ਬਠਿੰਡਾ ਦੀਆਂ ਮੰਡੀਆਂ 'ਚ 10.55 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਚੋਂ 8.83 ਲੱਖ ਮੀਟ੍ਰਿਕ ਟਨ ਖਰੀਦਿਆ
ਕਿਸਾਨਾਂ ਨੂੰ ਹੁਣ ਤੱਕ 1,938.61 ਕਰੋੜ ਰੁਪਏ ਦੀ ਫ਼ਸਲ ਅਦਾਇਗੀ
ਅਸ਼ੋਕ ਵਰਮਾ
ਬਠਿੰਡਾ, 7 ਨਵੰਬਰ 2026 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 10,55,430 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 8,83,504 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਇੱਕ ਦਿਨ ਵਿੱਚ ਮੰਡੀਆਂ ਵਿੱਚ 61,001 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਖ਼ਰੀਦ ਏਜੰਸੀਆਂ ਵੱਲੋਂ 62,574 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੀ ਲਿਫਟਿੰਗ ਵਿੱਚ ਵੀ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। ਹੁਣ ਤੱਕ ਸਰਕਾਰੀ ਏਜੰਸੀਆਂ ਵੱਲੋਂ ਕੁੱਲ 6,36,714 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 90 ਫ਼ੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ 6 ਨਵੰਬਰ ਨੂੰ ਇੱਕ ਦਿਨ ਵਿੱਚ 47,864 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ਲਗਾਤਾਰ ਕੀਤੀ ਜਾ ਰਹੀ ਹੈ। 6 ਨਵੰਬਰ ਨੂੰ ਕਿਸਾਨਾਂ ਨੂੰ 147.84 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 1,938.61 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਨਿਰਵਿਘਨ ਖ਼ਰੀਦ, ਸਮੇਂ ਸਿਰ ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲਗਾਤਾਰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।
- Download Babushahi App
-
-