ਓਲੰਪੀਅਨ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੇ ਸੁਰਜੀਤ ਹਾਕੀ ਸਟੇਡੀਅਮ ਪਹੁੰਚ ਕੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਖਿਡਾਰੀਆਂ ਦਾ ਵਧਾਇਆ ਹੌਸਲਾ
ਜਲੰਧਰ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਯੋਜਨ ਪੰਜਾਬ ਲਈ ਮਾਣ ਵਾਲੀ ਗੱਲ: ਪਰਗਟ ਸਿੰਘ
ਜਲੰਧਰ, 1 ਨਵੰਬਰ 2026
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਪਰਗਟ ਸਿੰਘ ਅੱਜ ਜਲੰਧਰ ਦੇ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਵਿਖੇ ਚੱਲ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਭਾਰਤੀ ਟੀਮ ਸਮੇਤ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ।
ਪਰਗਟ ਸਿੰਘ ਨੇ ਕਿਹਾ ਕਿ ਜਲੰਧਰ ਦੇ ਇਤਿਹਾਸਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਮੁਕਾਬਲਿਆਂ ਦਾ ਆਯੋਜਨ ਹੋਣਾ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਇਸ ਨਾਲ ਨਾ ਸਿਰਫ਼ ਪੰਜਾਬ ਵਿੱਚ ਹਾਕੀ ਨੂੰ ਉਤਸ਼ਾਹ ਮਿਲੇਗਾ, ਸਗੋਂ ਸਥਾਨਕ ਖਿਡਾਰੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਦੇਖਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਮੌਕਾ ਮਿਲੇਗਾ।
ਉਨ੍ਹਾਂ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਹਾਕੀ ਇੰਡੀਆ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਮੁਕਾਬਲਿਆਂ ਨਾਲ ਜਲੰਧਰ ਦੀ ਹਾਕੀ ਨਾਲ ਜੁੜੀ ਪਛਾਣ ਅਤੇ ਵਿਰਾਸਤ ਨੂੰ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਖੇਡ ਭਾਵਨਾ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਾਕੀ ਪ੍ਰੇਮੀਆਂ ਦਾ ਦਿਲ ਜਿੱਤਣ।
ਇਸ ਮੌਕੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਾਕੀ ਇੰਡੀਆ ਦੇ ਅਹੁਦੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
- Download Babushahi App
-
-