Mohali : ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ:
ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆ,ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਬੀਤੇ 29.10.2026 ਤੋਂ 28.12.2026 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 29.10.2026 ਤੋਂ 28.12.2026 ਤੱਕ ਲਾਗੂ ਰਹਿਣਗੇ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
- Download Babushahi App
-
-