Political Special-ਭਾਜਪਾ ਦੀ ‘ਸਿਆਸੀ ਵਾਸ਼ਿੰਗ ਮਸ਼ੀਨ’ ਬਣੀ ਦਲ ਬਦਲੂ ਨੇਤਾਵਾਂ ਦੀ ਪਹਿਲੀ ਪਸੰਦ
ਅਸ਼ੋਕ ਵਰਮਾ
ਬਠਿੰਡਾ , 03 ਨਵੰਬਰ 2026 : ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ , ਵਿਰੋਧੀ ਧਿਰ ਕਾਂਗਰਸ ਅਤੇ ਸ਼ੋਮਣੀ ਅਕਾਲੀ ਦਲ ਦੇ ਆਗੂਆਂ ਦੇ ਭਾਰਤੀ ਜਨਤਾ ਪਾਰਟੀ ਵੱਲ ਵਧ ਰਹੇ ਰੁਝਾਨ ਤੋਂ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜੀ ਹੋਈ ਹੈ। ਹਾਲਾਂਕਿ 7 ਰਾਜ ਸਭਾ ਮੈਂਬਰਾਂ ਤੋਂ ਸਿਵਾਏ ਅਜਿਹੇ ‘ਆਪ’ ਆਗੂਆਂ ਦੀ ਕਤਾਰ ਕੋਈ ਜਿਆਦਾ ਲੰਬੀ ਨਹੀਂ ਹੈ ਪਰ ਜਿਸ ਤਰਾਂ ਕਾਂਗਰਸ ਦੇ ਨੇਤਾ ਅੱਗੜ ਪਿੱਛੜ ਵਹੀਰਾਂ ਘੱਤਕੇ ਭਾਜਪਾ ’ਚ ਸ਼ਾਮਲ ਹੋਏ ਹਨ ਉਸ ਨਾਲ ਲੋਕ ਸਭਾ ਚੋਣਾਂ ਤੋਂ ਬਾਅਦ ਧੜਿਆਂ ’ਚ ਵੰਡੀ ਕਾਂਗਰਸੀ ਲੀਡਰਸ਼ਿਪ ਦੀ ਕਾਰਗੁਜ਼ਾਰੀ ਅਤੇ ਸਿਆਸੀ ਕਾਰਜਕੁਸ਼ਲਤਾ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਤੋਂ ਇਹ ਤੱਥ ਵੀ ਸਾਹਮਣੇ ਆਉਂਦੇ ਹਨ ਕਿ ਬਹੁਤੇ ਸਿਆਸੀ ਆਗੂਆਂ ਵੱਲੋਂ ਨਿਰਾਸ਼ਾ ਦੇ ਆਲਮ ਵਿੱਚ ਭਾਜਪਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਦੋਂਕਿ ਸੂਬੇ ’ਚ ਡਿੱਕਡੋਲੇ ਖਾਂਦੀ ਬੀਜੇਪੀ ਨੂੰ ਤਾਜ਼ਾ ਰਾਜਨੀਤਕ ਹਾਲਾਤ ਰਾਸ ਆ ਰਹੇ ਹਨ।
ਹਾਲਾਂਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਇਸ ਰੁਝਾਨ ਨੂੰ ਠੱਲ੍ਹ ਪਈ ਹੈ ਪਰ ਪਿਛੋਕੜ ’ਚ ਕਾਂਗਰਸ ਛੱਡਣ ਵਾਲੇ ਆਗੂਆਂ ਦਾ ਰੁਤਬਾ ਵੱਡਾ ਹੈ। ਜਿਕਰਯੋਗ ਤੱਥ ਇਹ ਵੀ ਹੈ ਕਿ ਕਾਂਗਰਸ ਨੂੰ ਛੱਡਕੇ ਜਾਣ ਵਾਲਿਆਂ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਕਾਂਗਰਸੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਪ੍ਰਨੀਤ ਕੌਰ , ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ , ਸਾਬਕਾ ਵਿਧਾਇਕ ਕੇਵਲ ਢਿੱਲੋਂ ਅਤੇ ਫਤਿਹ ਜੰਗ ਸਿੰਘ ਬਾਜਵਾ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕਈ ਆਗੂ 2022 ਵਿੱਚ ਅਤੇ ਕੱੁਝ 2023 ਤੋਂ 2026 ਦਰਮਿਆਨ ਭਾਜਪਾ ਵਿੱਚ ਸ਼ਾਮਲ ਹੋਏ ਸਨ। ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ , ਸੁੰਦਰ ਸ਼ਾਮ ਅਰੋੜਾ ਅਤੇ ਰਾਜ ਕੁਮਾਰ ਵੇਰਕਾ ਵੀ ਭਾਜਪਾ ’ਚ ਸ਼ਾਮਲ ਹੋਏ ਸਨ ਪਰ ਘਰ ਵਾਪਿਸੀ ਕਰ ਲਈ ਸੀ।
