ਮੰਤਰੀ ਚੀਮਾ ਬੋਲੇ- ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਯੂਨੀਅਨ ਆਗੂ ਕਹਿੰਦੇ- ਪਹਿਲਾਂ ਲਿਖਤੀ ਦਿਓ, ਫਿਰ ਲਵਾਂਗੇ ਫ਼ੈਸਲਾ
Babushahi Network
ਚੰਡੀਗੜ੍ਹ/ਪਟਿਆਲਾ, 24 ਅਕਤੂਬਰ 2026: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਦੇ ਮਾਮਲੇ ਵਿੱਚ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਪ੍ਰਮੁੱਖ ਮੰਗਾਂ ਉੱਤੇ ਸਹਿਮਤੀ ਬਣ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਯੂਨੀਅਨ ਨਾਲ ਹੋਈ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿੱਚ ਨੇਪਰੇ ਚੜ੍ਹੀ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਉੱਤੇ ਪੂਰੀ ਸਹਿਮਤੀ ਬਣ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਜਲਦੀ ਹੀ ਅਧਿਕਾਰਤ ਦਿਸ਼ਾ-ਨਿਰਦੇਸ਼ ਅਤੇ ਪੱਤਰ ਜਾਰੀ ਕਰ ਦਿੱਤੇ ਜਾਣਗੇ। ਮੰਤਰੀ ਨੇ ਭਰੋਸਾ ਦਿਵਾਇਆ ਕਿ ਅਗਲੇ ਹਫ਼ਤੇ ਤੱਕ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸੰਘਰਸ਼ ਦੌਰਾਨ ਮੁਲਾਜ਼ਮਾਂ ਉੱਤੇ ਦਰਜ ਕੀਤੇ ਗਏ ਪੁਲਿਸ ਮਾਮਲਿਆਂ (FIRs) ਬਾਰੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਸਲੇ ਦਾ ਵੀ ਕੋਈ ਸੁਲਝਿਆ ਹੋਇਆ ਹੱਲ ਕੱਢਿਆ ਜਾ ਸਕੇ।
ਦੂਜੇ ਪਾਸੇ, ਯੂਨੀਅਨ ਦੇ ਆਗੂ ਰਾਕੇਸ਼ ਕੁਮਾਰ ਨੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਹੜਤਾਲ ਨੂੰ ਤੁਰੰਤ ਬਿਨਾਂ ਕਿਸੇ ਲਿਖਤੀ ਸਬੂਤ ਦੇ ਖ਼ਤਮ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਸਾਡੀ ਪਟਿਆਲਾ ਹੈੱਡ ਆਫਿਸ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਲਗਾਤਾਰ ਜਾਰੀ ਹੈ। ਮੰਤਰੀ ਸਾਹਿਬ ਨੇ ਮੀਡੀਆ ਵਿੱਚ ਬਿਆਨ ਜ਼ਰੂਰ ਦਿੱਤਾ ਹੈ ਕਿ ਸਾਡੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਦਾ ਜਲਦੀ ਹੱਲ ਕੀਤਾ ਜਾਵੇਗਾ, ਪਰ ਜਦੋਂ ਤੱਕ ਸਾਡੇ ਹੱਥ ਵਿੱਚ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਲਿਖਤੀ ਪੱਤਰ ਨਹੀਂ ਆਉਂਦਾ, ਤਦ ਤੱਕ ਅਸੀਂ ਹੜਤਾਲ ਨੂੰ ਪੂਰੀ ਤਰ੍ਹਾਂ ਸਮਾਪਤ ਨਹੀਂ ਕਰਾਂਗੇ।
- Download Babushahi App
-
-