ਵੱਡੀ ਖ਼ਬਰ: ਸਾਬਕਾ ਮੰਤਰੀ ਭੁੱਲਰ ਦਾ ਐਲਾਨ, ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣ
Babushahi Network
ਚੰਡੀਗੜ੍ਹ, 10 ਨਵੰਬਰ 2026: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ & MLA ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਇਸ ਫ਼ੈਸਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਇੱਕ ਖ਼ਾਸ ਪੋਸਟ ਸਾਂਝੀ ਕਰਦਿਆਂ ਦਿੱਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਉਹ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੱਟੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਨਹੀਂ ਉਤਰਨਗੇ।
ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਭੁੱਲਰ ਨੇ ਲਿਖਿਆ ਕਿ ਉਨ੍ਹਾਂ ਨੂੰ ਲਗਾਤਾਰ ਇਹ ਸੁਨੇਹੇ ਅਤੇ ਜਾਣਕਾਰੀ ਮਿਲ ਰਹੀ ਸੀ ਕਿ ਪੱਟੀ ਹਲਕੇ ਦੇ ਨਿਵਾਸੀ ਅਤੇ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਵਾਰ ਫਿਰ ਚੋਣ ਲੜਦਿਆਂ ਦੇਖਣਾ ਚਾਹੁੰਦੇ ਹਨ। ਹਾਲਾਂਕਿ, ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹੋਏ ਆਪਣਾ ਚੋਣ ਨਾ ਲੜਨ ਦਾ ਨਿੱਜੀ ਫ਼ੈਸਲਾ ਜਨਤਕ ਕਰਨ ਦਾ ਰਾਹ ਚੁਣਿਆ।
ਪੱਟੀ ਹਲਕੇ ਦੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਲਾਲਜੀਤ ਭੁੱਲਰ ਨੇ ਕਿਹਾ ਕਿ ਹਲਕੇ ਦੇ ਨਿਵਾਸੀਆਂ ਨੇ ਉਨ੍ਹਾਂ ਨੂੰ ਜੋ ਬੇਅੰਤ ਪਿਆਰ, ਮਾਣ-ਸਤਿਕਾਰ ਅਤੇ ਸਹਿਯੋਗ ਦਿੱਤਾ ਹੈ, ਉਸ ਲਈ ਉਹ ਸਾਰੀ ਉਮਰ ਲੋਕਾਂ ਦੇ ਰਿਣੀ ਰਹਿਣਗੇ। ਉਨ੍ਹਾਂ ਆਖਿਆ ਕਿ ਔਖੇ ਅਤੇ ਸੁਖਾਲੇ ਹਰ ਮੋੜ 'ਤੇ ਜਿਨ੍ਹਾਂ ਸਾਥੀਆਂ ਅਤੇ ਆਮ ਲੋਕਾਂ ਨੇ ਉਨ੍ਹਾਂ ਦਾ ਡਟ ਕੇ ਸਾਥ ਦਿੱਤਾ, ਉਹ ਸਾਰੇ ਉਨ੍ਹਾਂ ਦੇ ਦਿਲ ਦੇ ਬਹੁਤ ਨਜ਼ਦੀਕ ਹਨ ਅਤੇ ਹਮੇਸ਼ਾ ਸਤਿਕਾਰਯੋਗ ਰਹਿਣਗੇ।
- Download Babushahi App
-
-