ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਸੁਚੱਜਾ ਪ੍ਰਬੰਧਨ ਕਰਨ ਦੀ ਕੀਤੀ ਅਪੀਲ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ/ਡੇਰਾ ਬਾਬਾ ਨਾਨਕ, 1 ਨਵੰਬਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵੱਲੋਂ ਅੱਜ ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਨਾਨਕ ਚੱਕ, ਕਾਦੀਆਂ ਰਾਜਪੂਤਾਂ, ਸ਼ਾਹਪੁਰ ਜਾਜਨ, ਉਦੋਵਾਲੀ ਖੁਰਦ, ਜੋੜੀਆਂ ਖੁਰਦ ਅਤੇ ਧਰਮਕੋਟ ਰੰਧਾਵਾ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸ ਪੀ ਬਟਾਲਾ ਨਵਜੋਤ ਸਿੰਘ ਸੰਧੂ, ਐੱਸ ਡੀ ਐੱਮ ਡੇਰਾ ਬਾਬਾ ਨਾਨਕ ਲਛਮਣ ਸਿੰਘ ਅਤੇ ਸੁਖਬੀਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫਸਰ ਵੀ ਮੌਜੂਦ ਸਨ। ਇਸ ਮੌਕੇ ਰਸਤੇ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ ਨਾਲ ਬੁਝਾਇਆ ਵੀ ਗਿਆ।
ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਕਿਸਾਨਾਂ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਦੀ ਵਰਤੋਂ ਕਰਕੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਲਰਾਂ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਫਸਲ ਦੀ ਰਹਿੰਦ ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਅਗਾਂਹਵਧੂ ਕਿਸਾਨਾਂ ਵਲੋਂ ਪਰਾਲੀ ਦੀ ਸਾੜਨ ਦੀ ਬਜਾਇ ਉਸਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ, ਜੋ ਕੇ ਬਹੁਤ ਵਧੀਆ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ, ਉੱਥੇ ਹੀ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਬੇਲਰ ਮਾਲਕਾਂ ਵੱਲੋਂ ਇਕੱਠੀ ਕੀਤੀ ਗਈ ਪਰਾਲੀ ਦੇ ਡੰਪਾਂ ਦਾ ਦੌਰਾ ਵੀ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੇ ਇਨ੍ਹਾਂ ਡੰਪਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਕੱਠੀ ਕੀਤੀ ਗਈ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੁਪਰ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਕਣਕ ਦੀ ਕੀਤੀ ਜਾ ਰਹੀ ਬਿਜਾਈ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਐੱਸ ਡੀ ਐੱਮ ਲਛਮਣ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ, ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ, ਸਮੂਹ ਐੱਸ ਡੀ ਐੱਮਜ, ਪੁਲਿਸ ਅਧਿਕਾਰੀ ਅਤੇ ਖੇਤੀਬਾੜੀ ਆਦਿ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ ਪਿੰਡ ਜਾ ਕੇ ਪਰਾਲੀ ਸਾੜਨ ਰੋਕਣ ਦੇ ਰੁਝਾਨ 'ਤੇ ਠੱਲ ਪਾਈ ਗਈ ਹੈ ਅਤੇ ਕਿਸਾਨਾਂ ਵਲੋਂ ਵੀ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ।
- Download Babushahi App
-
-