ਗੰਭੀਰ ਚੱਕਰਵਾਤੀ ਤੂਫ਼ਾਨ' ਦਾ ਖ਼ਤਰਾ: ਕਈ ਰਾਜਾਂ ਲਈ ਭਾਰੀ ਬਾਰਿਸ਼ ਦਾ ਅਲਰਟ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 25 ਅਕਤੂਬਰ, 2026 : ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੱਛਮੀ-ਮੱਧ ਬੰਗਾਲ ਦੀ ਖਾੜੀ ਵਿੱਚ ਇੱਕ 'ਬਹੁਤ ਗੰਭੀਰ ਚੱਕਰਵਾਤੀ ਤੂਫ਼ਾਨ' ਆਕਾਰ ਲੈ ਰਿਹਾ ਹੈ। ਇਸ ਤੂਫ਼ਾਨ ਦੇ ਚੱਲਦਿਆਂ ਅਗਲੇ ਤਿੰਨ ਦਿਨਾਂ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਨਾਜ਼ੁਕ ਹਾਲਾਤ ਨੂੰ ਦੇਖਦਿਆਂ ਸਬੰਧਤ ਸੂਬਾ ਸਰਕਾਰਾਂ ਵੱਲੋਂ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੀ ਹਦਾਇਤ ਕੀਤੀ ਗਈ ਹੈ ਅਤੇ ਆਮ ਜਨਤਾ ਨੂੰ ਵੀ ਲੋੜੀਂਦੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ 27 ਅਤੇ 28 ਅਕਤੂਬਰ ਨੂੰ ਤੱਟਵਰਤੀ ਆਂਧਰਾ ਪ੍ਰਦੇਸ਼, 28 ਅਕਤੂਬਰ ਨੂੰ ਓਡੀਸ਼ਾ ਅਤੇ ਤੇਲੰਗਾਨਾ, ਜਦਕਿ 28 ਅਤੇ 29 ਅਕਤੂਬਰ ਨੂੰ ਛੱਤੀਸਗੜ੍ਹ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ 29 ਅਕਤੂਬਰ ਨੂੰ ਪੂਰਬੀ ਮੱਧ ਪ੍ਰਦੇਸ਼ ਅਤੇ ਵਿਦਰਭ ਖੇਤਰਾਂ ਵਿੱਚ ਵੀ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ।
ਦੱਖਣੀ ਭਾਰਤ ਦੇ ਖੇਤਰਾਂ ਵਿੱਚ ਦੱਖਣ-ਪੂਰਬੀ ਅਰਬ ਸਾਗਰ ਅਤੇ ਨਾਲ ਲੱਗਦੇ ਕੇਰਲਾ ਤੱਟ 'ਤੇ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ 25 ਤੋਂ 27 ਅਕਤੂਬਰ ਦੌਰਾਨ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲਾ, ਮਾਹੇ ਅਤੇ ਲਕਸ਼ਦੀਪ ਵਿੱਚ ਭਾਰੀ ਮੀਂਹ ਅਤੇ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣ ਦਾ ਖ਼ਦਸ਼ਾ ਹੈ।
ਮੱਧ ਭਾਰਤ ਵਿੱਚ ਪੱਛਮੀ ਮੱਧ ਪ੍ਰਦੇਸ਼ ਵਿੱਚ 28 ਤੋਂ 31 ਅਕਤੂਬਰ ਤੱਕ ਅਤੇ ਛੱਤੀਸਗੜ੍ਹ ਵਿਖੇ ਵੱਖ-ਵੱਖ ਥਾਵਾਂ 'ਤੇ ਵਿਆਪਕ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਤੱਟਵਰਤੀ ਖੇਤਰਾਂ ਦੇ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ ਅਤੇ ਸਥਾਨਕ ਪ੍ਰਸ਼ਾਸਨ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।
- Download Babushahi App
-
-