਹਿਮ ਮੁੱਦਿਆਂ ਦੀ ਗੂੰਜ ਦੇ ਵਿਚਕਾਰ ਸ਼ੁਰੂ ਹੋਇਆ। ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਉਨ੍ਹਾਂ ਸਮੂਹ ਨਾਮਵਰ ਸ਼ਖ਼ਸੀਅਤਾਂ ਨੂੰ ਨਮਨ ਕੀਤਾ ਗਿਆ ਜਿਹੜੇ ਆਪਣੇ ਜੀਵਨ ਨੂੰ ਕੌਮ ਦੇ ਲੇਖੇ ਲਗਾ ਕੇ ਅਤੇ ਸਮਾਜ ਦੀ ਸੇਵਾ ਕਰਦਿਆਂ ਸਦੀਵੀ ਵਿਛੋੜਾ ਦੇ ਗਏ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।
ਸਦਨ ਵਿੱਚ ਸਭ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਉਹ ਸਾਲ 1997 ਵਿੱਚ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਅਤੇ 2011 ਵਿੱਚ ਡਿਪਟੀ ਸਪੀਕਰ ਵਜੋਂ ਸੇਵਾਵਾਂ ਨਿਭਾਈਆਂ। ਉਹ ਮੌਜੂਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਨ। ਇਸ ਤੋਂ ਇਲਾਵਾ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉੱਘੇ ਡਾਕਟਰ ਡਾ: ਰਤਨ ਲਾਲ ਮਿੱਤਲ (ਜਿਨ੍ਹਾਂ ਨੂੰ 2021 ਵਿੱਚ ਪਦਮ ਸ਼੍ਰੀ ਅਤੇ ਡਾ: ਬੀ.ਸੀ. ਰਾਏ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ) ਨੂੰ ਵੀ ਯਾਦ ਕੀਤਾ ਗਿਆ।
ਸਦਨ ਵਿੱਚ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ, ਸਾਬਕਾ ਕਬੱਡੀ ਖਿਡਾਰੀ ਅਤੇ ਬਾਕਸਰ ਪਰਵਿੰਦਰ ਸਿੰਘ ਉਰਫ਼ ਝੋਟਾ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਹਾਲ ਹੀ ਵਿੱਚ 13 ਅਕਤੂਬਰ 2026 ਨੂੰ ਉਨ੍ਹਾਂ ਦੇ ਇਸ ਦੁਖਦਾਈ ਵਿਛੋੜੇ ਨਾਲ ਪੰਜਾਬ ਦੀ ਜਵਾਨੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੇ ਨਿਰਸਵਾਰਥ ਯੋਗਦਾਨ ਨੂੰ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਦੇ ਨਾਲ ਹੀ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅੱਠ ਮਨਰੇਗਾ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਵਿੱਚ ਇੱਕ ਗਰਭਵਤੀ ਮਹਿਲਾ ਵੀ ਸ਼ਾਮਲ ਸੀ। ਸਦਨ ਨੇ ਇਨ੍ਹਾਂ ਮੌਤਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਦਿੱਤੇ ਗਏ ਮੁਆਵਜ਼ੇ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਇਲਾਵਾ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿਦਿਆ ਕੌਰ ਜੀ ਦੇ ਦੇਹਾਂਤ 'ਤੇ ਵੀ ਸੋਗ ਪ੍ਰਗਟਾਇਆ ਗਿਆ।
ਸਦਨ ਦੀ ਕਾਰਵਾਈ ਦੌਰਾਨ ਹੰਗਾਮੇ ਦੇ ਆਸਾਰ ਵੀ ਵੇਖਣ ਨੂੰ ਮਿਲੇ, ਕਿਉਂਕਿ ਵਿਰੋਧੀ ਧਿਰ ਵੱਲੋਂ ਕੁੱਝ ਮੁੱਦਿਆਂ 'ਤੇ ਆਵਾਜ਼ ਉਠਾਉਣ ਦੀ ਤਿਆਰੀ ਸੀ। ਪਰ ਸਪੀਕਰ ਵੱਲੋਂ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਅੱਜ ਦਾ ਦਿਨ ਸਿਰਫ਼ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਲਈ ਰਾਖਵਾਂ ਹੈ। ਮੌਨ ਧਾਰਨ ਕਰਨ ਉਪਰੰਤ ਸਪੀਕਰ ਨੇ ਅੱਜ ਦੀ ਬਾਕੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।
- Download Babushahi App
-
-