ਬੰਦੀ ਛੋੜ ਦਿਵਸ ਨੂੰ ਸਮਰਪਿਤ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ ਅਤੇ ਮਹੱਲੇ ਦੀਆਂ ਤਿਆਰੀਆਂ ਆਰੰਭ
ਅੰਮ੍ਰਿਤਸਰ ਸਾਹਿਬ:- 06 ਨਵੰਬਰ 2026 ਸਿੱਖ ਕੌਮ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਵਿਖੇ ਧਾਰਮਿਕ ਸਮਾਗਮਾਂ ਅਤੇ ਖ਼ਾਲਸਾਈ ਰਵਾਇਤਾਂ ਅਨੁਸਾਰ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਦਿਹਾੜਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਆਪਣੀ ਰਿਹਾਈ ਸਮੇਂ ਆਪਣੇ ਨਾਲ ਕੈਦ 52 ਹਿੰਦੂ ਰਾਜਿਆਂ ਨੂੰ ਵੀ ਰਿਹਾਅ ਕਰਵਾਇਆ ਸੀ। ਗੁਰੂ ਸਾਹਿਬ ਜੀ ਦੇ ਇਸ ਮਹਾਨ ਪਰਉਪਕਾਰ ਅਤੇ ਨਿਆਂ, ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਸੰਦੇਸ਼ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ ਇਹ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਪਾਵਨ ਦਿਹਾੜੇ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੀਆਂ ਹਨ।
ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ 6 ਤਾਰੀਖ਼ ਨੂੰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। 8 ਤਾਰੀਖ਼ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਧਾਰਮਿਕ ਸ਼ਖ਼ਸੀਅਤਾਂ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ ਅਤੇ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੀਆਂ।
ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸਿੱਖ ਪੰਥ ਦੀਆਂ ਪੁਰਾਤਨ ਰਵਾਇਤਾਂ ਅਤੇ ਮਰਿਆਦਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਵੇਗੀ। ਇਸ ਉਪਰੰਤ ਖ਼ਾਲਸਾ ਪੰਥ ਵੱਲੋਂ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਧਿਆ ਸਮੇਂ ਦਸਮ ਪਾਤਸ਼ਾਹ ਜੀ ਦੀ ਪਾਵਨ ਬਾਣੀ ਦੇ ਸਵੱਈਆਂ ਦਾ ਜਾਪ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ 9 ਤਾਰੀਖ਼ ਨੂੰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਖ਼ਾਲਸਾ ਪੰਥ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਹੇਠ ਸਮੁੱਚੇ ਨਿਹੰਗ ਸਿੰਘ ਤਰਨਾ ਦਲ ਵੱਲੋਂ ਵਿਸ਼ਾਲ ਮਹੱਲਾ ਸਜਾਇਆ ਜਾਵੇਗਾ। ਇਸ ਮਹੱਲੇ ਵਿੱਚ ਨਿਹੰਗ ਸਿੰਘਾਂ ਵੱਲੋਂ ਘੋੜ-ਦੌੜਾਂ, ਨੇਜ਼ਾਬਾਜ਼ੀ, ਸ਼ਸਤਰ ਵਿਦਿਆ ਅਤੇ ਗਤਕੇ ਦੇ ਜੌਹਰ ਵਿਖਾਏ ਜਾਣਗੇ। ਖ਼ਾਲਸਾਈ ਰਵਾਇਤਾਂ ਦੇ ਪ੍ਰਤੀਕ ਇਹ ਜੰਗਜੂ ਕਰਤੱਬ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਸਿੱਖ ਕੌਮ ਦੀ ਪੁਰਾਤਨ ਵਿਰਾਸਤ, ਬਹਾਦਰੀ, ਸੂਰਬੀਰਤਾ ਤੇ ਸ਼ਸਤਰ ਕਲਾ ਦੀ ਅਮੀਰ ਪਰੰਪਰਾ ਨੂੰ ਉਜਾਗਰ ਕਰਨਗੇ। ਬਾਬਾ ਬਲਬੀਰ ਸਿੰਘ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਛੋੜ ਦਿਵਸ ਦੇ ਇਨ੍ਹਾਂ ਪਵਿੱਤਰ ਸਮਾਗਮਾਂ ਅਤੇ ਮਹੱਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਖ਼ਾਲਸਾਈ ਰਵਾਇਤਾਂ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਦੇ ਪਾਤਰ ਬਣਨ।
ਸ੍ਰੀ ਅਖੰਡ ਪਾਠ ਸਾਹਿਬ ਅਰੰਭਤਾ ਸਮੇਂ ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਮੱਘਰ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬ ਮਨੋਜ ਸਿੰਘ, ਸ. ਸਾਹਿਬ ਸਿੰਘ ਆਦਿ ਹਾਜ਼ਰ ਸਨ।
- Download Babushahi App
-
-