ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਤਰਨ ਤਾਰਨ ਦੇ ਪੱਟੀ ਵਿੱਚ ਹੰਗਾਮਾ
ਪ੍ਰਸ਼ਾਸਨ ਨੂੰ ਰੋਕ ਕੇ ਕਿਸਾਨਾਂ ਨੇ ਲਾਇਆ ਧਰਨਾ, ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ
Baljit Singh
ਪੱਟੀ/ਤਰਨ ਤਾਰਨ, 22 ਅਕਤੂਬਰ, 2026: ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਜਦੋਂ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਅੱਗ ਬੁਝਾਉਣ ਅਤੇ ਜਾਂਚ ਕਰਨ ਲਈ ਪਹੁੰਚੀ, ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਅਤੇ ਭਾਰਤੀ ਕਿਸਾਨ ਯੂਨੀ언 ਏਕਤਾ ਉਗਰਾਹਾਂ ਦੇ ਆਗੂਆਂ ਨੇ ਇਕੱਠੇ ਹੋ ਕੇ ਪ੍ਰਸ਼ਾਸਨਿਕ ਟੀਮ ਨੂੰ ਘੇਰ ਲਿਆ ਅਤੇ ਧਰਨਾ ਲਾ ਦਿੱਤਾ। ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪਰਾਲੀ ਚੁੱਕਣ ਜਾਂ ਇਸ ਦੇ ਨਿਪਟਾਰੇ ਲਈ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਮਜ਼ਬੂਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂ ਸਾਹਿਬ ਸਿੰਘ ਸਭਰਾ ਨੇ ਸਪੱਸ਼ਟ ਕੀਤਾ ਕਿ ਫ਼ਸਲ ਵੱਢੀ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਪਰਾਲੀ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਜੇਕਰ ਸਰਕਾਰ ਪਰਾਲੀ ਦੇ ਪੁਖਤਾ ਪ੍ਰਬੰਧ ਨਹੀਂ ਕਰ ਸਕਦੀ, ਤਾਂ ਕਿਸਾਨਾਂ ਨੂੰ 6,000 ਰੁਪਏ ਪ੍ਰਤੀ ਕਿੱਲਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਖੇਤਾਂ ਵਿੱਚ ਅੱਗ ਕਿਸਾਨਾਂ ਵੱਲੋਂ ਨਹੀਂ ਸਗੋਂ ਨੇੜੇ ਪਈ ਇੱਕ ਰੂੜੀ ਤੋਂ ਲੱਗੀ ਸੀ, ਪਰ ਪ੍ਰਸ਼ਾਸਨ ਬਿਨਾਂ ਵਜ੍ਹਾ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
- Download Babushahi App
-
-