ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮੈਰਾਥਨ ਵਿੱਚ ਨੌਜਵਾਨਾਂ ਦਾ ਉਤਸ਼ਾਹ ਸ਼ਲਾਘਾਯੋਗ: ਕਾਲਕਾ, ਕਾਹਲੋੰ
ਸਿਹਤ ਪ੍ਰਤੀ ਜਾਗਰੂਕਤਾ ਦੇ ਨਾਲ ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਉਪਰਾਲਾ
ਮਨਮੋਹਨ ਸਿੰਘ
ਨਵੀਂ ਦਿੱਲੀ 25 ਅਕਤੂਬਰ,2026 (
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਅੱਜ ਇੰਡੀਆ ਗੇਟ ਤੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੱਕ ਮੈਰਾਥਨ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ, ਮਹਾਨ ਫਲਸਫੇ ਅਤੇ ਸਰਬੱਤ ਦੇ ਭਲੇ ਦੀ ਵਿਚਾਰਧਾਰਾ ਨਾਲ ਜੋੜਨਾ ਸੀ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਮੈਰਾਥਨ ਵਿੱਚ ਸ਼ਾਮਲ ਹੋਏ ਨੌਜਵਾਨਾਂ ਦੇ ਭਰਵੇਂ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੈਰਾਥਨ ਵਿੱਚ ਭਾਗ ਲੈਣ ਵਾਲੇ ਬੱਚਿਆਂ ਅਤੇ ਨੌਜਵਾਨਾਂ ਦੀ ਗਿਣਤੀ ਉਨ੍ਹਾਂ ਦੀਆਂ ਉਮੀਦਾਂ ਨਾਲੋਂ ਤਿੰਨ ਗੁਣਾ ਵੱਧ ਰਹੀ, ਜੋ ਕਿ ਬੇਹੱਦ ਉਤਸ਼ਾਹਜਨਕ ਅਤੇ ਆਸ਼ਾਵਾਦੀ ਸੰਕੇਤ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦਾ ਸਿਹਤ ਪ੍ਰਤੀ ਜਾਗਰੂਕ ਹੋਣਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਅਜਿਹੇ ਉਪਰਾਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈਣਾ ਸਮਾਜ ਦੇ ਸੁਨਹਿਰੀ ਭਵਿੱਖ ਦਾ ਸੰਕੇਤ ਹੈ।
ਸਰਦਾਰ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਮਨੁੱਖੀ ਇਤਿਹਾਸ ਵਿੱਚ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਦੂਸਰੇ ਧਰਮਾਂ ਦੇ ਲਈ ਦਿੱਤੀ ਗਈ ਇੱਕ ਅਦੁੱਤੀ ਅਤੇ ਲਾਸਾਨੀ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਸਿਧਾਂਤਾਂ ਦੀ ਰੱਖਿਆ ਅਤੇ ਮਨੁੱਖਤਾ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਲਈ ਆਪਣਾ ਸੀਸ ਵਾਰ ਦਿੱਤਾ,, ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਸਮੁੱਚੀ ਸੰਸਾਰ ਭਰ ਨੂੰ ਨਿਡਰਤਾ, ਸਹਿਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦਾ ਸੰਦੇਸ਼ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੀ ਮੈਰਾਥਨ ਸਿਰਫ਼ ਸਰੀਰਕ ਤੰਦਰੁਸਤੀ ਨਾਲ ਸਬੰਧਤ ਗਤੀਵਿਧੀ ਨਹੀਂ, ਸਗੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਨਤਮਸਤਕ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦਾ ਇੱਕ ਸਾਰਥਕ ਉਪਰਾਲਾ ਵੀ ਹੈ। ਇੰਡੀਆ ਗੇਟ ਤੋਂ ਸ਼ੁਰੂ ਹੋਈ ਇਸ ਮੈਰਾਥਨ ਵਿੱਚ ਸ਼ਾਮਲ ਨੌਜਵਾਨ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਅਸ਼ੋਕਾ ਰੋਡ ਰਾਹੀਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਸਮਾਪਤ ਹੋਈ।
ਸਰਦਾਰ ਕਾਲਕਾ ਅਤੇ ਕਾਹਲੋਂ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਵਿੱਚ ਨਗਰ ਕੀਰਤਨ, ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਲਾਲ ਕਿਲ੍ਹੇ ਵਿਖੇ ਤਿੰਨ ਰੋਜ਼ਾ ਵਿਸ਼ਾਲ ਸਮਾਗਮ ਵੀ ਸ਼ਾਮਲ ਹਨ।
ਦੋਵੇਂ ਆਗੂਆਂ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਅਤੇ ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਸੇਵਾ, ਆਪਸੀ ਸਦਭਾਵਨਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇ।
ਉਨ੍ਹਾਂ ਕਿਹਾ ਕਿ ਮੈਰਾਥਨ ਵਰਗੇ ਨਿਵੇਕਲੇ ਉਪਰਾਲਿਆਂ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਨਵੀਂ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਲਈ ਉਤਸੁਕ ਹੈ। ਇਹ ਉਤਸ਼ਾਹ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਏਗਾ।
- Download Babushahi App
-
-