ਇਸੇ ਤਰਾਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਦਰਜਨ ਤੋਂ ਵੱਧ ਵੱਡੇ ਆਗੂਆਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ ਸੀ। ਬਠਿੰਡਾ ਸ਼ਹਿਰੀ ਹਲਕੇ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ, ਸਾਬਕਾ ਜਰਨਲ ਸਕੱਤਰ ਰਵੀਕਰਨ ਸਿੰਘ ਕਾਹਲੋਂ , ਇਸਤਰੀ ਅਕਾਲੀ ਦਲ ਦੀ ਸਾਬਕਾ ਕੌਮੀ ਜਰਨਲ ਸਕੱਤਰ ਅਮਨਜੋਤ ਕੌਰ ਰਾਮੂਵਾਲੀਆ ਅਤੇ ਸਾਬਕਾ ਵਿਧਾਇਕ ਮਹਿੰਦਰ ਕੌਰ ਜੋਸ਼ ਸਮੇਤ ਹੋਰ ਵੀ ਕਈ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ ਹੋਏ ਸਨ। ਇਸੇ ਲੜੀ ’ਚ ਆਮ ਆਦਮੀ ਪਾਰਟੀ ਦੇ ਜਲੰਧਰ ਹਲਕੇ ਤੋਂ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ , ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ , ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਅਤੇ ਸਾਬਕਾ ਵਿਧਾਇਕ ਤੇ ਸੁਪਰੀਮ ਕੋਰਟ ਦੇ ਸੀਨਅਰ ਵਕੀਲ ਐਚ. ਐਸ ਫੂਲਕਾ ਹਨ ਜਦੋਂਕਿ ਤਾਜਾ ਮਾਮਲਾ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦਾ ਹੈ।
ਦਿਲਚਸਪ ਗੱਲ ਇਹ ਵੀ ਹੈ ਕਿ ਪੰਜਾਬ ਦੀ ਸੱਤਾ ’ਤੇ ਗੱਠਜੋੜ ਤਹਿਤ ਲਗਾਤਾਰ ਇੱਕ ਦਹਾਕਾ ਕਾਬਜ਼ ਰਹਿਣ ਤੋਂ ਬਾਅਦ ਤਿੰਨ ਖੇਤੀ ਕਾਨੂੰਨਾਂ ( ਜੋ ਹੁਣ ਰੱਦ ਹਨ) ਕਾਰਨ ਭਾਜਪਾ ਲਈ ਮੁਸ਼ਕਿਲਾਂ ਭਰਿਆ ਦੌਰ ਮੰਨਿਆ ਜਾਂਦਾ ਹੈ। ਜਿਕਰੇ ਖਾਸ ਇਹ ਵੀ ਹੈ ਕਿ ਕਿਸਾਨੀ ਵਿਰੋਧ ਕਾਰਨ ਭਾਜਪਾ ਜ਼ਮੀਨੀ ਪੱਧਰ ’ਤੇ ਪੈਰ ਲਾਉਣ ਵਿੱਚ ਸਖ਼ਤ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ‘ਕਮਲ ਦਾ ਫੁੱਲ ਫੜਨਾ ਜਾਣਾ ਕਿਸੇ ਹੱਦ ਤੱਕ ਪੰਜਾਬ ਦੀ ਸੱਤਾ ’ਤੇ ਕਾਬਜ ਹੋਣ ਲਈ ਭਾਜਪਾ ਦਾ ਰਣਨੀਤਕ ਪੈਂਤੜਾ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕੇਂਦਰ ’ਚ ਤੀਸਰੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਨ ਅਤੇ ਬੰਗਾਲ ਚੋਣਾਂ ’ਚ ਜਿੱਤ ਨਾਲ ਸਿਰਜੇ ਮਹੌਲ ਕਾਰਨ ਦਰਜਨ ਦੇ ਕਰੀਬ ਕਾਂਗਰਸੀ ਅਤੇ ਲੱਗਭਗ ਏਨੇ ਹੀ ‘ਆਪ’ ਆਗੂਆਂ ਨੇ ਭਾਜਪਾ ਦਾ ਪੱਲਾ ਫੜਨ ਨੂੰ ਤਰਜੀਹ ਦਿੱਤੀ ਹੈ।
ਸੱਤਾ ਦੀ ਲਾਲਸਾ ਦਾ ਸਿੱਟਾ
ਜਮਹੂਰੀ ਅਧਿਕਾਰ ਸਭਾ ਦੇ ਆਗੂ ਡਾ ਅਜੀਤਪਾਲ ਸਿੰਘ ਦਾ ਕਹਿਣਾ ਸੀ ਕਿ ਅਸਲ ਵਿੱਚ ਨੇਤਾਵਾਂ ਦਾ ਇੱਕ ਇੱਕ ਮਕਸਦ ਹਰ ਹੀਲੇ ਸੱਤਾ ’ਤੇ ਕਾਬਜ ਹੋਣਾ ਰਹਿ ਗਿਆ ਹੈ ਜਿਸ ਲਈ ਉਹ ਕਿਸੇ ਹੱਦ ਤੱਕ ਜਾਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਅੱਥਰੀਆਂ ਲਾਲਸਾਵਾਂ ਕਾਰਨ ਹੀ ਹਰ ਰੰਗ ਦੀਆਂ ਸਿਆਸੀ ਪਾਰਟੀਆਂ ਨੂੰ ਲੋਕ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਰਹਿ ਗਿਆ ਹੈ।
ਪਾਰਟੀ ਨੀਤੀਆਂ ਦਾ ਪ੍ਰਭਾਵ : ਸਰੀਨ
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸੀਨੀਅਰ ਆਗੂ ਅਨਿਲ ਸਰੀਨ ਦਾ ਕਹਿਣਾ ਹੈ ਕਿ ਜਿਹੜੇ ਆਗੂਆਂ ਨੇ ਬੀਜੇਪੀ ਵਿੱਚ ਸ਼ਮੂਲੀਅਤ ਕੀਤੀ ਹੈ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀਆਂ ਨੀਤੀਆਂ ਨੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਾਉਣ ਵਾਲੇ ਦਿਨਾਂ ਦੌਰਾਨ ਹੋਰ ਵੀ ਆਗੂ ਭਾਜਪਾ ’ਚ ਸ਼ਾਮਲ ਹੋਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਇਹ ਵੀ ਸਮਝ ਗਏ ਹਨ ਕਿ ਸੂਬੇ ’ਚ ਨਸ਼ੇ ਅਤੇ ਗੈਂਗਸਟਰਵਾਦ ਵਰਗੀਆਂ ਸਮੱਸਿਆਵਾਂ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ ਜਿਸ ਕਰਕੇ ਵੀ ਇਹ ਰੁਝਾਨ ਬਣਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀਆਂ ਅੰਦਰ ਢੁੱਕਵੀਂ ਥਾਂ ਨਹੀਂ ਮਿਲੀ ਜਿਸ ਕਰਕੇ ਉਨ੍ਹਾਂ ਨੇ ਭਾਜਪਾ ਦਾ ਲੜ ਫੜਨਾ ਹੀ ਬਿਹਤਰ ਸਮਝਿਆ ਹੈ।
- Download Babushahi App
-
-