ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ
12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਏਗਾ ਸੈਮੀਨਾਰ, ਹੋਰ ਵੱਖ-ਵੱਖ ਥਾਵਾਂ ’ਤੇ ਵੀ ਕਰਵਾਏ ਜਾਣਗੇ ਸੈਮੀਨਾਰ ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 26 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ’ਚ 20 ਫ਼ਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਕੀਤੇ ਜਾਣ ਵਾਲੇ ਧਾਰਮਿਕ ਸਮਾਗਮ, ਸੈਮੀਨਾਰ, ਕੀਰਤਨ ਦਰਬਾਰ ਅਤੇ ਉਨ੍ਹਾਂ ਦੇ ਜਨਮ ਅਸਥਾਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਕਰਤਾਰਪੁਰ (ਜਲੰਧਰ), ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰੂ ਨਾਨਕ ਕਾਲਜ ਬੁਡਲਾਡਾ, ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ, ਸ੍ਰੀ ਅੰਮ੍ਰਿਤਸਰ, ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਏ ਜਾਣਗੇ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਬੰਗਾ, ਗੁਰਦੁਆਰਾ ਸ੍ਰੀ ਨਂਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸੰਗ ਜੀ ਢੇਸੀਆ, ਗੁਰਦੁਆਰਾ ਸ਼ਹੀਦਾਂ ਮਾਹਲਪੁਰ, ਗੁਰਦੁਆਰਾ ਗਰਨਾ ਸਾਹਿਬ, ਗੁਰਦੁਆਰਾ ਸਾਹਿਬ ਬਜੀਦਪੁਰ ਅਤੇ ਹਿਮਾਚਲ ਪ੍ਰਦੇਸ਼ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣ ਸਬੰਧੀ ਵੀ ਵਿਚਾਰਾਂ ਹੋਈਆਂ।
ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ ਅਤੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦਾ ਫ਼ਰਵਰੀ ਮਹੀਨੇ ਦਾ ਅੰਕ ਭਗਤ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੋਵੇਗਾ। ਇਸੇ ਤਰ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਸਬੰਧੀ ਇਕ ਸੋਵੀਨਰ ਵੀ ਪ੍ਰਕਾਸ਼ਤ ਕੀਤਾ ਜਾਵੇਗਾ। ਸ. ਮੰਨਣ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਜਨਵਰੀ ਮਹੀਨੇ ਵਿਚ ਗੁਰਮਤਿ ਸਮਾਗਮ ਕਰਵਾ ਕੇ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਫ਼ਰਵਰੀ ਮਹੀਨੇ ਸ੍ਰੀ ਅੰਮ੍ਰਿਤਸਰ ਪਹੁੰਚ ਕੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਭਗਤ ਰਵਿਦਾਸ ਜੀ ਨਾਲ ਸਬੰਧਤ ਸਭਾ-ਸੁਸਾਇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ 17 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰਤਾ ਬੁਲਾਉਣ ਸਬੰਧੀ ਵੀ ਫੈਸਲਾ ਕੀਤਾ ਗਿਆ। ਇਸ ਇਕੱਤਰਤਾ ਵਿਚ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਵਿਚਾਰਾਂ ਕੀਤੀਆਂ ਜਾਣਗੀਆਂ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਕੇਵਲ ਸਿੰਘ ਬਾਦਲ, ਸ. ਬਲਬੀਰ ਸਿੰਘ ਘੁੰਨਸ, ਸ. ਅਵਤਾਰ ਸਿੰਘ ਰਿਆ, ਸ. ਹਰਪਾਲ ਸਿੰਘ ਜੱਲ੍ਹਾ, ਸ. ਬਲਵਿੰਦਰ ਸਿੰਘ ਭੰਮਾਂਲੰਡਾ, ਸ. ਗੁਰਨਾਮ ਸਿੰਘ ਜੱਸਲ, ਬਾਬਾ ਬੂਟਾ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਆਦਿ ਮੌਜੂਦ ਸਨ।
- Download Babushahi App
-
-